- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਹਿਬਲ ਕਲਾਂ ਗੋਲੀਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਦੇ ਸਾਹਮਣੇ ਦਰਜ ਬਿਆਨਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਐੱਸਆਈਟੀ ਸਾਹਮਣੇ ਆਪਣੇ-ਆਪਣੇ ਬਿਆਨ ਦਰਜ ਕਰਵਾਏ ਹਨ।

ਕਬੂਲਨਾਮੇ ਦੀ ਵੀਡੀਓ ਰਿਕਾਰਡਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੌਜੂਦ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐੱਸਆਈਟੀ ਨੂੰ ਦਿੱਤੇ ਬਿਆਨ 'ਚ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਸੁਖਬੀਰ ਸਿੰਘ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਕਬੂਲਨਾਮੇ ਦੀ ਵੀਡੀਓ ਰਿਕਾਰਡਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੌਜੂਦ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਕ ਸਾਜ਼ਿਸ਼ ਤਹਿਤ ਨਿਹੱਥੇ ਅਤੇ ਬੇਕਸੂਰ ਲੋਕਾਂ ’ਤੇ ਗੋਲੀਆਂ ਚਲਵਾਈਆਂ ਗਈਆਂ ਸਨ ਅਤੇ ਇਸ ਨਾਲ ਜੁੜਿਆ ਪੂਰਾ ਘਟਨਾਕ੍ਰਮ ਰਿਕਾਰਡ ਦਾ ਹਿੱਸਾ ਹੈ।
ਦੂਜੇ ਪਾਸੇ, ਗਿਆਨੀ ਹਰਪ੍ਰੀਤ ਸਿੰਘ ਨੇ ਐੱਸਆਈਟੀ ਸਾਹਮਣੇ ਆਪਣਾ ਬਿਆਨ ਦਰਜ ਕਰਵਾਉਣ ਤੋਂ ਬਾਅਦ ਕਿਹਾ ਕਿ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ ਦਸੰਬਰ 2014 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਉਸ ਨਾਲ ਜੁੜੇ ਘਟਨਾਕ੍ਰਮ ਦੇ ਸਬੰਧ 'ਚ ਸਵਾਲ ਕੀਤੇ। ਉਨ੍ਹਾਂ ਐੱਸਆਈਟੀ ਨੂੰ ਦੱਸਿਆ ਕਿ ਉਸ ਸਮੇਂ ਪੰਜ ਸਿੰਘ ਸਾਹਿਬਾਨ ਮੌਜੂਦ ਸਨ ਅਤੇ ਪੂਰੇ ਮਾਮਲੇ ਦੀ ਜਾਣਕਾਰੀ ਰਿਕਾਰਡ 'ਤੇ ਉਪਲਬਧ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਜੋ ਗੱਲਬਾਤ ਹੋਈ ਸੀ, ਉਹ ਮੀਡੀਆ ਕਰਮੀਆਂ, ਟੀਵੀ ਚੈਨਲਾਂ, ਅਖ਼ਬਾਰਾਂ ਅਤੇ ਮੌਜੂਦ ਸੰਗਤ ਦੇ ਸਾਹਮਣੇ ਹੋਈ ਸੀ। ਵੱਡੀ ਗਿਣਤੀ 'ਚ ਲੋਕਾਂ ਨੇ ਉਸ ਨੂੰ ਲਾਈਵ ਦੇਖਿਆ ਤੇ ਸੁਣਿਆ ਸੀ ਅਤੇ ਉਸ ਦਾ ਰਿਕਾਰਡ ਅੱਜ ਵੀ ਮੌਜੂਦ ਹੈ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਐੱਸਆਈਟੀ ਨੂੰ ਜ਼ਬਾਨੀ ਤੌਰ 'ਤੇ ਸਾਰੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸਬੰਧਿਤ ਵਿਅਕਤੀਆਂ ਨੇ ਉਸ ਸਮੇਂ ਆਪਣੀ ਜ਼ਿੰਮੇਵਾਰੀ ਅਤੇ ਗ਼ਲਤੀ ਸਵੀਕਾਰ ਕੀਤੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਉਨ੍ਹਾਂ ਨੇ ਗ਼ਲਤੀ ਨਹੀਂ ਮੰਨੀ ਹੁੰਦੀ ਤਾਂ ਉਹ ਇਨਕਾਰ ਕਰ ਸਕਦੇ ਸੀ ਪਰ ਉਨ੍ਹਾਂ ਨੇ ਇਸ ਨੂੰ ਸਵੀਕਾਰ ਕੀਤਾ ਸੀ। ਕਾਨੂੰਨੀ ਕਾਰਵਾਈ ਨਾਲ ਜੁੜੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਜ਼ਾ ਜਾਂ ਅਗਲੀ ਪ੍ਰਕਿਰਿਆ ਦਾ ਫ਼ੈਸਲਾ ਸਬੰਧਿਤ ਸੰਸਥਾਵਾਂ ਕਰਨਗੀਆਂ, ਜਦਕਿ ਉਨ੍ਹਾਂ ਦਾ ਦਾਇਰਾ ਧਾਰਮਿਕ ਮਰਯਾਦਾ ਅਨੁਸਾਰ ਕਾਰਵਾਈ ਕਰਨਾ ਹੈ। ਸੁਖਬੀਰ ਸਿੰਘ ਬਾਦਲ ਦੇ ਪੁਰਾਣੇ ਬਿਆਨ ਦੇ ਸਬੰਧ 'ਚ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕਿਹਾ ਕਿ ਉਸ ਬਿਆਨ ਨੂੰ ਉਸੇ ਸੰਦਰਭ 'ਚ ਦੇਖਿਆ ਜਾਣਾ ਚਾਹੀਦਾ ਹੈ, ਜਿਸ 'ਚ ਉਨ੍ਹਾਂ ਨੇ ਪੂਰਾ ਮਾਮਲਾ ਆਪਣੇ ਉੱਪਰ ਲੈਣ ਅਤੇ ਉਸ ਨੂੰ ਖ਼ਤਮ ਕਰਨ ਦੀ ਗੱਲ ਕਹੀ ਸੀ।
ਹੁਣ ਤੱਕ ਪੰਜ SIT ਕਰ ਚੁੱਕੀਆਂ ਹਨ ਜਾਂਚ
ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਹੁਣ ਤੱਕ ਪੰਜ ਵੱਖ-ਵੱਖ ਵਿਸ਼ੇਸ਼ ਜਾਂਚ ਟੀਮਾਂ (SIT) ਦਾ ਗਠਨ ਕੀਤਾ ਜਾ ਚੁੱਕਾ ਹੈ। ਘਟਨਾ ਤੋਂ ਬਾਅਦ ਸਾਲ 2015 'ਚ ਫ਼ਰੀਦਕੋਟ ਪੁਲਿਸ ਨੇ ਪਹਿਲੀ ਐੱਸਆਈਟੀ ਬਣਾਈ ਸੀ। ਬਾਅਦ 'ਚ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪੀ ਗਈ, ਪਰ ਸੀਬੀਆਈ ਨੇ ਜਾਂਚ ਵਾਪਸ ਰਾਜ ਸਰਕਾਰ ਨੂੰ ਮੋੜ ਦਿੱਤੀ।
ਇਸ ਤੋਂ ਬਾਅਦ ਸਾਲ 2018 'ਚ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ 'ਚ ਗਠਿਤ ਐੱਸਆਈਟੀ ਨੇ ਜਾਂਚ 'ਚ ਮਹੱਤਵਪੂਰਨ ਪ੍ਰਗਤੀ ਕਰਦਿਆਂ ਸੱਤ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ ਸੀ ਪਰ ਅਪ੍ਰੈਲ 2021 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਤਕਨੀਕੀ ਅਤੇ ਹੋਰ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਸ ਐੱਸਆਈਟੀ ਦੀ ਰਿਪੋਰਟ ਅਤੇ ਕਾਰਵਾਈ ਨੂੰ ਰੱਦ ਕਰ ਦਿੱਤਾ ਸੀ। ਸਾਲ 2019 'ਚ ਏਡੀਜੀਪੀ ਪ੍ਰਮੋਦ ਕੁਮਾਰ ਦੀ ਅਗਵਾਈ ਵਾਲੀ ਐੱਸਆਈਟੀ ਨੇ ਬਰਗਾੜੀ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ 'ਚ ਪੰਜ ਚਾਰਜਸ਼ੀਟਾਂ ਦਾਇਰ ਕੀਤੀਆਂ।
ਮਈ 2021 'ਚ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਏਡੀਜੀਪੀ ਐੱਲ.ਕੇ. ਯਾਦਵ ਦੀ ਅਗਵਾਈ 'ਚ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਲਈ ਨਵੀਂ ਐੱਸਆਈਟੀ ਗਠਿਤ ਕੀਤੀ ਗਈ। ਉੱਥੇ ਹੀ, ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਸਰਕਾਰ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਲਈ ਏਡੀਜੀਪੀ ਨੌਨਿਹਾਲ ਸਿੰਘ ਦੀ ਅਗਵਾਈ 'ਚ ਨਵੀਂ ਐੱਸਆਈਟੀ ਦਾ ਗਠਨ ਕੀਤਾ, ਜੋ ਮੌਜੂਦਾ ਸਮੇਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸੇ ਐੱਸਆਈਟੀ ਸਾਹਮਣੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦਰਜ ਕੀਤੇ ਗਏ ਹਨ।