ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਕਰੇਗੀ ਕੋਸ਼ਿਸ਼ : ਤਰਸੇਮ ਰੁਪਾਣਾ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਕਰੇਗੀ ਯਤਨ: ਤਰਸੇਮ ਰੁਪਾਣਾ
Publish Date: Wed, 21 Oct 2026 06:26 PM (IST)
Updated Date: Wed, 21 Oct 2026 06:27 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਭਾਜਪਾ ਵਿਮੁਕਤ ਜਾਤੀਆਂ ਪੰਜਾਬ ਦੇ ਪ੍ਰਧਾਨ ਤਰਸੇਮ ਰੁਪਾਣਾ ਨੇ ਮਾਨਸਾ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਇਸ ਘਟਨਾ ਲਈ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਨਸ਼ਾ ਤਸਕਰਾਂ ਵਿਰੁੱਧ ਸਮੇਂ ਸਿਰ ਠੋਸ ਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਂਦੀ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਸੀ। ਤਰਸੇਮ ਰੁਪਾਣਾ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਾ ਵਧਦਾ ਕਾਰੋਬਾਰ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਨਾ ਕੀਤੇ ਜਾਣ ਕਾਰਨ ਅਜਿਹੇ ਅਨਸਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਨੂੰ ਠੋਸ ਕਦਮ ਚੁੱਕਣ ਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਸੀ। ਇਸ ਮੌਕੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਵਾਉਣ ਦਾ ਭਰੋਸਾ ਦਿੱਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਰੁਪਾਣਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਸੀਬੀਆਈ ਦੇ ਅਧਿਕਾਰੀਆਂ ਦੇ ਮਾਨਸਾ ਪਹੁੰਚਣ ਤੇ ਮੁਲਜ਼ਮ ਅਸ਼ਵਨੀ ਕੁਮਾਰ ਵਿਰੁੱਧ ਐੱਫਆਈਆਰ ਦਰਜ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਕੀਤੀ ਜਾਵੇ ਤੇ ਜੇਕਰ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਵੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਭਾਜਪਾ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਤੇ ਮਾਮਲੇ ’ਚ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।