ਮਹਾਂ ਪੰਚਾਇਤ ਬੀਕੇਯੂ ਸਿੱਧੂਪੁਰ ਦਾ ਜਥਾ ਰਵਾਨਾ
ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਮਹਾਂ ਪੰਚਾਇਤ ’ਚ ਸ਼ਾਮਲ ਹੋਣ ਲਈ ਜਲੰਧਰ ਤੋਂ ਬੀਕੇਯੂ ਸਿੱਧੂਪੁਰ ਦਾ ਜੱਥਾ ਹੋਇਆ ਰਵਾਨਾ
Publish Date: Sun, 07 Dec 2025 07:52 PM (IST)
Updated Date: Mon, 08 Dec 2025 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਹੋਈ ਮਹਾਂ ਪੰਚਾਇਤ ’ਚ ਸ਼ਮੂਲੀਅਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਜਲੰਧਰ ਦਾ ਜਥਾ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਇਆ। ਕੁਲਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਹਰ ਸਮੇਂ ਮਨੁੱਖਤਾ ਦੀ ਭਲਾਈ ਲਈ ਆਵਾਜ਼ ਬੁਲੰਦ ਕੀਤੀ ਤੇ ਆਪਣੇ ਸਰਬੰਸ ਵਾਰ ਕੇ ਧਰਮ ਤੇ ਮਨੁੱਖਤਾ ਦੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਬੇਅਦਬੀਆਂ ਦੇ ਕੇਸਾਂ ਦਾ ਇਨਸਾਫ ਦਿਵਾਉਣ ਦਾ ਵਾਅਦਾ ਤਾਂ ਕੀਤਾ ਸੀ ਪਰ ਲਗਭਗ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕੋਈ ਵੀ ਦੋਸ਼ੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗੁਰੂਘਰ ਦੇ ਇਸ ਗੰਭੀਰ ਮਾਮਲੇ ’ਚ ਸਰਕਾਰ ਵੱਲੋਂ ਨਾ ਹੀ ਕੋਈ ਢੰਗ ਦਾ ਯਤਨ ਹੋ ਰਿਹਾ ਹੈ ਤੇ ਨਾ ਹੀ ਮੁਲਜ਼ਮਾਂ ਨੂੰ ਕਾਨੂੰਨ ਦੇ ਹਵਾਲੇ ਕੀਤਾ ਜਾ ਰਿਹਾ ਹੈ। ਇਸ ਲਈ ਸਾਰੇ ਬਲਾਕਾਂ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ ’ਚ ਸ਼ਮੂਲੀਅਤ ਕੀਤੀ ਹੈ। ਕੁਲਵਿੰਦਰ ਸਿੰਘ ਨੇ ਮੰਗ ਕੀਤੀ ਕਿ 328 ਪਾਵਨ ਸਰੂਪਾਂ ਦੇ ਗੁੰਮ ਹੋਣ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਜ਼ਿਲ੍ਹਾ ਖਜਾਨਚੀ ਕੁਲਦੀਪ ਸਿੰਘ, ਬਲਾਕ ਪ੍ਰਧਾਨ ਹਰਨੇਕ ਸਿੰਘ, ਜੋਗਾ ਸਿੰਘ ਸਰਹਾਲੀ, ਭਰਪੂਰ ਸਿੰਘ ਸਰਹਾਲੀ, ਦੀਪਾ ਆਦਿ ਹਾਜ਼ਰ ਸਨ।