- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਤੇ ਕਾਂਗਰਸ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ, ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨਾ ਮੰਦਭਾਗਾ: ਰਾਮ ਸਿੰਘ ਬੋਲੀਨਾ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਬਸਪਾ ਪੰਜਾਬ ਦੇ ਸੀਨੀਅਰ ਆਗੂ ਅਤੇ ਪੰਚਾਇਤ ਯੂਨੀਅਨ ਜਲੰਧਰ ਦੇ ਪ੍ਰਧਾਨ ਰਾਮ ਸਿੰਘ ਬੋਲੀਨਾ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਕਾਂਗਰਸ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਬਿਲਕੁਲ ਨਹੀਂ ਚਾਹੁੰਦੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਜੇਲ੍ਹਾਂ ਵਿੱਚੋਂ ਬਾਹਰ ਆਉਣ। ਭਾਜਪਾ ਅਤੇ ਕਾਂਗਰਸ ਦੋਵਾਂ ਸਿਆਸੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਵਿਤਕਰਾ ਕੀਤਾ ਹੈ। ਚਾਹੇ ਉਹ ਬੰਦੀ ਸਿੰਘਾਂ ਦਾ ਮਾਮਲਾ ਹੋਵੇ, ਪੰਜਾਬ ਦੇ ਪਾਣੀਆਂ ਦਾ ਮੁੱਦਾ ਹੋਵੇ ਜਾਂ ਕਿਸਾਨੀ ਮੰਗਾਂ, ਇਨ੍ਹਾਂ ਪਾਰਟੀਆਂ ਨੇ ਪੰਜਾਬ ਨੂੰ ਸਿਰਫ਼ ਵੋਟਾਂ ਦੇ ਸਿਆਸੀ ਲਾਹੇ ਲਈ ਹੀ ਵਰਤਿਆ ਹੈ। ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ਜੇ ਸਿਰਸੇ ਵਾਲੇ ਬਲਾਤਕਾਰੀ ਸੌਦੇ ਸਾਧ ਨੂੰ ਸਾਲ ਵਿੱਚ ਤਿੰਨ ਤੋਂ ਚਾਰ ਵਾਰ ਜ਼ਮਾਨਤ (ਪੈਰੋਲ) ਮਿਲ ਸਕਦੀ ਹੈ, ਤਾਂ ਬੰਦੀ ਸਿੰਘਾਂ ਨਾਲ ਇਹ ਪੱਖਪਾਤ ਕਿਉਂ? ਉਨ੍ਹਾਂ 'ਤੇ ਵੀ ਦੇਸ਼ ਦਾ ਉਹੀ ਕਾਨੂੰਨ ਲਾਗੂ ਹੁੰਦਾ ਹੈ। ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਬੰਦ ਰੱਖਣਾ ਦੇਸ਼ ਦੇ ਕਾਨੂੰਨ ਅਤੇ ਮਨੁੱਖੀ ਅਧਿਕਾਰਾਂ ਦਾ ਸ਼ਰੇਆਮ ਘਾਣ ਹੈ।