- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਚ ਭਾਜਪਾ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਮੋਦੀ ਸਰਕਾਰ ਨੇ ਵਿਕਾਸ ਅਤੇ ਸਿੱਖ ਵਿਰਾਸਤ ਲਈ ਇਤਿਹਾਸਕ ਕੰਮ ਕੀਤੇ: ਹਿੱਕੀ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਆਪ ਆਗੂ ਦੀਪਕ ਬਾਲੀ ਵੱਲੋਂ ਦਿੱਤੇ ਗਏ ਭਾਜਪਾ ਨੇ ਪੰਜਾਬ ਲਈ ਕੁਝ ਨਹੀਂ ਕੀਤਾ ਵਾਲੇ ਬਿਆਨ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਬਾਲੀ ਨੂੰ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਅੰਕੜੇ ਅਤੇ ਇਤਿਹਾਸ ਦੋਵੇਂ ਪੜ੍ਹਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਕੇਂਦਰ ਦੀ ਮੋਦੀ ਸਰਕਾਰ ਨੇ ਜਲੰਧਰ ਵਿੱਚ 5,470 ਕਰੋੜ ਤੋਂ ਵੱਧ ਦੇ ਰੇਲ ਅਤੇ ਸੜਕ ਪ੍ਰੋਜੈਕਟ ਦਿੱਤੇ ਹਨ। ਇਸ ਤੋਂ ਇਲਾਵਾ ਪੰਜਾਬ ਲਈ 5,421 ਕਰੋੜ ਦਾ ਰੇਲਵੇ ਬਜਟ ਅਤੇ ਲਗਭਗ 25,000 ਕਰੋੜ ਦੇ ਰੇਲਵੇ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ।
ਕਰਤਾਰਪੁਰ ਸਾਹਿਬ ਕੋਰੀਡੋਰ, ਏਮਜ਼ ਬਠਿੰਡਾ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਅਤੇ ਰਾਸ਼ਟਰੀ ਰਾਜਮਾਰਗਾਂ ਦੇ ਪ੍ਰੋਜੈਕਟ ਮੋਦੀ ਸਰਕਾਰ ਦੇ ਵਿਕਾਸ ਕਾਰਜਾਂ ਦੇ ਸਪੱਸ਼ਟ ਸਬੂਤ ਹਨ। ਹਿੱਕੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਿਰਫ਼ ਵਿਕਾਸ ਹੀ ਨਹੀਂ ਕੀਤਾ, ਸਗੋਂ ਸਿੱਖ ਧਰਮ ਦੀਆਂ ਭਾਵਨਾਵਾਂ ਅਤੇ ਵਿਰਾਸਤ ਨਾਲ ਜੁੜੇ ਕਈ ਇਤਿਹਾਸਕ ਫ਼ੈਸਲੇ ਵੀ ਕੀਤੇ ਹਨ। ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਵਰਤੀ ਜਾਣ ਵਾਲੀ ਸਮੱਗਰੀ ਉੱਤੇ ਪੈਂਦੇ ਜੀਐਸਟੀ ਦੇ ਬੋਝ ਨੂੰ ਘਟਾਉਣ ਲਈ ਜੀਐਸਟੀ ਰਿਫੰਡ ਯੋਜਨਾ ਰਾਹੀਂ ਵੱਡੀ ਰਾਹਤ ਦਿੱਤੀ ਗਈ। ਇਸੇ ਤਰ੍ਹਾਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਕਰਕੇ ਉਨ੍ਹਾਂ ਦੀ ਵੀਰਤਾ ਨੂੰ ਰਾਸ਼ਟਰੀ ਪੱਧਰ ’ਤੇ ਸਨਮਾਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਸੰਕਟ ਦੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਪੂਰੇ ਸਤਿਕਾਰ ਨਾਲ ਭਾਰਤ ਲਿਆਉਣ ਵਿੱਚ ਵੀ ਕੇਂਦਰ ਸਰਕਾਰ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਇਹ ਕੇਵਲ ਇੱਕ ਪ੍ਰਸ਼ਾਸਨਿਕ ਕਦਮ ਨਹੀਂ ਸੀ, ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸਰਵੋਚ ਸਤਿਕਾਰ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਨਮਾਨ ਸੀ।
ਉਨ੍ਹਾਂ ਕਿਹਾ ਕਿ ਆਪ ਦੇ ਆਗੂਆਂ ਨੂੰ ਮੋਦੀ ਸਰਕਾਰ ਤੋਂ ਹਿਸਾਬ ਮੰਗਣ ਤੋਂ ਪਹਿਲਾਂ ਪੰਜਾਬ ਵਿੱਚ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਰੱਖਣਾ ਚਾਹੀਦਾ ਹੈ। ਪੰਜਾਬ ਦੀ ਜਨਤਾ ਹੁਣ ਨਕਾਰਾਤਮਕ ਬਿਆਨਬਾਜ਼ੀ ਨਹੀਂ, ਸਗੋਂ ਜ਼ਮੀਨ ’ਤੇ ਨਜ਼ਰ ਆਉਣ ਵਾਲਾ ਵਿਕਾਸ ਅਤੇ ਕੰਮ ਦਾ ਸਬੂਤ ਦੇਖ ਰਹੀ ਹੈ।