ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ
ਬਿਲਗਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Publish Date: Thu, 12 Feb 2026 09:34 PM (IST)
Updated Date: Thu, 12 Feb 2026 09:36 PM (IST)

ਤਜਿੰਦਰ ਕੁਮਾਰ, ਪੰਜਾਬੀ ਜਾਗਰਣ, ਬਿਲਗਾ/ਨੂਰਮਹਿਲ : ਨਸ਼ਾ ਤਸਕਰੀ ਤੇ ਅਪਰਾਧਿਕ ਤੱਤਾਂ ਖ਼ਿਲਾਫ਼ ਚੱਲ ਰਹੀ ਰੋਕਥਾਮ ਮੁਹਿੰਮ ਤਹਿਤ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਸੰਪਰਕ ਪ੍ਰੋਗਰਾਮ ਕਰਵਾਇਆ। ਇਹ ਪ੍ਰੋਗਰਾਮ ਐੱਸਐੱਸਪੀ ਦਿਹਾਤੀ ਹਰਵਿੰਦਰ ਸਿੰਘ ਵਿਰਕ ਦੀ ਨਿਰਦੇਸ਼ਨਾਵਲੀ ’ਚ ਐੱਸਪੀ (ਹੈੱਡਕੁਆਰਟਰ) ਡਾ. ਮੁਕੇਸ਼ ਕੁਮਾਰ, ਡੀਐੱਸਪੀ ਫਿਲੌਰ ਭਾਰਤ ਮਸੀਹ ਲੱਦੜ ਤੇ ਥਾਣਾ ਬਿਲਗਾ ਐੱਸਐੱਚਓ ਸੁਖਜਿੰਦਰ ਸਿੰਘ ਖਹਿਰਾ ਦੀ ਮੌਜੂਦਗੀ ’ਚ, ਥਾਣੇਦਾਰ ਅਵਤਾਰ ਲਾਲ ਵੱਲੋਂ ਕਰਵਾਇਆ ਗਿਆ। ਪ੍ਰੋਗਰਾਮ ’ਚ ਕਰੀਬ 20 ਪਿੰਡਾਂ ਦੇ ਲੋਕਾਂ ਨੇ ਹਿੱਸਾ ਲਿਆ, ਜਿਸ ’ਚ ਪਿੰਡ ਵਾਸੀ, ਨੌਜਵਾਨ ਤੇ ਮੋਹਤਬਰ ਸ਼ਾਮਲ ਸਨ। ਮੀਟਿੰਗ ਦੌਰਾਨ ਪੁਲਿਸ ਵੱਲੋਂ ਪਿਛਲੇ ਸਾਲ ਨਸ਼ਾ ਤਸਕਰੀ ਤੇ ਅਪਰਾਧ ਰੋਕਥਾਮ ਲਈ ਕੀਤੀ ਗਈ ਕਾਰਗੁਜ਼ਾਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਤੇ ਲੋਕਾਂ ਵੱਲੋਂ ਮਿਲ ਰਹੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਥਾਣਾ ਬਿਲਗਾ ਪੁਲਿਸ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਸੇਫ ਪੰਜਾਬ ਪੋਰਟਲ ਬਾਰੇ ਵੀ ਜਾਣਕਾਰੀ ਦਿੱਤੀ। ਪੁਲਿਸ ਨੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦੇ ਖ਼ਿਲਾਫ਼ ਬਿਨਾਂ ਕਿਸੇ ਡਰ ਦੇ ਸ਼ਿਕਾਇਤ ਦਰਜ ਕਰੋ। ਪਿੰਡਾਂ ਤੋਂ ਆਏ ਲੋਕਾਂ ਨੇ ਵੀ ਇਸ ਗੱਲ ਦਾ ਸਤਿਕਾਰ ਕੀਤਾ ਕਿ ਇੰਨੇ ਨਾਕਿਆਂ ਦੇ ਬਾਵਜੂਦ ਵੀ ਹਲਚਲ ਕਰਨ ਵਾਲੇ ਕੁਝ ਵਿਅਕਤੀਆਂ ਨੂੰ ਫੜਿਆ ਨਹੀਂ ਗਿਆ। ਪੁਲਿਸ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਕਿਸੇ ਵੀ ਸ਼ਰਾਰਤੀ ਵਿਅਕਤੀ ਨੂੰ ਛੱਡਿਆ ਨਹੀਂ ਜਾਵੇਗਾ ਤੇ ਭਵਿੱਖ ’ਚ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।