ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 14 ਬੱਸਾਂ ਦੇ ਈ-ਚਲਾਨ
ਭੋਗਪੁਰ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 14 ਬੱਸਾਂ ਦੇ ਈ-ਚਲਾਨ
Publish Date: Mon, 12 Jan 2026 08:24 PM (IST)
Updated Date: Mon, 12 Jan 2026 08:27 PM (IST)

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸ਼ਹਿਰ ’ਚ ਟ੍ਰੈਫਿਕ ਸਮੱਸਿਆ ਨੂੰ ਨਿਯੰਤਰਿਤ ਕਰਨ ਲਈ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਰਾਜੇਸ਼ ਕੁਮਾਰ ਅਰੋੜਾ ਨੇ ਦੱਸਿਆ ਕਿ ਵੱਖ-ਵੱਖ ਕੰਪਨੀਆਂ ਦੀਆਂ 14 ਬੱਸਾਂ ਦੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਕਾਰਨ ਈ-ਚਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬੱਸ ਚਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਭੋਗਪੁਰ ’ਚ ਸਵਾਰੀਆਂ ਸਿਰਫ਼ ਨਵੇਂ ਬਣੇ ਬੱਸ ਅੱਡੇ ਤੋਂ ਹੀ ਚੜ੍ਹਾਈਆਂ ਤੇ ਉਤਾਰੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਬੱਸ ਨੂੰ ਸ਼ਹਿਰ ’ਚ ਰਸਤੇ ਦੌਰਾਨ ਜਾਂ ਨੈਸ਼ਨਲ ਹਾਈਵੇ ’ਤੇ ਖੜ੍ਹਾ ਕੀਤਾ ਗਿਆ ਤਾਂ ਸਬੰਧਤ ਬੱਸ ਚਾਲਕ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ ਚਲਾਨ ਕੀਤਾ ਜਾਵੇਗਾ। ਐੱਸਐਚਓ ਨੇ ਦੱਸਿਆ ਕਿ ਵਿਆਹਾਂ ਦੇ ਸੀਜ਼ਨ ਤੇ ਲੋਹੜੀ-ਮਾਘੀ ਦੇ ਤਿਉਹਾਰਾਂ ਕਾਰਨ ਸ਼ਹਿਰ ’ਚ ਟ੍ਰੈਫਿਕ ਦਾ ਦਬਾਅ ਕਾਫ਼ੀ ਵੱਧ ਗਿਆ ਹੈ, ਜਿਸ ਕਾਰਨ ਨੈਸ਼ਨਲ ਹਾਈਵੇ ’ਤੇ ਲੰਘਦੇ ਵਾਹਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਕਿਸੇ ਵੀ ਵਾਹਨ ਨੂੰ ਨੈਸ਼ਨਲ ਹਾਈਵੇ ’ਤੇ ਪਾਰਕ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨੈਸ਼ਨਲ ਹਾਈਵੇ ਦੀ ਜਗ੍ਹਾ ’ਤੇ ਕਬਜ਼ਾ ਕਰਕੇ ਬਣਾਈਆਂ ਗਈਆਂ ਪੱਕੀਆਂ ਦੁਕਾਨਾਂ ਤੇ ਰੇਹੜੀ-ਫੜ੍ਹੀ ਵਾਲਿਆਂ ਦੇ ਨਾਜਾਇਜ਼ ਕਬਜ਼ੇ ਵੀ ਜਲਦ ਹਟਾਏ ਜਾਣਗੇ।