ਅਕਾਲ ਗਲੈਕਸੀ ਕਾਨਵੈਂਟ ਸਕੂਲ ’ਚ ਮਨਾਈ ਬਸੰਤ ਪੰਚਮੀ
ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਵਿਖੇ ਮਨਾਈ ਬਸੰਤ ਪੰਚਮੀ
Publish Date: Thu, 22 Jan 2026 08:11 PM (IST)
Updated Date: Fri, 23 Jan 2026 04:13 AM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸੰਗੀਤ ਅਧਿਆਪਕ ਹਰਦੀਪ ਸਿੰਘ, ਰਾਜਨਪ੍ਰੀਤ ਸਿੰਘ ਤੇ ਬੱਚਿਆਂ ਵੱਲੋਂ ਸਰਸਵਤੀ ਵੰਦਨਾ ਦਾ ਗਾਇਨ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਪ੍ਰਿੰਸੀਪਲ ਵੱਲੋਂ ਜੋਤੀ ਪ੍ਰਜਵਲਿਤ ਕੀਤੀ ਗਈ। ਬਸੰਤ ਪੰਚਮੀ ਨਾਲ ਸਬੰਧਤ ਕਵਿਤਾਵਾਂ ਗਾਇਨ ਕੀਤੀਆਂ ਗਈਆਂ। ਸਕੂਲ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਮਹੱਤਵ ਤੋਂ ਜਾਣੂੰ ਕਰਵਾਉਂਦਿਆਂ ਇਸ ਤਿਉਹਾਰ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਬੱਚਿਆਂ ਨੂੰ ਪਤੰਗ ਉਡਾਉਣ ਵੇਲੇ ਚਾਈਨਾ ਡੋਰ ਵਰਤਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਕਿਉਂਕਿ ਇਹ ਮਨੁੱਖ ਦੇ ਨਾਲ-ਨਾਲ ਪੰਛੀਆਂ ਲਈ ਵੀ ਬਹੁਤ ਹੀ ਘਾਤਕ ਸਿੱਧ ਹੁੰਦੀ ਹੈ। ਸਕੂਲ ਵਿਦਿਆਰਥੀਆਂ ਦੁਆਰਾ ਇਸ ਪ੍ਰੋਗਰਾਮ ਨੂੰ ਹੋਰ ਵੀ ਸੁਨਹਿਰੀ ਬਣਾਉਣ ਲਈ ਰੰਗਾ ਰੰਗ ਸੱਭਿਆਚਾਰਕ ਨਾਚ ਪੇਸ਼ ਕੀਤਾ ਗਿਆ। ਪ੍ਰਿੰਸੀਪਲ ਅਮਨਪ੍ਰੀਤ ਕੌਰ ਦੁਆਰਾ ਸਮੂਹ ਵਿਦਿਆਰਥੀਆਂ, ਸਟਾਫ਼ ਤੇ ਮਾਪਿਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ ਗਈ ਅਤੇ ਖਾਸ ਤੌਰ ’ਤੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦੀ ਨਿਗਰਾਨੀ ਹੇਠ ਪਤੰਗ ਉਡਾਉਣ ਅਤੇ ਪਲਾਸਟਿਕ ਡੋਰ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ।