- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਬੀ ਸਤਵੰਤ ਕੌਰ ਬਿਨਪਾਲਕੇ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ’ਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਵਿਧਾਨ ਸਭਾ ਹਲਕਾ ਕਰਤਾਰਪੁਰ ਦੀ ਸੀਨੀਅਰ ਅਕਾਲੀ ਆਗੂ ਬੀਬੀ ਸਤਵੰਤ ਕੌਰ ਬਿਨਪਾਲਕੇ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਅਕਾਲੀ ਵਰਕਰਾਂ ਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਬੀ ਸਤਵੰਤ ਕੌਰ ਬਿਨਪਾਲਕੇ ਪਾਰਟੀ ਦੀ ਮਿਹਨਤੀ, ਸਰਗਰਮ ਅਤੇ ਸਮਰਪਿਤ ਆਗੂ ਹਨ। ਉਹ ਪਾਰਟੀ ਦੀਆਂ ਮੀਟਿੰਗਾਂ, ਰੈਲੀਆਂ ਅਤੇ ਹੋਰ ਰਾਜਨੀਤਿਕ ਪ੍ਰੋਗਰਾਮਾਂ ’ਚ ਵੱਡੀ ਗਿਣਤੀ ’ਚ ਔਰਤਾਂ ਦੇ ਜਥੇ ਨਾਲ ਸ਼ਮੂਲੀਅਤ ਕਰਦੇ ਰਹੇ ਹਨ। ਉਹ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਮਿਹਨਤ ਕਰਦੇ ਆ ਰਹੇ ਹਨ। ਇਸ ਮੌਕੇ ਬਲਾਕ ਸੰਮਤੀ ਮੈਂਬਰ ਕੁਲਵੰਤ ਸਿੰਘ ਮੱਲ੍ਹੀ ਵੱਲੋਂ ਬੀਬੀ ਸਤਵੰਤ ਕੌਰ ਬਿਨਪਾਲਕੇ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਲੰਬੜਦਾਰ ਗੁਰਦਿਆਲ ਸਿੰਘ ਲਾਡੀ, ਮੁਹੱਬਤਪਾਲ ਸਾਬਕਾ ਮੈਂਬਰ ਪੰਚਾਇਤ ਅਤੇ ਲੰਬੜਦਾਰ ਗੁਰਮੇਲ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਕੁਲਵੰਤ ਸਿੰਘ ਮੱਲ੍ਹੀ ਤੇ ਹੋਰ ਹਾਜ਼ਰ ਸ਼ਖ਼ਸੀਅਤਾਂ ਨੇ ਬੀਬੀ ਸਤਵੰਤ ਕੌਰ ਬਿਨਪਾਲਕੇ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਹਿਲਾਂ ਦੀ ਤਰ੍ਹਾਂ ਭਵਿੱਖ ਵਿੱਚ ਵੀ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਸੇਵਾਵਾਂ ਜਾਰੀ ਰੱਖਣਗੇ।