ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ
ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ
Publish Date: Fri, 06 Feb 2026 07:49 PM (IST)
Updated Date: Fri, 06 Feb 2026 07:50 PM (IST)

-ਨੌਜਵਾਨਾਂ ਲਈ ਵਿਰਸਾ ਵਿਹਾਰ ‘ਚ ਸ਼ੁਰੂ ਕੀਤੀਆਂ ਜਾਣਗੀਆਂ ਸੰਗੀਤ, ਡਾਂਸ ਤੇ ਥੀਏਟਰ ਕਲਾਸਾਂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਉਸਾਰੂ ਤੇ ਰਚਨਾਤਮਕ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ ਤੇ ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਵਿਰਸਾ ਵਿਹਾਰ, ਜਲੰਧਰ ’ਚ ਸੰਗੀਤ, ਡਾਂਸ ਤੇ ਥੀਏਟਰ ਕਲਾਸਾਂ ਸ਼ੁਰੂ ਕਰਨ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ ਨੂੰ ਪਹਿਲੀ ਮਾਰਚ ਤੋਂ ਸੰਗੀਤ, ਡਾਂਸ ਤੇ ਥੀਏਟਰ ਕਲਾਸਾਂ ਸ਼ੁਰੂ ਕਰਨ ਲਈ ਪੂਰੀ ਸਰਗਰਮੀ ਨਾਲ ਤਿਆਰੀਆਂ ਤੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਕਲਚਰਲ ਤੇ ਲਿਟਰੇਰੀ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜਲੰਧਰ ਕਲਾ ਤੇ ਸੱਭਿਆਚਾਰ ਦਾ ਕੇਂਦਰ ਰਿਹਾ ਹੈ, ਜਿਸ ਨੂੰ ਹੋਰ ਉਤਸ਼ਾਹਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਸੁਸਾਇਟੀ ਦੇ ਮੈਂਬਰਾਂ ਨੇ ਵੀ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਇਸ ਪਹਿਲਕਦਮੀ ‘ਤੇ ਸਹਿਮਤੀ ਪ੍ਰਗਟ ਕੀਤੀ। ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕਲਾਸਾਂ ਲਈ ਬਾਕਾਇਦਾ ਤਜਰਬੇਕਾਰ ਤੇ ਮਾਹਰ ਇੰਸਟਰਕਟਰਾਂ ਦੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਸਿਖਿਆਰਥੀਆਂ ਨੂੰ ਉੱਚ ਮਿਆਰੀ ਸਿਖ਼ਲਾਈ ਪ੍ਰਦਾਨ ਕੀਤੀ ਸਕੇ। ਉਨ੍ਹਾਂ ਕਿਹਾ ਕਿ ਕਲਾਸਾਂ ਸਵੇਰੇ ਤੇ ਸ਼ਾਮ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਚਲਾਈਆਂ ਜਾਣ, ਜਿਸ ਨਾਲ ਨੌਜਵਾਨਾਂ ਨੂੰ ਆਪਣੀ ਸੁਵਿਧਾ ਅਨੁਸਾਰ ਭਾਗ ਲੈਣ ਦਾ ਮੌਕਾ ਮਿਲ ਸਕੇਗਾ। ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਲਾਸਾਂ ਲਈ ਲੋੜੀਂਦੇ ਸੰਗੀਤਕ ਸਾਜ਼, ਉਪਕਰਣ ਤੇ ਹੋਰ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਪਹਿਲਾਂ ਹੀ ਨੇਪਰੇ ਚਾੜ੍ਹ ਲਿਆ ਜਾਵੇ ਤਾਂ ਜੋ ਕਲਾਸਾਂ ਨਿਰਧਾਰਿਤ ਸਮੇਂ ਅਨੁਸਾਰ ਸ਼ੁਰੂ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ, ਸੱਭਿਆਚਾਰ ਤੇ ਕਲਾ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰਲੇ ਹੁਨਰ ਨੂੰ ਨਿਖਾਰਣ ’ਚ ਅਹਿਮ ਭੂਮਿਕਾ ਨਿਭਾਵੇਗੀ। ਮੀਟਿੰਗ ਦੌਰਾਨ ਵਿਰਸਾ ਵਿਹਾਰ ’ਚ ਸਥਿਤ ਆਡੀਟੋਰੀਅਮ ਦੇ ਨਵੀਨੀਕਰਨ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਡੀਟੋਰੀਅਮ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ, ਤਾਂ ਜੋ ਭਵਿੱਖ ’ਚ ਸੱਭਿਆਚਾਰਕ ਪ੍ਰੋਗਰਾਮ, ਨਾਟਕ, ਸੰਗੀਤਕ ਸਮਾਗਮ ਤੇ ਹੋਰ ਕਲਾਤਮਕ ਗਤੀਵਿਧੀਆਂ ਸੁਚੱਜੇ ਢੰਗ ਨਾਲ ਕਰਵਾਈਆਂ ਜਾ ਸਕਣ। ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਉਸਾਰੂ ਮਾਹੌਲ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਇਹ ਪਹਿਲ ਜ਼ਿਲ੍ਹੇ ਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਤੇ ਉਨ੍ਹਾਂ ਨੂੰ ਸਕਾਰਾਤਮਕ ਦਿਸ਼ਾ ਵੱਲ ਪ੍ਰੇਰਿਤ ਕਰਨ ’ਚ ਮਦਦਗਾਰ ਸਾਬਿਤ ਹੋਵੇਗੀ। ਮੀਟਿੰਗ ਦੌਰਾਨ ਵਿਰਸਾ ਵਿਹਾਰ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।