ਰਾਕੇਸ਼ ਗਾਂਧੀ, ਜਲੰਧਰ : ਦਯਾਨੰਦ ਮਾਡਲ ਸਕੂਲ ਮਾਡਲ ਟਾਊਨ ਜਲੰਧਰ ਵਿੱਚ ਸ਼ਨਿਚਰਵਾਰ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਇਆ ਗਿਆ ਜਿਸ ਵਿਚ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਦਵਿੰਦਰ ਸਿੰਘ ਆਈਏਐਸ ਤੇ ਸਲਾਹਕਾਰ ਕਲਾ, ਸੱਭਿਆਚਾਰ ਅਤੇ ਭਾਸ਼ਾਵਾਂ ਦਿੱਲੀ ਦੀਪਕ ਬਾਲੀ ਮੁੱਖ ਮਹਿਮਾਨ ਸਨ। ਸਕੂਲ ਪ੍ਰਿੰਸੀਪਲ ਵਿਨੋਦ ਕੁਮਾਰ ਨੇ ਆਏ ਹੋਏ ਮਹਿਮਾਨਾਂ ਨੂੰ ਬੁੱਕੇ ਦੇ ਕੇ ਸਮਾਨਤ ਕੀਤਾ ਅਤੇ ਬੱਚਿਆਂ ਨੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰ ਕੇ ਆਏ ਹੋਏ ਮਹਿਮਾਨਾਂ ਦਾ ਮਨ ਮੋਹ ਲਿਆ।ਨੰਨ੍ਹੇ-ਮੁੰਨੇ ਬੱਚਿਆਂ ਨੇ ਕਵਿਤਾਵਾਂ,ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਹੋਇਆ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ।ਬੱਚਿਆਂ ਵੱਲੋਂ ਪੇਸ਼ ਕੀਤਾ ਗਿਆ ਦੇਸ਼ ਲਈ ਜਾਨ ਨਿਛਾਵਰ ਕਰਨ ਵਾਲੇ ਫੌਜੀਆਂ ਦੀ ਸ਼ਹਾਦਤ ਸਬੰਧੀ ਪ੍ਰੋਗਰਾਮ ਨੇ ਆਏ ਹੋਏ ਮਹਿਮਾਨਾਂ ਅਤੇ ਬੱਚਿਆਂ ਦੇ ਅੱਖਾਂ ਵਿੱਚ ਹੰਝੂ ਤੱਕ ਲਿਆ ਦਿੱਤੇ।

ਕਮਿਸ਼ਨਰ ਕਾਰਪੋਰੇਸ਼ਨ ਜਲੰਧਰ ਦਵਿੰਦਰ ਸਿੰਘ ਨੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਦੇ ਵਿਦਿਆਰਥੀਆਂ ਦਾ ਜੋਸ਼ ਇਸ ਗੱਲ ਦਾ ਗਵਾਹ ਹਨ ਕਿ ਸਾਡੇ ਇਹੀ ਬੱਚੇ ਸਾਡੇ ਦੇਸ਼ ਦਾ ਭਵਿੱਖ ਅਤੇ ਸਾਡੇ ਰਾਸ਼ਟਰ ਦਾ ਮਾਣ ਹਨ। ਇਨ੍ਹਾਂ ਬੱਚਿਆਂ ਵਿੱਚ ਦੇਸ਼ ਦਾ ਭਵਿੱਖ ਹੈ।ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਵਿਨੋਦ ਕੁਮਾਰ,ਸਕੂਲ ਦੇ ਸਟਾਫ ਅਤੇ ਬੱਚਿਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਤੀ।

ਸਲਾਹਕਾਰ ਕਲਾ, ਸੱਭਿਆਚਾਰ ਅਤੇ ਭਾਸ਼ਾਵਾਂ ਦਿੱਲੀ ਦੀਪਕ ਬਾਲੀ ਨੇ ਸਭ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਆਜ਼ਾਦੀ ਦੇ ਘੁਲਾਟੀਆਂ ਨੂੰ ਯਾਦ ਕਰਦੇ ਹੋਏ ਬੱਚਿਆਂ ਨੂੰ ਆਪਣੀ ਮਿੱਟੀ ਨਾਲ ਜੁੜੇ ਰਹਿਣ ਦਾ ਸੁਨੇਹਾ ਵੀ ਦਿੱਤਾ।

ਸਮਾਗਮ 'ਚ ਆਏ ਮਹਿਮਾਨਾਂ ਦਾ ਸ਼ੁਕਰੀਆ ਅਦਾ ਕਰਦੇ ਹੋਏ ਪ੍ਰਿੰਸੀਪਲ ਵਿਨੋਦ ਕੁਮਾਰ ਨੇ ਕਿਹਾ ਕਿ ਉਹ ਜਦ ਬੀਤੇ ਦਿਨੀਂ ਨਗਰ ਨਿਗਮ ਦੇ ਕਮਿਸ਼ਨਰ ਦਵਿੰਦਰ ਸਿੰਘ ਨੂੰ ਮਿਲੇ ਸਨ ਤਾਂ ਉਨ੍ਹਾਂ ਨੂੰ ਇਹ ਲੱਗਿਆ ਹੀ ਨਹੀਂ ਕਿ ਉਹ ਕਿਸੇ ਆਈਏਐੱਸ ਅਫ਼ਸਰ ਨੂੰ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਮਿਲਣ ਤੇ ਜਿਨ੍ਹਾਂ ਪਿਆਰ ਅਤੇ ਸਤਿਕਾਰ ਨਗਰ ਨਿਗਮ ਦੇ ਕਮਿਸ਼ਨਰ ਨੇ ਉਨ੍ਹਾਂ ਨੂੰ ਦਿੱਤਾ ਹੈ ਇਹ ਉਨ੍ਹਾਂ ਦੀ ਸਾਧਾਰਨ ਸ਼ਖ਼ਸੀਅਤ ਨੂੰ ਦਰਸਾਉਂਦਾ ਹੈ।

Posted By: Seema Anand