- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਬੀ ਕਾਕੜ ਕਲਾਂ ਨੇ ਮੁੱਖ ਮੰਤਰੀ ਨੂੰ ਸ਼ਾਹਕੋਟ ਹਲਕੇ ਮੰਗਾਂ ਤੇ ਸਮੱਸਿਆਵਾਂ ਤੋਂ ਕਰਵਾਇਆ ਜਾਣੂ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਕਰਵਾਰ ਹਲਕਾ ਸ਼ਾਹਕੋਟ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਸੜਕ ਬਣਾਉਣ ਦੇ ਇਕ ਅਹਿਮ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਤੇ ਪੰਜਾਬ ਮੰਡੀ ਬੋਰਡ ਅਧੀਨ ਹਲਕਾ ਸ਼ਾਹਕੋਟ ’ਚ 61.82 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ 37.93 ਕਿੱਲੋਮੀਟਰ ਲੰਮੀ ਲਿੰਕ ਸੜਕ (ਸ਼ਾਹਕੋਟ ਮੋਗਾ ਜੀ.ਟੀ. ਰੋਡ ਤੋਂ ਗਿੱਦਰਪਿੰਡੀ ਤੱਕ) ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਰਾਜ ਸਭਾ ਮੈਂਬਰ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ, ਪੰਜਾਬ ਇੰਫੋਟਿਕ ਦੇ ਡਾਇਰੈਕਟਰ ਬੀਬੀ ਰਣਜੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੀ ਉਪ ਪ੍ਰਧਾਨ ਬੀਬੀ ਰਣਜੀਤ ਕੌਰ ਕਾਕੜ ਕਲਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸ਼ਾਹਕੋਟ ਹਲਕੇ ਨਾਲ ਸਬੰਧਤ ਵੱਖ-ਵੱਖ ਜਨਤਕ ਮੰਗਾਂ ਅਤੇ ਲੋਕ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਉਂਦਿਆਂ ਲੋਹੀਆਂ ਖਾਸ-ਜੱਕੋਪੁਰ ਸੜਕ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਮੁੱਖ ਮੰਤਰੀ ਦੇ ਧਿਆਨ ’ਚ ਲਿਆਂਦਾ ਕਿ ਇਸ ਸੜਕ ਦੀ ਮੌਜੂਦਾ ਹਾਲਤ ਬੇਹੱਦ ਖਸਤਾ ਹੋ ਚੁੱਕੀ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਦੌਰਾਨ ਭਾਰੀ ਮਾਨਸਿਕ ਅਤੇ ਸਰੀਰਕ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਜੇ ਇਸ ਸੜਕ ਦਾ ਨਿਰਮਾਣ ਜਲਦ ਕਰਵਾ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਸੁਖਾਲੀ ਹੋਵੇਗੀ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ, ਸਿਹਤ ਸਹੂਲਤਾਂ ਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਬੀਬੀ ਰਣਜੀਤ ਕੌਰ ਕਾਕੜ ਕਲਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਅਤੇ ਸਮੱਸਿਆਵਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਬਹੁਤ ਹੀ ਗੰਭੀਰਤਾ ਨਾਲ ਸੁਣਿਆ ਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਤੇ ਖੇਤਰ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਾਹਕੋਟ ਹਲਕੇ ਦੇ ਵਿਕਾਸ ਲਈ ਲੋੜੀਂਦੇ ਕਦਮ ਜਲਦ ਚੁੱਕੇ ਜਾਣਗੇ ਅਤੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।