- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਟਕੜ ਕਲਾਂ ਵਿਖੇ ਭਾਜਪਾ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

-ਖਟਕੜ ਕਲਾਂ ’ਚ ਭਾਜਪਾ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ
-ਸ਼ਹੀਦ ਦੀ ਸੋਚ ਨੂੰ ਸਮਾਗਮਾਂ ਤੱਕ ਸੀਮਤ ਰੱਖਣ ਦੀ ਬਜਾਏ ਹੋਵੇ ਅਮਲ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਸਕੱਤਰ ਮੀਨੂ ਸੇਠੀ ਤੇ ਰਾਕੇਸ਼ ਸ਼ਰਮਾ, ਯੁਵਾ ਮੋਰਚਾ ਪ੍ਰਧਾਨ ਅਨੁਜ ਖੋਸਲਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਨੌਜਵਾਨ ਹਾਜ਼ਰ ਸਨ। ਕੇਵਲ ਸਿੰਘ ਢਿੱਲੋਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਖਟਕੜ ਕਲਾਂ ਦੀ ਧਰਤੀ ਕੁਰਬਾਨੀ, ਦੇਸ਼ਭਗਤੀ ਅਤੇ ਇਨਕਲਾਬੀ ਵਿਚਾਰਧਾਰਾ ਦੀ ਪ੍ਰੇਰਣਾ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਦੇਸ਼ ਸੇਵਾ ਦਾ ਸੰਦੇਸ਼ ਦਿੰਦੀਆਂ ਰਹਿਣਗੀਆਂ।
ਇਸ ਮੌਕੇ ਢਿੱਲੋਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਿਆਂ, ਅਪਰਾਧ ਅਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਗੰਭੀਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਇਨ੍ਹਾਂ ਮੁੱਦਿਆਂ ਦੇ ਹੱਲ ਵੱਲ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਸਰਕਾਰ ਵੱਲੋਂ ਮਨਾਏ ਜਾ ਰਹੇ ਜਨਮ ਦਿਹਾੜੇ ਦੇ ਸਮਾਗਮਾਂ ’ਤੇ ਵੀ ਸਵਾਲ ਉਠਾਏ। ਭਾਜਪਾ ਆਗੂ ਨੇ ਕਿਹਾ ਕਿ ਪਾਰਟੀ ਵੱਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਤੋਂ ਪ੍ਰੇਰਣਾ ਲੈਂਦਿਆਂ ਨਸ਼ਾ ਮੁਕਤ, ਸੁਰੱਖਿਅਤ ਅਤੇ ਵਿਕਸਤ ਪੰਜਾਬ ਲਈ ਆਪਣੀ ਮੁਹਿੰਮ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਸਿਰਫ਼ ਸਮਾਗਮਾਂ ਤੱਕ ਸੀਮਤ ਰੱਖਣ ਦੀ ਬਜਾਏ ਉਨ੍ਹਾਂ ਦੇ ਵਿਚਾਰਾਂ ਨੂੰ ਸਮਾਜ ਵਿੱਚ ਅਮਲ ਵਿੱਚ ਲਿਆਉਣ ਦੀ ਲੋੜ ਹੈ।