ਜਲੰਧਰ ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਸਫ਼ਲਤਾ: ਹੋਮੀਓਪੈਥਿਕ ਕਲੀਨਿਕ 'ਤੇ ਗੋਲੀਆਂ ਚਲਾਉਣ ਵਾਲਾ ਮੁਲਜ਼ਮ 48 ਘੰਟਿਆਂ 'ਚ ਗ੍ਰਿਫ਼ਤਾਰ
ਪੁਲਿਸ ਕਮਿਸ਼ਨਰੇਟ ਜਲੰਧਰ ਨੇ ਵੇਰਕਾ ਮਿਲਕ ਪਲਾਂਟ ਦੇ ਨੇੜੇ ਸਥਿਤ 'ਆਰੀਅਨ ਹੋਮੀਓਪੈਥਿਕ ਕਲੀਨਿਕ' 'ਤੇ ਫਾਇਰਿੰਗ ਕਰਨ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਗੁਰਪਾਲ ਸਿੰਘ ਵਜੋਂ ਹੋਈ ਹੈ, ਜੋ ਵੇਰਕਾ ਮਿਲਕ ਪਲਾਂਟ ਦੇ ਨੇੜੇ ਅਸ਼ੋਕ ਵਿਹਾਰ ਕਲੋਨੀ ਦਾ ਰਹਿਣ ਵਾਲਾ ਹੈ।
Publish Date: Tue, 23 Jun 2026 09:59 AM (IST)
Updated Date: Tue, 23 Jun 2026 10:00 AM (IST)

ਜਾਗਰਣ ਸੰਵਾਦਦਾਤਾ, ਜਲੰਧਰ : ਪੁਲਿਸ ਕਮਿਸ਼ਨਰੇਟ ਜਲੰਧਰ ਨੇ ਵੇਰਕਾ ਮਿਲਕ ਪਲਾਂਟ ਦੇ ਨੇੜੇ ਸਥਿਤ 'ਆਰੀਅਨ ਹੋਮੀਓਪੈਥਿਕ ਕਲੀਨਿਕ' 'ਤੇ ਫਾਇਰਿੰਗ ਕਰਨ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਗੁਰਪਾਲ ਸਿੰਘ ਵਜੋਂ ਹੋਈ ਹੈ, ਜੋ ਵੇਰਕਾ ਮਿਲਕ ਪਲਾਂਟ ਦੇ ਨੇੜੇ ਅਸ਼ੋਕ ਵਿਹਾਰ ਕਲੋਨੀ ਦਾ ਰਹਿਣ ਵਾਲਾ ਹੈ।
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਦਰਜ ਮਾਮਲੇ 'ਚ ਕਾਰਵਾਈ ਕਰਦਿਆਂ ਉਸ ਨੂੰ ਹਿਰਾਸਤ 'ਚ ਲੈ ਲਿਆ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। 22 ਜੂਨ ਨੂੰ ਡਾ. ਸੰਦੀਪ ਸ਼ਰਮਾ (ਨਿਵਾਸੀ ਵੀਨਸ ਵੈਲੀ, ਜਲੰਧਰ) ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ 20 ਜੂਨ ਦੀ ਰਾਤ ਨੂੰ ਉਨ੍ਹਾਂ ਦੀ ਪਤਨੀ ਡਾ. ਵਿਸ਼ਵਜੀਤ ਕੌਰ ਨੇ ਸਲੇਮਪੁਰ ਰੋਡ ਸਥਿਤ ਆਰੀਅਨ ਹੋਮੀਓਪੈਥਿਕ ਕਲੀਨਿਕ ਬੰਦ ਕੀਤਾ ਸੀ। 22 ਜੂਨ ਦੀ ਸਵੇਰ ਨੂੰ ਜਦੋਂ ਉਨ੍ਹਾਂ ਦੇ ਭਤੀਜੇ ਮੋਹਿਤ ਬਾਵਾ ਨੇ ਕਲੀਨਿਕ ਦਾ ਸ਼ਟਰ ਖੋਲ੍ਹਿਆ ਤਾਂ ਅੰਦਰਲਾ ਸ਼ੀਸ਼ਾ ਟੁੱਟਿਆ ਹੋਇਆ ਮਿਲਿਆ। ਜਾਂਚ ਕਰਨ 'ਤੇ ਪਤਾ ਲੱਗਾ ਕਿ ਸ਼ੀਸ਼ੇ 'ਤੇ ਗੋਲੀ ਲੱਗਣ ਦਾ ਨਿਸ਼ਾਨ ਸੀ ਅਤੇ ਗੋਲੀ ਆਰ-ਪਾਰ ਹੋਈ ਜਾਪਦੀ ਸੀ।
ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਵੱਖ-ਵੱਖ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਜਾਂਚ ਅਤੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਗੁਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ। ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਹੀ ਹੈ ਕਿ ਫਾਇਰਿੰਗ ਦੇ ਪਿੱਛੇ ਕੀ ਕਾਰਨ ਸੀ ਅਤੇ ਕੀ ਇਸ ਘਟਨਾ 'ਚ ਕੋਈ ਹੋਰ ਵਿਅਕਤੀ ਵੀ ਸ਼ਾਮਲ ਸੀ।