ਸ਼ਹੀਦ ਭਗਤ ਸਿੰਘ ਦੇ ਵਿਚਾਰ ਅੱਜ ਵੀ ਪ੍ਰਸੰਗਿਕ : ਡਾ. ਸੰਧੂ
ਲਾਇਲਪੁਰ ਖ਼ਾਲਸਾ ਕਾਲਜ ’ਚ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ
Publish Date: Sat, 21 Mar 2026 07:17 PM (IST)
Updated Date: Sat, 21 Mar 2026 07:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜਾ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ’ਚ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਲੇਖ, ਕਵਿਤਾ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਿਰਫ਼ ਇਨਕਲਾਬੀ ਹੀ ਨਹੀਂ ਸਗੋਂ ਇਕ ਡੂੰਘੇ ਚਿੰਤਕ ਵੀ ਸਨ, ਜਿਨ੍ਹਾਂ ਦੇ ਸਮਾਜਿਕ ਨਿਆਂ ਤੇ ਸਮਾਨਤਾ ਦੇ ਵਿਚਾਰ ਅੱਜ ਵੀ ਪ੍ਰਸੰਗਿਕ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਜ਼ਿੰਦਗੀ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ’ਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਵਿਭਾਗ ਦੀ ਕਾਰਜਕਾਰੀ ਮੁਖੀ ਡਾ. ਅਮਨਦੀਪ ਕੌਰ ਨੇ ਭਗਤ ਸਿੰਘ ਦੀ ਸ਼ਹਾਦਤ ਦੇ ਇਤਿਹਾਸਕ ਮਹੱਤਵ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੇ ਦੇਸ਼ਭਗਤੀ ਦੀ ਲਹਿਰ ਪੈਦਾ ਕੀਤੀ, ਜਿਸ ਨਾਲ ਭਾਰਤ ਦੀ ਆਜ਼ਾਦੀ ਦਾ ਰਾਹ ਸੁਗਮ ਹੋਇਆ। ਉਨ੍ਹਾਂ ਜ਼ੋਰ ਦਿੱਤਾ ਕਿ ਅਜਿਹੇ ਮੁਕਾਬਲੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀ ਵਿਚਾਰਧਾਰਾ ਨਾਲ ਜੋੜਦੇ ਹਨ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਲੇਖ ਲਿਖਣ ’ਚ ਹਰਸ਼ਦੀਪ ਕੌਰ ਤੇ ਅਰਸ਼ਦੀਪ ਕੌਰ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸ਼ਿਵਾਨੀ ਪਾਂਡੇ ਤੇ ਹਰਸ਼ਪ੍ਰੀਤ ਕੌਰ ਨੇ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿਤਾ ਲਿਖਣ ’ਚ ਭਾਵੇਸ਼ ਤੇ ਮੋਕਸ਼ ਨੇ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ ਕੀਤਾ।
ਭਾਸ਼ਣ ਮੁਕਾਬਲੇ ’ਚ ਸ਼ਰਨਪ੍ਰੀਤ ਕੌਰ ਪਹਿਲੇ, ਸ਼ਿਵਾਨੀ ਪਾਂਡੇ ਦੂਜੇ ਤੇ ਦੇਵਾਂਸ਼ ਤੇ ਅਰਸ਼ਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੇ। ਇਸ ਮੌਕੇ ਡਾ. ਕਰਨਬੀਰ ਸਿੰਘ, ਪ੍ਰੋ. ਅਮਨਦੀਪ ਕੌਰ ਤੇ ਪ੍ਰੋ. ਜ਼ੀਨਤ ਸਮੇਤ ਹੋਰ ਅਧਿਆਪਕ ਵੀ ਮੌਜੂਦ ਸਨ, ਜਿਨ੍ਹਾਂ ਨੇ ਪ੍ਰੋਗਰਾਮ ਦੀ ਸਫਲਤਾ ਲਈ ਯੋਗਦਾਨ ਪਾਇਆ ਤੇ ਜੱਜਾਂ ਵਜੋਂ ਭੂਮਿਕਾ ਨਿਭਾਈ। ਪ੍ਰੋਗਰਾਮ ਦੀ ਸਮਾਪਤੀ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਲੋਕਤੰਤਰ ਤੇ ਰਾਸ਼ਟਰੀ ਅਖੰਡਤਾ ਦੀ ਰੱਖਿਆ ਲਈ ਸਹੁੰ ਚੁੱਕੀ ਗਈ।