ਪਸ਼ੂਆਂ ਨੂੰ ਸੜਕਾਂ ਤੇ ਜਨਤਕ ਥਾਵਾਂ ’ਤੇ ਛੱਡਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਸ਼ੂਆਂ ਨੂੰ ਸੜਕਾਂ ਤੇ ਜਨਤਕ ਥਾਵਾਂ ’ਤੇ ਛੱਡਣ ’ਤੇ ਪਾਬੰਦੀ
Publish Date: Thu, 01 Jan 2026 08:00 PM (IST)
Updated Date: Fri, 02 Jan 2026 04:12 AM (IST)

ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਅਹਿਮ ਕਦਮ ਚੁੱਕਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਪੈਂਦੇ ਹਲਕੇ ’ਚ ਕੋਈ ਵੀ ਵਿਅਕਤੀ ਆਪਣੇ ਪਸ਼ੂ ਸ਼ਰੇਆਮ ਸੜਕਾਂ ਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ। ਹੁਕਮਾਂ ’ਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਤੇ ਜਨਤਕ ਥਾਵਾਂ ’ਤੇ ਖੁੱਲ੍ਹੇ ਛੱਡ ਦਿੰਦੇ ਹਨ, ਜਿਸ ਨਾਲ ਸੜਕਾਂ ’ਤੇ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਤੇ ਆਮ ਆਵਾਜਾਈ ’ਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਪਸ਼ੂਆਂ ਨੂੰ ਖੱਲ੍ਹੀਆਂ ਥਾਵਾਂ ’ਤੇ ਛੱਡਣ ਨਾਲ ਇਹ ਅਕਸਰ ਰਾਹ ਜਾਂਦੇ ਵਿਅਕਤੀਆਂ ਦਾ ਨੁਕਸਾਨ ਕਰਦੇ ਹਨ ਤੇ ਸੜਕ ਹਾਦਸੇ ਦਾ ਸ਼ਿਕਾਰ ਬਣਦੇ ਹਨ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਇਸ ਸਬੰਧੀ ਸੂਚਨਾ ਦੇਣ ਲਈ ਵ੍ਹਟਸਐਪ ਨੰਬਰ 96462-22555 ’ਤੇ ਲੋਕੇਸ਼ਨ ਤੇ ਫੋਟੋਆਂ ਸਾਂਝੀਆਂ ਕੀਤੀਆਂ ਜਾ ਸਕਦੀਆਂ ਹਨ। ਇਸ ਜਨਤਕ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਨਗਰ ਨਿਗਮ, ਨਗਰ ਕੌਂਸਲਜ਼/ਬੀਡੀਪੀਓਜ਼ ਤੇ ਜ਼ਿਲ੍ਹਾ ਪੁਲਿਸ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ’ਚ ਪਾਬੰਦੀ ਦੇ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹੇਗਾ।੍ਯ