ਰਾਜਪਾਲ ਨਾਲ ਕਿਸਾਨੀ ਮਸਲਿਆਂ ’ਤੇ ਚਰਚਾ
ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਦੀ ਰਾਜਪਾਲ ਨਾਲ ਮੀਟਿੰਗ, ਕਿਸਾਨੀ ਮਸਲਿਆਂ ’ਤੇ ਚਰਚਾ
Publish Date: Tue, 05 May 2026 09:17 PM (IST)
Updated Date: Tue, 05 May 2026 09:20 PM (IST)

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਵਫਦ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੀਟਿੰਗ ਕਰਕੇ ਕਿਸਾਨਾਂ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਦੇ ਸੂਬਾ ਪ੍ਰਧਾਨ ਬਾਈ ਨਛੱਤਰ ਸਿੰਘ ਨੇ ਦੱਸਿਆ ਕਿ 4 ਮਈ ਨੂੰ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੇ ਸੱਦੇ ਤੋਂ ਬਾਅਦ ਰਾਜਪਾਲ ਵੱਲੋਂ ਮੀਟਿੰਗ ਲਈ ਭਰੋਸਾ ਦਿੱਤਾ ਗਿਆ ਸੀ। ਇਸ ਦੇ ਮੱਦੇਨਜ਼ਰ ਟੋਲ ਪਲਾਜ਼ਿਆਂ ਨੂੰ ਤਿੰਨ ਘੰਟਿਆਂ ਲਈ ਮੁਫ਼ਤ ਕੀਤਾ ਗਿਆ ਅਤੇ ਬਾਅਦ ਵਿੱਚ ਵਫਦ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਹੜ੍ਹ ਪੀੜਤ ਅਤੇ ਆਬਾਦਕਾਰ ਕਿਸਾਨਾਂ ਨੂੰ 30 ਅਪ੍ਰੈਲ ਤੱਕ ਮੁਆਵਜ਼ਾ ਦੇਣ ਦੇ ਸਰਕਾਰੀ ਵਾਅਦੇ ਦੇ ਬਾਵਜੂਦ ਅਜੇ ਤੱਕ ਰਕਮ ਜਾਰੀ ਨਾ ਹੋਣ ਦਾ ਮਾਮਲਾ ਉਠਾਇਆ ਗਿਆ। ਇਸ ਤੋਂ ਇਲਾਵਾ ਬੇਮੌਸਮੀ ਬਾਰਿਸ਼ਾਂ ਅਤੇ ਹੜਾਂ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਲਈ ਵੀ ਤੁਰੰਤ ਰਾਹਤ ਦੀ ਮੰਗ ਕੀਤੀ ਗਈ। ਆਗੂਆਂ ਨੇ ਪੰਜਾਬ ਵਿੱਚ ਵੱਧ ਰਹੀ ਨਸ਼ੇ ਦੀ ਸਮੱਸਿਆ ‘ਤੇ ਚਿੰਤਾ ਪ੍ਰਗਟਾਈ। ਮੀਟਿੰਗ ਤੋਂ ਬਾਅਦ ਰਾਜਪਾਲ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਹੀ ਕੇਂਦਰ ਅਤੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਬਾਈ ਨਛੱਤਰ ਸਿੰਘ, ਸਤਨਾਮ ਸਿੰਘ ਹਰੀਕੇ, ਸਰਜ ਸਿੰਘ ਬੰਬ, ਮੰਨਾ ਚਾਹਲ, ਵਿੱਕੀ ਢਿੱਲੋਂ, ਤਰਨਜੀਤ ਸਿੰਘ ਨਿਮਾਣਾ, ਜਸਵੀਰ ਸਿੰਘ ਅਹਲੂਵਾਲੀਆ ਅਤੇ ਸੁੱਖ ਗਿੱਲ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।