ਬਲਦੇਵ ਸਿੰਘ ਖਹਿਰਾ ਨੇ ਵਾਰਡ ਵਾਸੀਆਂ ਨਾਲ ਕੀਤੀ ਮੁਲਾਕਾਤ ਫਿਲੌਰ ਸ਼ਹਿਰ ਦੇ ਵਾਰਡਾਂ ’ਚ ਬਲਦੇਵ ਸਿੰਘ ਖਹਿਰਾ ਵੱਲੋਂ ਡੋਰ-ਟੂ-ਡੋਰ ਮੁਹਿੰਮ
Publish Date: Wed, 07 Oct 2026 06:41 PM (IST)
Updated Date: Wed, 07 Oct 2026 06:44 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ’ਚ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਫਿਲੌਰ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵੱਲੋਂ ਫਿਲੌਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪਾਰਟੀ ਵੱਲੋਂ ਉਠਾਏ ਜਾ ਰਹੇ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ। ਲੋਕਾਂ ਨਾਲ ਗੱਲਬਾਤ ਕਰਦਿਆਂ ਬਲਦੇਵ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਵਿਕਾਸ ਕਾਰਜਾਂ ਦੀ ਬਜਾਏ ਪ੍ਰਚਾਰ ’ਤੇ ਵਧੇਰੇ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਫਿਲੌਰ ਸ਼ਹਿਰ ਤੇ ਪਿੰਡਾਂ ’ਚ ਮੋਟਰਾਂ, ਸ਼ਮਸ਼ਾਨਘਾਟਾਂ ਤੇ ਹੋਰ ਥਾਵਾਂ ’ਤੇ ਬੋਰਡਾਂ ਤੇ ਫਲੈਕਸਾਂ ਲਗਾ ਕੇ ਸਰਕਾਰੀ ਪੈਸਾ ਖਰਚ ਕੀਤਾ ਜਾ ਰਿਹਾ ਹੈ। ਸਿੱਖਿਆ ਦੇ ਮੁੱਦੇ ’ਤੇ ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦੇ ਬਾਵਜੂਦ ਹਲਕੇ ਦੇ ਕਈ ਸਰਕਾਰੀ ਸਕੂਲ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ‘ਸਕੂਲ ਆਫ਼ ਐਮੀਨੈਂਸ’ ’ਚ ਵੀ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜ਼ਰੂਰੀ ਦਸਤਾਵੇਜ਼ਾਂ ਜਾਂ ਕਾਗਜ਼ਾਂ ’ਤੇ ਦਸਤਖ਼ਤ ਕਰਵਾਉਣ ਲਈ ਕਈ ਵਾਰ 20 ਤੋਂ 30 ਕਿਲੋਮੀਟਰ ਦੂਰ ਜਾਣਾ ਪੈਂਦਾ ਹੈ। ਨਸ਼ਿਆਂ ਦੇ ਮੁੱਦੇ ’ਤੇ ਵੀ ਉਨ੍ਹਾਂ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਬਾਵਜੂਦ ਸਮੱਸਿਆ ਘਟਣ ਦੀ ਬਜਾਏ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਛੋਟੀ ਉਮਰ ਦੇ ਬੱਚਿਆਂ ਦੇ ਨਸ਼ਿਆਂ ਦੀ ਲਪੇਟ ’ਚ ਆਉਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਡੋਰ-ਟੂ-ਡੋਰ ਮੁਹਿੰਮ ਦੌਰਾਨ ਬਲਦੇਵ ਸਿੰਘ ਖਹਿਰਾ ਨੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਵੀ ਸੁਣੇ। ਸ਼੍ਰੋਮਣੀ ਅਕਾਲੀ ਦਲ ਦੀ ਇਹ ਘਰ-ਘਰ ਸੰਪਰਕ ਮੁਹਿੰਮ ਪੰਜਾਬ ਭਰ ਵਿੱਚ ਚਲਾਈ ਜਾ ਰਹੀ ਹੈ। ਇਸ ਮੌਕੇ ਮਨੋਜ ਕੁਮਾਰ ਮੋਨੂੰ, ਗੋਪਾਲ ਮੱਟੂ, ਸੁਰਜੀਤ ਸਿੰਘ, ਸੁਰਿੰਦਰ ਸਿੰਘ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।