ਨਸ਼ਿਆਂ ਦਾ ਜਾਲ ਪਿੰਡਾਂ ਤੱਕ ਫੈਲਿਆ : ਦੱਤਾ
ਇਕ ਹੋਰ ਨੌਜਵਾਨ ਨਸ਼ਿਆਂ ਦੀ ਭੇਟ ਮਾਨ ਸਰਕਾਰ ਦੇ ਦਾਅਵੇ ਬੇਨਕਾਬ: ਅੰਗਦ ਦੱਤਾ
Publish Date: Tue, 10 Mar 2026 06:24 PM (IST)
Updated Date: Tue, 10 Mar 2026 06:27 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : 19 ਸਾਲਾ ਕਬੱਡੀ ਖਿਡਾਰੀ ਦੀ ਸੰਦੇਹੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਨੇ ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਘਟਨਾ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ “ਨਸ਼ਾ ਮੁਕਤ ਪੰਜਾਬ” ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਬਿਲਕੁਲ ਵੱਖਰੇ ਹਨ। ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਅੰਗਦ ਦੱਤਾ ਨੇ ਕਿਹਾ ਕਿ ਇਕ ਨੌਜਵਾਨ ਕਬੱਡੀ ਖਿਡਾਰੀ ਦੀ ਮੌਤ ਸਿਰਫ ਇਕ ਪਰਿਵਾਰ ਦੀ ਤਰਾਸਦੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ’ਤੇ ਮੰਡਰਾ ਰਹੇ ਨਸ਼ੇ ਦੇ ਖ਼ਤਰੇ ਦੀ ਵੱਡੀ ਚਿਤਾਵਨੀ ਹੈ। ਉਨ੍ਹਾਂ ਕਿਹਾ, “ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਦੇ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ ਪਰ ਅੱਜ ਹਕੀਕਤ ਇਹ ਹੈ ਕਿ ਪੰਜਾਬ ਦੇ ਨੌਜਵਾਨ ਲਗਾਤਾਰ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਤੇ ਸਰਕਾਰ ਸਿਰਫ ਦਾਅਵੇ ਤੇ ਇਸ਼ਤਿਹਾਰਾਂ ਤੱਕ ਸੀਮਤ ਰਹਿ ਗਈ ਹੈ।” ਅੰਗਦ ਦੱਤਾ ਨੇ ਕਿਹਾ ਕਿ ਇਕ ਹੋਣਹਾਰ ਖਿਡਾਰੀ ਦੀ ਨਸ਼ਿਆਂ ਕਾਰਨ ਮੌਤ ਇਹ ਦਰਸਾਉਂਦੀ ਹੈ ਕਿ ਨਸ਼ਿਆਂ ਦਾ ਜਾਲ ਪਿੰਡਾਂ ਤੱਕ ਫੈਲ ਚੁੱਕਾ ਹੈ ਤੇ ਸਰਕਾਰ ਇਸਨੂੰ ਰੋਕਣ ’ਚ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਈ ਇਲਾਕਿਆਂ ’ਚ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਤੇ ਇਸ ਨੈੱਟਵਰਕ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।