ਜ਼ਿਲ੍ਹਾ ਪ੍ਰਧਾਨ ਹਿੱਕੀ ਦੀ ਅਗਵਾਈ ਕਰੇਗੀ ਸੰਗਠਨ ਹੋਰ ਮਜ਼ਬੂਤ : ਸ਼ਰਮਾ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੇ ਸਨਮਾਨ ’ਚ ਭਾਜਪਾ ਕੋਰ ਗਰੁੱਪ ਦੀ ਮੀਟਿੰਗ ਹੋਈ
Publish Date: Wed, 22 Jul 2026 10:29 PM (IST)
Updated Date: Wed, 22 Jul 2026 10:31 PM (IST)
-25 ਜੁਲਾਈ ਸ਼ਾਮ 5 ਵਜੇ ਜ਼ਿਲ੍ਹਾ ਪ੍ਰਧਾਨ ਵਜੋਂ ਸੰਭਾਲਣਗੇ ਅਹੁਦਾ -ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ‘ਤੇ ਹੋਇਆ ਮੰਥਨ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਜਲੰਧਰ (ਸ਼ਹਿਰੀ) ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੇ ਸਨਮਾਨ ’ਚ ਸਥਾਨਕ ਹੋਟਲ ’ਚ ਭਾਜਪਾ ਕੋਰ ਗਰੁੱਪ ਦੀ ਇਕ ਮਹੱਤਵਪੂਰਨ ਮੀਟਿੰਗ ਕਰਵਾਈ। ਮੀਟਿੰਗ ਦੀ ਪ੍ਰਧਾਨਗੀ ਭਾਜਪਾ ਜਲੰਧਰ (ਸ਼ਹਿਰੀ) ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕੀਤੀ। ਮੀਟਿੰਗ ਦੌਰਾਨ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਲੀਡਰਸ਼ਿਪ ਨੇ ਇੱਕ ਸਮਰਪਿਤ, ਤਜਰਬੇਕਾਰ ਅਤੇ ਮਿਹਨਤੀ ਕਾਰਕੁਨ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਭਾਜਪਾ ਜਲੰਧਰ ਸ਼ਹਿਰੀ ਸੰਗਠਨ ਨਵੀਆਂ ਉੱਚਾਈਆਂ ਨੂੰ ਛੂਹੇਗਾ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਲੰਧਰ ਦੀਆਂ ਚਾਰੋਂ ਵਿਧਾਨ ਸਭਾ ਸੀਟਾਂ ‘ਤੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਜਿਤਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਸੁਸ਼ੀਲ ਸ਼ਰਮਾ ਨੇ ਕਿਹਾ ਕਿ ਭਾਜਪਾ ਕਾਰਕੁਨਾਂ ਆਧਾਰਿਤ ਸੰਗਠਨ ਹੈ ਅਤੇ ਹਰ ਕਾਰਕੁਨ ਦੀ ਮਿਹਨਤ ਅਤੇ ਸਮਰਪਣ ਸਦਕਾ ਹੀ ਪਾਰਟੀ ਲਗਾਤਾਰ ਅੱਗੇ ਵੱਧ ਰਹੀ ਹੈ। ਮੀਟਿੰਗ ਦੌਰਾਨ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਸੀਨੀਅਰ ਨੇਤਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜਤਾਏ ਗਏ ਭਰੋਸੇ ‘ਤੇ ਉਹ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਖਰਾ ਉਤਰਣ ਦੀ ਕੋਸ਼ਿਸ਼ ਕਰਨਗੇ। ਮੀਟਿੰਗ ਵਿੱਚ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਅਸ਼ੋਕ ਸਰੀਨ ਹਿੱਕੀ 25 ਜੁਲਾਈ ਨੂੰ ਸ਼ਾਮ 5:00 ਵਜੇ ਸਥਾਨਕ ਭਾਜਪਾ ਦਫ਼ਤਰ, ਸਰਕੂਲਰ ਰੋਡ, ਸ਼ੀਤਲਾ ਮਾਤਾ ਮੰਦਰ ਨੇੜੇ, ਜਲੰਧਰ ਵਿਖੇ ਜ਼ਿਲ੍ਹਾ ਪ੍ਰਧਾਨ ਦਾ ਅਹੁਦਾ ਸੰਭਾਲਣਗੇ। ਮੀਟਿੰਗ ਵਿੱਚ ਮੁੱਖ ਤੌਰ ‘ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਭਾਜਪਾ ਪੰਜਾਬ ਦੇ ਪ੍ਰਦੇਸ਼ ਮਹਾਮੰਤਰੀ ਰਾਕੇਸ਼ ਰਾਠੌੜ, ਪ੍ਰਦੇਸ਼ ਉਪ ਪ੍ਰਧਾਨ ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸਰਬਜੀਤ ਸਿੰਘ ਮੱਕੜ, ਕਰਮਜੀਤ ਕੌਰ ਚੌਧਰੀ, ਕੈਂਟ ਬੋਰਡ ਦੇ ਸਿਵਲ ਮੈਂਬਰ ਪੁਨੀਤ ਸ਼ੁਕਲਾ, ਰਮਨ ਪੱਬੀ, ਜ਼ਿਲ੍ਹਾ ਮਹਾਮੰਤਰੀ ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ ਅਤੇ ਜ਼ਿਲ੍ਹਾ ਸਕੱਤਰ ਅਮਿਤ ਭਾਟੀਆ ਹਾਜ਼ਰ ਸਨ।