- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਲ ਵਿਆਹ ਮੁਕਤ ਭਾਰਤ ਅਭਿਆਨ ਤਹਿਤ ਸਕੂਲਾਂ ‘ਚ ਜਾਗਰੂਕਤਾ ਸੈਮੀਨਾਰ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਹਰੇਕ ਬੱਚੇ ਨੂੰ ਸੁਰੱਖਿਅਤ ਬਚਪਨ, ਮਿਆਰੀ ਸਿੱਖਿਆ ਤੇ ਬਿਹਤਰ ਭਵਿੱਖ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਬਾਲ ਵਿਆਹ ਮੁਕਤ ਭਾਰਤ ਅਭਿਆਨ’ ਤਹਿਤ ਬਲਾਕ ਸ਼ਾਹਕੋਟ ਦੇ ਵੱਖ-ਵੱਖ ਸਕੂਲਾਂ ਵਿਚ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਜਸਟ ਰਾਈਟਸ ਫਾਰ ਚਿਲਡਰਨ ਦੀ ਸਹਿਯੋਗੀ ਸੰਸਥਾ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵੱਲੋਂ ਪ੍ਰਧਾਨ ਪਰਮਜੀਤ ਸਿੰਘ ਬਡੋਲਾ ਤੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਿਤ ਚੋਪੜਾ ਦੀ ਅਗਵਾਈ ਹੇਠ 100 ਰੋਜ਼ਾ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੂਲੇਵਾਲ ਖਹਿਰਾ ਵਿਖੇ ਸੈਮੀਨਾਰ ਲਗਾਏ ਗਏ। ਸੰਗਠਨ ਦੇ ਕਮਿਊਨਿਟੀ ਸੋਸ਼ਲ ਵਰਕਰ ਸਮਨਦੀਪ ਕੌਰ ਅਤੇ ਗੌਰਵ ਨੇ ਵਿਦਿਆਰਥੀਆਂ ਨੂੰ ਬਾਲ ਵਿਆਹ, ਬਾਲ ਮਜ਼ਦੂਰੀ, ਬਾਲ ਤਸਕਰੀ, ਬੱਚਿਆਂ ਦੇ ਸ਼ੋਸ਼ਣ, ਬਾਲ ਭਿੱਖਿਆ ਅਤੇ ਪੋਕਸੋ ਐਕਟ ਸਮੇਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਚਾਈਲਡ ਹੈਲਪਲਾਈਨ ਟੋਲ-ਫਰੀ ਨੰਬਰ 1098 ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਕਿਸੇ ਵੀ ਅਸੁਰੱਖਿਅਤ ਸਥਿਤੀ ਜਾਂ ਮੁਸ਼ਕਿਲ ਵੇਲੇ ਬੱਚੇ ਇਸ ਨੰਬਰ ‘ਤੇ ਸੰਪਰਕ ਕਰਕੇ ਤੁਰੰਤ ਮਦਦ ਲੈ ਸਕਦੇ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ ਸ਼ਗਨ ਸਕੀਮ ਸਮੇਤ ਹੋਰ ਭਲਾਈ ਯੋਜਨਾਵਾਂ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।