ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਆ
ਯੂਨੀਵਰਸਿਟੀ ਕਾਲਜ ’ਚ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Tue, 07 Apr 2026 06:26 PM (IST)
Updated Date: Tue, 07 Apr 2026 06:29 PM (IST)

ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ : ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ’ਚ ਵਿਸ਼ਵ ਸਿਹਤ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸਮਾਗਮ ਉਪ-ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੀ ਅਗਵਾਈ ਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਡਾ. ਸਰੋਜ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ। ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਦੀ ਰਹਿਨੁਮਾਈ ’ਚ ਐੱਨਐੱਸਐੱਸ ਵਿਭਾਗ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ, ਜਿਸਦਾ ਕੇਂਦਰੀ ਵਿਸ਼ਾ “ਸਿਹਤ ਲਈ ਇਕਜੁੱਟ ਵਿਗਿਆਨ ਦੇ ਨਾਲ ਖੜ੍ਹੇ ਰਹੋ” ਰਿਹਾ। ਸੈਮੀਨਾਰ ’ਚ ਸਿਵਲ ਹਸਪਤਾਲ ਜੰਡਿਆਲਾ ਦੀ ਡਾਕਟਰ ਅਮਿਤਾ ਭਾਰਤੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਤੇ ਗਲਤ ਖਾਣ-ਪੀਣ ਦੀਆਂ ਆਦਤਾਂ ਕਾਰਨ ਸ਼ੂਗਰ, ਬਲੱਡ ਪ੍ਰੈਸ਼ਰ ਤੇ ਦਿਲ ਦੀਆਂ ਬਿਮਾਰੀਆਂ ਤੇਜ਼ੀ ਨਾਲ ਵਧ ਰਹੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਕਸਰਤ ਕਰਨ, ਪੌਸ਼ਟਿਕ ਆਹਾਰ ਅਪਣਾਉਣ ਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਨੇ ਕਿਹਾ ਕਿ ਅਜੋਕੇ ਜੀਵਨ ’ਚ ਫਾਸਟ ਫੂਡ, ਮਾਨਸਿਕ ਤਣਾਅ ਤੇ ਕਸਰਤ ਦੀ ਘਾਟ ਕਾਰਨ ਨਵੀਆਂ ਬੀਮਾਰੀਆਂ ਵਧ ਰਹੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਫ਼-ਸੁਥਰੇ ਜੀਵਨ ਤੇ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਸਿਹਤ ਸਬੰਧੀ ਪ੍ਰਸ਼ਨ ਪੁੱਛੇ, ਜਿਨ੍ਹਾਂ ਦੇ ਮਾਹਿਰ ਡਾਕਟਰ ਵੱਲੋਂ ਸੰਤੁਸ਼ਟੀਜਨਕ ਜਵਾਬ ਦਿੱਤੇ ਗਏ। ਅੰਤ ’ਚ ਕਾਲਜ ਇੰਚਾਰਜ ਨੇ ਡਾਕਟਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ’ਚ ਸਕਾਰਾਤਮਕ ਬਦਲਾਅ ਲਿਆਉਂਦੇ ਹਨ। ਇਸ ਮੌਕੇ ਐੱਨਐੱਸਐੱਸ ਕੋਆਰਡੀਨੇਟਰ ਗੌਰਵ ਸ਼ਰਮਾ, ਡਾ. ਤਰਨਪ੍ਰੀਤ ਕੌਰ ਤੇ ਕਾਲਜ ਸਟਾਫ਼ ਸਮੇਤ ਵੱਡੀ ਗਿਣਤੀ ’ਚ ਵਿਦਿਆਰਥੀ ਮੌਜੂਦ ਸਨ।