- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫਿਲੌਰ ਵਿੱਚ ਭਾਜਪਾ ਆਗੂਆਂ ਨੇ ਫੂਕਿਆ ਪੁਤਲਾ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ’ਚ ਲੱਚਰ ਗਾਣੇ ਚਲਾਉਣ ਦੇ ਲਾਏ ਦੋਸ਼
ਅਜੇ ਸਿੰਘ ਨਾਗੀ/ਨਵਦੀਪ ਸਿੰਘ ਨਵੀ, ਪੰਜਾਬੀ ਜਾਗਰਣ, ਫਿਲੌਰ :
ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਲੁਧਿਆਣਾ ’ਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ‘ਜਸ਼ਨ-ਏ-ਇਨਕਲਾਬ’ ਸਮਾਗਮ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਰੋਸ ਪ੍ਰਗਟ ਕੀਤਾ ਗਿਆ। ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਜੀ ਦੀ ਜੀਵਨੀ ਤੇ ਇਤਿਹਾਸ ਬਾਰੇ ਜਾਣੂ ਕਰਵਾਉਣ ਦੀ ਬਜਾਏ ਲੱਚਰ ਗਾਣੇ ਚਲਾਏ ਗਏ, ਜਿਸ ਨਾਲ ਸ਼ਹੀਦ ਦਾ ਸਨਮਾਨ ਕਰਨ ਦੀ ਬਜਾਏ ਉਨ੍ਹਾਂ ਦਾ ਅਪਮਾਨ ਹੋਇਆ ਹੈ।
ਇਸ ਦੇ ਰੋਸ ਵਜੋਂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਯੁਵਾ ਮੋਰਚਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਫਿਲੌਰ ’ਚ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮਨਮੀਤ ਸਿੰਘ ਵਿੱਕੀ ਨੇ ਪੰਜਾਬ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੂੰ ਸਨਮਾਨ ਦੇਣ ਦੀ ਬਜਾਏ ਉਨ੍ਹਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਭਗਤ ਸਿੰਘ ਜੀ ਦੇ ਸਮਰਥਕਾਂ ਅਤੇ ਪੰਜਾਬ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮਾਮਲੇ ਸਬੰਧੀ ਮੁਆਫ਼ੀ ਮੰਗਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਪੰਜਾਬ ਸਰਕਾਰ ਨੇ ਮੁਆਫ਼ੀ ਨਾ ਮੰਗੀ ਤਾਂ ਭਾਜਪਾ ਵੱਲੋਂ ਪੂਰੇ ਪੰਜਾਬ ਵਿੱਚ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਅਜੇ ਪੁੰਜ, ਮੀਡੀਆ ਇੰਚਾਰਜ ਜ਼ਿਲ੍ਹਾ ਜਲੰਧਰ, ਰਾਜੇਸ਼ ਯੋਗੀ, ਯੋਗੇਸ਼ ਚਚਰਾੜੀ, ਨਿਆਣੇ ਰਾਜੀਵ ਪਰਾਸਰ, ਰਵੀ ਜੋਸ਼ੀ, ਅਮਿਤ ਗੁਪਤਾ, ਲਵਪ੍ਰੀਤ, ਅਮਿਤ ਵਰਮਾ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਮੈਂਬਰ ਹਾਜ਼ਰ ਸਨ।