ਰਾਕੇਸ਼ ਗਾਂਧੀ, ਜਲੰਧਰ : ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁੱਲਰ ਵੱਲੋਂ ਨਸ਼ਾ ਸਮੱਗਲਰਾਂ ਨਾਲ ਸਬੰਧ ਰੱਖਣ ਵਾਲੇ ਏਐੱਸਆਈ ਵਿਰੁੱਧ ਸ਼ਖਤ ਕਾਰਵਾਈ ਕਰਦਿਆਂ ਉਸ ਨੂੰ ਨੌਕਰੀਓ ਬਰਖਾਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਏਐੱਸਆਈ ਸਰਬਜੀਤ ਸਿੰਘ ਬੈਲਟ ਨੰਬਰ 2943 ਨੂੰ ਜਾਂਚ ਦੌਰਾਨ ਨਸ਼ਾ ਸਮੱਗਲਰਾਂ ਨਾਲ ਸਬੰਧਾਂ ਦਾ ਦੋਸ਼ੀ ਪਾਇਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਏਐੱਸਆਈ ਨਾਰਕੋਟਿਕ ਸੈੱਲ ਵਿਖੇ ਤਾਇਨਾਤ ਸੀ ਤੇ ਖੁਦ ਨਸ਼ੇ ਦਾ ਆਦੀ ਸੀ। ਉਸ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਨਸ਼ਾ ਸਮੱਗਲਰਾਂ ਦੀ ਮਦਦ ਕਰਨ ਦਾ ਦੋਸ਼ੀ ਪਾਇਆ ਗਿਆ। ਜਾਂਚ ਪੜਤਾਲ ਤੋਂ ਬਾਅਦ ਏਐੱਸਆਈ ਸਰਬਜੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ। ਸਰਬਜੀਤ ਸਿੰਘ ਨੂੰ ਭਿ੍ਸ਼ਟਾਚਾਰ ਦੇ ਕੇਸ 'ਚ ਹਾਲ ਹੀ ਵਿਚ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਗਿਆ ਸੀ।

ਪੁਲਿਸ ਕਮਿਸ਼ਨਰ ਨੇ ਜ਼ਿਲ੍ਹੇ 'ਚੋਂ ਨਸ਼ਿਆਂ ਦੀ ਅਲਾਮਤ ਨੂੰ ਮੁਕੰਮਲ ਤੌਰ 'ਤੇ ਖ਼ਤਮ ਕਰਨ ਲਈ ਸ਼ਹਿਰੀ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਨਸ਼ਿਆਂ ਦੇ ਿਘਣੌਨੇ ਕਾਰੋਬਾਰ 'ਚ ਸ਼ਾਮਲ ਦੋਸ਼ੀਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਮਨੁੱਖਤਾ ਖਿਲਾਫ਼ ਇਸ ਿਘਨਾਉਣੇ ਅਪਰਾਧ 'ਚ ਸ਼ਾਮਲ ਚਾਹੇ ਕੋਈ ਵੀ ਵਿਅਕਤੀ ਕਿਉਂ ਨਾ ਹੋਵੇ ਵਿਰੁੱਧ ਸ਼ਖਤੀ ਨਾਲ ਪੇਸ਼ ਆਇਆ ਜਾਵੇਗਾ ਤੇ ਨਸ਼ਿਆਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਅਮਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ 'ਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਡੈਪੋ ਪ੍ਰਰੋਗਰਾਮ ਤਹਿਤ ਵੱਡੀ ਜਾਗਰੂਕਤਾ ਮੁਹਿੰਮ ਛੇੜੀ ਗਈ ਹੈ ਜਿਸ ਤਹਿਤ ਨਸ਼ਿਆਂ ਤੋਂ ਪ੍ਰਭਾਵਿਤ ਖੇਤਰਾਂ, ਪਿੰਡਾਂ, ਮੁਹੱਲਿਆਂ ਤੇ ਵਾਰਡਾਂ 'ਚ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਕੋਲ 14537 ਵਿਅਕਤੀਆਂ ਵੱਲੋਂ ਡੈਪੋ ਵਜੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ 15 ਦਿਨਾਂ ਦੌਰਾਨ 24 ਹੋਰ ਡੈਪੋ ਦੀ ਰਜਿਸਟ੍ਰੇਸ਼ਨ ਕਰਨ ਦੇ ਨਾਲ-ਨਾਲ ਨਸ਼ਾ ਸਮੱਗਲਰਾਂ ਵਿਰੁੱਧ ਵੱਖ-ਵੱਖ ਥਾਣਿਆਂ 'ਚ 17 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।