ਗੁਰੂ ਨਾਨਕ ਖ਼ਾਲਸਾ ਕਾਲਜ ’ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Sun, 03 May 2026 09:53 PM (IST)
Updated Date: Mon, 04 May 2026 04:17 AM (IST)

- ਕਾਲਜ ਮੈਗਜ਼ੀਨ ‘ਨਿਰਮਲ-ਧਾਰਾ’ ਰਿਲੀਜ਼ ਕੀਤਾ ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ ਆਦਮਪੁਰ : ਗੁਰੂ ਨਾਨਕ ਖਾਲਸਾ ਕਾਲਜ, ਡਰੋਲੀ ਕਲਾਂ ’ਚ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਉਤਸ਼ਾਹ ਅਤੇ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਸਮਾਗਮ ਦੇ ਕੋਆਰਡੀਨੇਟਰ ਸੀਨੀਅਰ ਪ੍ਰੋਫੈਸਰ ਡਾ. ਰਚਨਾ ਤੁਲੀ ਸਨ, ਜਦਕਿ ਸਟੇਜ ਸਕੱਤਰ ਦੀ ਭੂਮਿਕਾ ਡਾ. ਰਕੇਸ਼ ਬਾਵਾ ਅਤੇ ਡਾ. ਰਵਿੰਦਰ ਕੌਰ ਨੇ ਨਿਭਾਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਆਦਮਪੁਰ ਤੋਂ ਮੈਂਬਰ ਬੀਬੀ ਦਵਿੰਦਰ ਕੌਰ ਕਾਲਰਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਸਮਾਗਮ ਦੌਰਾਨ ਕਾਲਜ ਦੇ ਵੱਖ-ਵੱਖ ਵਿਦਿਅਕ ਕੋਰਸਾਂ ਵਿੱਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ, ਖੇਡਾਂ, ਐੱਨਐੱਸਐੱਸ, ਐੱਨਸੀਸੀ, ਵਧੀਆ ਹਾਜ਼ਰੀ ਤੇ ਲਾਇਬ੍ਰੇਰੀ ਗਤੀਵਿਧੀਆਂ ’ਚ ਉਤਕ੍ਰਿਸ਼ਟ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦਾ ਲੜੀਵਾਰ ਮੈਗਜ਼ੀਨ “ਨਿਰਮਲ-ਧਾਰਾ” ਬੀਬੀ ਦਵਿੰਦਰ ਕੌਰ ਕਾਲਰਾ ਵੱਲੋਂ ਰਿਲੀਜ਼ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ, ਜਿਸ ਤੋਂ ਬਾਅਦ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਇਨਾਮ ਵੰਡ ਦੌਰਾਨ ਬੀਬੀ ਦਵਿੰਦਰ ਕੌਰ ਕਾਲਰਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਇਹ ਪ੍ਰਾਪਤੀ ਮਾਪਿਆਂ ਅਤੇ ਅਧਿਆਪਕਾਂ ਦੋਵਾਂ ਦੀ ਮਿਹਨਤ ਦਾ ਨਤੀਜਾ ਹੈ। ਅੰਤ ’ਚ ਡਾ. ਰਚਨਾ ਤੁਲੀ ਨੇ ਸਮੂਹ ਸਟਾਫ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵਿੱਚ ਵਿਸ਼ੇਸ਼ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ।