- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ ਹਿੰਸਾ ਦੌਰਾਨ ਸਾਹਮਣੇ ਆਈਆਂ ਵੀਡੀਓਜ਼, ਸੀਸੀਟੀਵੀ ਫੁਟੇਜ ਅਤੇ ਹੋਰ ਡਿਜੀਟਲ ਸਬੂਤਾਂ ਦੀ ਮਦਦ ਨਾਲ ਮੁਲਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਜੇਮਸ ਦਹੀਆ ਦੀਆਂ ਕੁਝ ਵੀਡੀਓਜ਼ ਪੁਲਿਸ ਦੇ ਹੱਥ ਲੱਗੀਆਂ ਹਨ, ਜਿਨ੍ਹਾਂ ਦੇ ਆਧਾਰ ’ਤੇ ਉਸ ਦੀ ਘਟਨਾ ਸਥਾਨ ’ਤੇ ਮੌਜੂਦਗੀ ਅਤੇ ਗਤੀਵਿਧੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ’ਚ ਹੋਈ ਹਿੰਸਾ, ਭੰਨਤੋੜ ਤੇ ਅੱਗਜ਼ਨੀ ਦੇ ਮਾਮਲੇ ’ਚ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਪੰਜ ਹੋਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਗਿਆ ਹੈ।
ਗ੍ਰਿਫ਼ਤਾਰ ਨੌਜਵਾਨਾਂ ਦੀ ਪਛਾਣ ਐੱਲਪੀਯੂ ਦੇ ਬੀਟੈਕ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੇ ਵਿਦਿਆਰਥੀ ਜੇਮਸ ਦਹੀਆ, ਫਗਵਾੜਾ ਵਾਸੀ ਗਗਨ ਅਤੇ ਟਿੱਬੀ ਵਾਸੀ ਕਮਲ ਵਜੋਂ ਹੋਈ ਹੈ। ਤਿੰਨਾਂ ਨੂੰ ਅਦਾਲਤ ’ਚ ਪੇਸ਼ ਕਰਕੇ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ।
ਪੁਲਿਸ ਵੱਲੋਂ ਹਿੰਸਾ ਦੌਰਾਨ ਸਾਹਮਣੇ ਆਈਆਂ ਵੀਡੀਓਜ਼, ਸੀਸੀਟੀਵੀ ਫੁਟੇਜ ਅਤੇ ਹੋਰ ਡਿਜੀਟਲ ਸਬੂਤਾਂ ਦੀ ਮਦਦ ਨਾਲ ਮੁਲਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਜੇਮਸ ਦਹੀਆ ਦੀਆਂ ਕੁਝ ਵੀਡੀਓਜ਼ ਪੁਲਿਸ ਦੇ ਹੱਥ ਲੱਗੀਆਂ ਹਨ, ਜਿਨ੍ਹਾਂ ਦੇ ਆਧਾਰ ’ਤੇ ਉਸ ਦੀ ਘਟਨਾ ਸਥਾਨ ’ਤੇ ਮੌਜੂਦਗੀ ਅਤੇ ਗਤੀਵਿਧੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫਗਵਾੜਾ ਵਾਸੀ ਗਗਨ ਦੇ ਪਰਿਵਾਰ ਮੁਤਾਬਕ ਉਹ ਡਿਲਿਵਰੀ ਬੁਆਏ ਵਜੋਂ ਕੰਮ ਕਰਦਾ ਹੈ ਅਤੇ ਕਰੀਬ ਡੇਢ ਮਹੀਨਾ ਪਹਿਲਾਂ ਹੀ ਉਸ ਨੇ ਨੌਕਰੀ ਸ਼ੁਰੂ ਕੀਤੀ ਸੀ।
ਪਰਿਵਾਰ ਨੇ ਉਸ ਦੀ ਭੂਮਿਕਾ ਬਾਰੇ ਪੂਰੀ ਜਾਣਕਾਰੀ ਨਾ ਹੋਣ ਦੀ ਗੱਲ ਕਹੀ ਹੈ। ਕਮਲ ਬਾਰੇ ਦੱਸਿਆ ਗਿਆ ਹੈ ਕਿ ਉਹ ਐੱਲਪੀਯੂ ’ਚ ਪੜ੍ਹ ਚੁੱਕਾ ਹੈ ਅਤੇ ਇਸ ਸਮੇਂ ਇਕ ਦੁਕਾਨ ’ਤੇ ਕੰਮ ਕਰਦਾ ਸੀ। ਪੁਲਿਸ ਉਸ ਨੂੰ ਘਟਨਾ ਵਾਲੇ ਦਿਨ ਕਥਿਤ ਤੌਰ ’ਤੇ ਫੋਨ ਕਰਕੇ ਬੁਲਾਏ ਜਾਣ ਦੇ ਮਾਮਲੇ ਦੀ ਵੀ ਜਾਂਚ ਕਰ ਰਹੀ ਹੈ। ਮਾਮਲੇ ਦੀ ਜਾਂਚ ਲਈ ਪੁਲਿਸ ਨੇ ਦੋ ਐੱਸਆਈਟੀ ਗਠਿਤ ਕੀਤੀਆਂ ਹਨ।
ਇਕ ਟੀਮ ਐੱਫਆਈਆਰ ਨੰਬਰ 163, 105 ਅਤੇ 106 ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀ ਹੈ, ਜਦਕਿ ਦੂਜੀ ਐੱਸਆਈਟੀ ਕੈਂਪਸ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓਜ਼ ਅਤੇ ਹੋਰ ਡਿਜੀਟਲ ਸਮੱਗਰੀ ਨੂੰ ਵੀ ਜਾਂਚ ’ਚ ਸ਼ਾਮਲ ਕੀਤਾ ਗਿਆ ਹੈ। ਪੁਲਿਸ ਨੇ ਪੰਜ ਹੋਰ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਕੇ ਉਨ੍ਹਾਂ ਦੀ ਮੌਜੂਦਗੀ ਅਤੇ ਘਟਨਾਕ੍ਰਮ ਨਾਲ ਸਬੰਧ ਬਾਰੇ ਪੁੱਛਗਿੱਛ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਫਰਹਤ ਨਾਮ ਦੇ ਵਿਅਕਤੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਅਤੇ ਡਿਜੀਟਲ ਸਬੂਤਾਂ ਦੀ ਜਾਂਚ ਤੋਂ ਬਾਅਦ ਮਾਮਲੇ ਨਾਲ ਜੁੜੇ ਹੋਰ ਤੱਥ ਸਾਹਮਣੇ ਆ ਸਕਦੇ ਹਨ।