ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਸਿਹਤ ਵਿਭਾਗ ਵੱਲੋਂ ਸਰਕਾਰੀ ਹਾਈ ਸਕੂਲ ਬੂਟਾਂ ਮੰਡੀ ਜਲੰਧਰ ਵਿਖੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਐਪੀਡੀਮੋਲਾਜਿਸਟ ਡਾ. ਸਤੀਸ਼ ਕੁਮਾਰ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਮ ਦੇ ਮੱਛਰ ਵੱਲੋਂ ਦਿਨ ਵੇਲੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੌਰਾਨ ਬਹੁਤ ਜ਼ਿਆਦਾ ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਤੇ ਜੋੜਾਂ 'ਚ ਦਰਦ ਆਦਿ ਦੇ ਲੱਛਣ ਦਿਖਾਈ ਦਿੰਦੇ ਹਨ। ਮੱਛਰ ਵੱਲੋਂ ਕੂਲਰਾਂ, ਪਾਣੀ ਇਕੱਤਰ ਕਰਨ ਵਾਲੇ ਸਥਾਨਾਂ, ਟਾਇਰਾਂ, ਬਿਨਾਂ ਢੱਕੇ ਪਾਣੀ ਦੇ ਬਰਤਨਾਂ ਆਦਿ 'ਚ ਡੇਂਗੂ ਦਾ ਲਾਰਵਾ ਪੈਦਾ ਕੀਤਾ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਿਹਾ ਕਿ ਲੋਕਾਂ ਨੂੰ ਪਾਣੀ ਢੱਕੇ ਸਥਾਨਾਂ 'ਤੇ ਇਕੱਤਰ ਕਰਨ ਤੋਂ ਇਲਾਵਾ ਪੁਰਾਣੇ ਟਾਇਰਾਂ, ਟੁੱਟੇ ਬਰਤਨਾਂ ਤੇ ਹੋਰ ਬੇਲੋੜੀਆਂ ਚੀਜ਼ਾਂ ਨੂੰ ਤੁਰੰਤ ਹਟਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਕਿ ਮੱਛਰਾਂ ਵੱਲੋਂ ਡੇਂਗੂ ਦਾ ਲਾਰਵਾ ਪੈਦਾ ਨਾ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਕੂਲਰਾਂ 'ਚ ਪੈਟਰੋਲ ਜਾਂ ਮਿੱਟੀ ਦਾ ਤੇਲ ਪਾ ਕੇ ਹਫ਼ਤੇ 'ਚ ਇਕ ਵਾਰ ਜ਼ਰੂਰ ਖ਼ਾਲੀ ਕਰ ਕੇ ਸਾਫ਼ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੂਰੀ ਬਾਂਹ ਵਾਲੇ ਕੱਪੜੇ ਪਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸਕੂਲ ਪ੍ਰਬੰਧਨ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਸਕੂਲ ਆਉਣ 'ਤੇ ਸਵਾਗਤ ਕੀਤਾ ਗਿਆ ਤੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਸਕੂਲ 'ਚ ਅਜਿਹੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀ ਵਧ ਤੋਂ ਵਧ ਜਾਗਰੂਕ ਹੋ ਕੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰ ਸਕਣ।