- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਲੋਚਨ ਸਿੰਘ ਨੇ ਕੇਂਦਰੀ ਮੰਤਰੀ ਦਾ ਧਿਆਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਮੇਜਰ ਨਵਦੀਪ ਸਿੰਘ ਦੀ ਨਿਯੁਕਤੀ ਵੱਲ ਦਿਵਾਉਂਦਿਆਂ ਕਿਹਾ ਕਿ ਸੁਪਰੀਮ ਕੋਰਟ ਕੋਲੇਜੀਅਮ ਨੇ ਉਨ੍ਹਾਂ ਦੇ ਨਾਂ ਦੀ ਸਿਫ਼ਾਰਸ਼ ਬਾਕੀ ਉਨ੍ਹਾਂ ਵਕੀਲਾਂ ਨਾਲ ਹੀ ਕੀਤੀ ਸੀ, ਜੋ ਹੁਣ ਹਾਈ ਕੋਰਟ ਦੇ ਜੱਜ ਵਜੋਂ ਸਹੁੰ ਚੁੱਕ ਕੇ ਸੇਵਾਵਾਂ ਨਿਭਾ ਰਹੇ ਹਨ।

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਸਾਬਕਾ ਸੰਸਦ ਮੈਂਬਰ ਤੇ ਪਦਮ ਭੂਸ਼ਣ ਤਰਲੋਚਨ ਸਿੰਘ ਨੇ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਇਕ ਪੱਤਰ ਲਿਖ ਕੇ ਗੁਰਿੰਦਰ ਪਾਲ ਸਿੰਘ ਦੀ ਦਿੱਲੀ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇਣ ਲਈ ਧੰਨਵਾਦ ਪ੍ਰਗਟਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਜੱਜ ਵਜੋਂ ਨਿਯੁਕਤੀ ਲਈ ਸੁਪਰੀਮ ਕੋਰਟ ਕੋਲੇਜੀਅਮ ਵੱਲੋਂ ਸਿਫ਼ਾਰਸ਼ ਕੀਤੇ ਗਏ ਸਾਬਕਾ ਫ਼ੌਜੀ ਅਧਿਕਾਰੀ ਮੇਜਰ ਨਵਦੀਪ ਸਿੰਘ ਦੇ ਬਕਾਇਆ ਕੇਸ ਨੂੰ ਤੁਰੰਤ ਕਲੀਅਰ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ। ਕੇਂਦਰੀ ਕਾਨੂੰਨ ਮੰਤਰੀ ਨੂੰ ਭੇਜੇ ਸੁਨੇਹੇ ’ਚ ਤਰਲੋਚਨ ਸਿੰਘ ਨੇ ਕਿਹਾ ਕਿ ਗੁਰਿੰਦਰ ਪਾਲ ਸਿੰਘ ਦੇ ਨਾਂ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਮਨਜ਼ੂਰੀ ਦੇਣਾ ਇਕ ਸ਼ਲਾਘਾਯੋਗ ਕਦਮ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ 7 ਹੋਰ ਜੱਜਾਂ ਦੇ ਨਾਂ ਕਲੀਅਰ ਕੀਤੇ ਗਏ ਸਨ, ਜਦਕਿ ਗੁਰਿੰਦਰ ਪਾਲ ਸਿੰਘ ਦਾ ਨਾਂ ਉਸ ਵੇਲੇ ਰੋਕ ਲਿਆ ਗਿਆ ਸੀ। ਹੁਣ ਇਹ ਨਾਮਜ਼ਦਗੀ ਕਲੀਅਰ ਹੋਣ 'ਤੇ ਉਨ੍ਹਾਂ ਕੇਂਦਰ ਸਰਕਾਰ ਅਤੇ ਕਾਨੂੰਨ ਮੰਤਰਾਲੇ ਦਾ ਧੰਨਵਾਦ ਕੀਤਾ।
ਤਰਲੋਚਨ ਸਿੰਘ ਨੇ ਕੇਂਦਰੀ ਮੰਤਰੀ ਦਾ ਧਿਆਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਮੇਜਰ ਨਵਦੀਪ ਸਿੰਘ ਦੀ ਨਿਯੁਕਤੀ ਵੱਲ ਦਿਵਾਉਂਦਿਆਂ ਕਿਹਾ ਕਿ ਸੁਪਰੀਮ ਕੋਰਟ ਕੋਲੇਜੀਅਮ ਨੇ ਉਨ੍ਹਾਂ ਦੇ ਨਾਂ ਦੀ ਸਿਫ਼ਾਰਸ਼ ਬਾਕੀ ਉਨ੍ਹਾਂ ਵਕੀਲਾਂ ਨਾਲ ਹੀ ਕੀਤੀ ਸੀ, ਜੋ ਹੁਣ ਹਾਈ ਕੋਰਟ ਦੇ ਜੱਜ ਵਜੋਂ ਸਹੁੰ ਚੁੱਕ ਕੇ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਦਿਆਂ ਕਿਹਾ ਕਿ ਇਕ ਭਾਰਤੀ ਫ਼ੌਜ ਦੇ ਸਾਬਕਾ ਅਧਿਕਾਰੀ ਦਾ ਵਕਾਲਤ ਦੇ ਖੇਤਰ ’ਚ ਆਉਣਾ ਤੇ ਹਾਈ ਕੋਰਟ ਦੇ ਜੱਜ ਦੇ ਅਹੁਦੇ ਤੱਕ ਪਹੁੰਚਣਾ ਦੇਸ਼ ’ਚ ਇਕ ਵਿਲੱਖਣ ਤੇ ਦੁਰਲੱਭ ਮਿਸਾਲ ਹੈ। ਭਾਰਤੀ ਹਥਿਆਰਬੰਦ ਸੈਨਾਵਾਂ ’ਚ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਕਾਨੂੰਨੀ ਖੇਤਰ ’ਚ ਵੱਡਾ ਯੋਗਦਾਨ ਪਾਉਣ ਵਾਲੇ ਅਜਿਹੇ ਸ਼ਖ਼ਸੀਅਤ ਦੀ ਨਿਯੁਕਤੀ ਨਾਲ ਨਿਆਂਪਾਲਿਕਾ ਦਾ ਮਾਣ ਵਧੇਗਾ। ਤਰਲੋਚਨ ਸਿੰਘ ਨੇ ਕੇਂਦਰੀ ਕਾਨੂੰਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਇਸ ਮਾਮਲੇ ’ਚ ਨਿੱਜੀ ਦਖ਼ਲ ਦੇ ਕੇ ਮੇਜਰ ਨਵਦੀਪ ਸਿੰਘ ਦੀ ਫਾਈਲ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਮਨਜ਼ੂਰੀ ਦੇਣ ਤਾਂ ਜੋ ਉਨ੍ਹਾਂ ਦੀ ਨਿਯੁਕਤੀ ਦਾ ਰਾਹ ਸਾਫ਼ ਹੋ ਸਕੇ।