- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਦਿਹਾਤੀ ਪੁਲਿਸ ਨੇ ਅਮਰੀਕਾ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ .30 ਬੋਰ ਪਿਸਤੌਲ, ਪੰਜ ਜ਼ਿੰਦਾ ਕਾਰਤੂਸ ਅਤੇ ਮਹਿੰਦਰਾ ਥਾਰ ਬਰਾਮਦ ਕੀਤੀ ਹੈ।

ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਜਲੰਧਰ ਦਿਹਾਤੀ ਪੁਲਿਸ ਨੇ ਅਮਰੀਕਾ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ .30 ਬੋਰ ਪਿਸਤੌਲ, ਪੰਜ ਜ਼ਿੰਦਾ ਕਾਰਤੂਸ ਅਤੇ ਮਹਿੰਦਰਾ ਥਾਰ ਬਰਾਮਦ ਕੀਤੀ ਹੈ। ਇਸ ਮਾਮਲੇ ’ਚ 48 ਘੰਟਿਆਂ ਅੰਦਰ ਇਹ ਦੂਜੀ ਗ੍ਰਿਫ਼ਤਾਰੀ ਹੈ।
ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ 20 ਸਾਲਾ ਮਨਪ੍ਰੀਤ ਸਿੰਘ ਉਰਫ਼ ਮੱਪੀ, ਵਾਸੀ ਪਿੰਡ ਗੁਲਾਬਪੁਰ, ਥਾਣਾ ਬਲਾਚੌਰ, ਜ਼ਿਲ੍ਹਾ ਐੱਸਬੀਐੱਸ ਨਗਰ ਵਜੋਂ ਹੋਈ ਹੈ। ਪਹਿਲਾਂ ਗ੍ਰਿਫ਼ਤਾਰ ਮੁੱਖ ਮੁਲਜ਼ਮ ਪ੍ਰਭਦੀਪ ਸਿੰਘ ਉਰਫ਼ ਪ੍ਰਭ ਤੋਂ ਪੁੱਛਗਿੱਛ ਦੌਰਾਨ ਮਨਪ੍ਰੀਤ ਦੀ ਸ਼ਮੂਲੀਅਤ ਸਾਹਮਣੇ ਆਈ ਸੀ।
ਐੱਸਪੀ ਇਨਵੈਸਟੀਗੇਸ਼ਨ ਵਿਨੀਤ ਅਹਲਾਵਤ, ਡੀਐੱਸਪੀ ਨਕੋਦਰ ਸਰਵਣ ਸਿੰਘ ਬੱਲ ਅਤੇ ਡੀਐੱਸਪੀ ਡਿਟੈਕਟਿਵ ਲਖਵਿੰਦਰ ਸਿੰਘ ਦੀ ਨਿਗਰਾਨੀ ਹੇਠ ਸੀਆਈਏ ਸਟਾਫ਼ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਦੀ ਟੀਮ ਨੇ ਤਕਨੀਕੀ ਨਿਗਰਾਨੀ ਤੇ ਖੁਫ਼ੀਆ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਟਰੇਸ ਕੀਤਾ। ਐੱਸਬੀਐੱਸ ਨਗਰ ਨੇੜੇ ਨਾਕਾਬੰਦੀ ਦੌਰਾਨ ਥਾਰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਹਥਿਆਰ ਤੇ ਕਾਰਤੂਸ ਮਿਲੇ।
ਐੱਸਐੱਸਪੀ ਅਨੁਸਾਰ ਅਮਰੀਕਾ ’ਚ ਰਹਿੰਦੇ ਹੈਂਡਲਰ ਨਵਜੋਤ ਸਿੰਘ ਉਰਫ਼ ਗੈਰੀ ਸਮੇਤ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨਸ਼ਾ ਤਸਕਰੀ ਦੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਦੀ ਪਛਾਣ ਲਈ ਨੈੱਟਵਰਕ ਦੇ ਵਿੱਤੀ ਲੈਣ-ਦੇਣ ਦੀ ਵੀ ਜਾਂਚ ਕਰ ਰਹੀ ਹੈ।
ਥਾਣਾ ਸਦਰ ਨਕੋਦਰ ’ਚ ਦਰਜ ਕੇਸ ਨੰਬਰ 342 ’ਚ ਹੁਣ ਤੱਕ 12 ਕਿਲੋ ਹੈਰੋਇਨ, ਪੰਜ ਪਿਸਤੌਲ, 10 ਜ਼ਿੰਦਾ ਕਾਰਤੂਸ ਅਤੇ ਦੋ ਵਾਹਨ ਬਰਾਮਦ ਹੋਏ ਹਨ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ।