23 ਨੂੰ ਖਟਕੜ ਕਲਾਂ ਪੁੱਜਣ ਦੀ ਅਪੀਲ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਖਟਕੜ ਕਲਾਂ ਪਹੁੰਚਣ ਦੀ ਅਪੀਲ
Publish Date: Thu, 19 Mar 2026 09:01 PM (IST)
Updated Date: Thu, 19 Mar 2026 09:04 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ: ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਮਾਰਚ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜੱਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਦੇ ਤੌਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਹਲਕਾ ਫਿਲੌਰ ਦੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸੰਧੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਡੀ ਗਿਣਤੀ ’ਚ ਖਟਕੜ ਕਲਾਂ ਪੁੱਜ ਕੇ ਮਹਾਨ ਸ਼ਹੀਦ ਨੂੰ ਨਮਨ ਕਰਨ। ਉਨ੍ਹਾਂ ਕਿਹਾ ਕਿ ਇਸ ਮੌਕੇ ਸਾਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਵਿਚਾਰਧਾਰਾ ਨੂੰ ਅਪਣਾਇਆ ਜਾਵੇ। ਉਨ੍ਹਾਂ ਨੇ ਨੌਜਵਾਨ ਪੀੜੀ ਨੂੰ ਖੇਡਾਂ ਤੇ ਸਮਾਜ ਸੇਵਾ ਵੱਲ ਪ੍ਰੇਰਿਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਨੌਜਵਾਨ ਮਾੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ’ਤੇ ਰੋਸ਼ਨ ਕਰ ਸਕਣ।