
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਖੇਡਾਂ ਵਤਨ ਪੰਜਾਬ ਦੀਆਂ-2026

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ ਜਲੰਧਰ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ 7 ਸਤੰਬਰ 2026 ਤੋਂ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ 12 ਸਤੰਬਰ ਤੱਕ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਕਬੱਡੀ, ਐਥਲੈਟਿਕਸ, ਖੋ-ਖੋ, ਵਾਲੀਬਾਲ, ਫੁੱਟਬਾਲ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਕਬੱਡੀ, ਐਥਲੈਟਿਕਸ, ਖੋ-ਖੋ, ਵਾਲੀਬਾਲ, ਫੁੱਟਬਾਲ, ਬਾਕਸਿੰਗ, ਜਿਮਨਾਸਟਿਕ, ਟੈਨਿਸ, ਟੇਬਲ ਟੈਨਿਸ, ਬੈਡਮਿੰਟਨ, ਜੂਡੋ, ਰੈਸਲਿੰਗ ਸਮੇਤ 28 ਖੇਡਾਂ ਦੇ ਮੁਕਾਬਲੇ ਹੋਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਦੇ ਹਨ, ਜਿਸ ਦੇ ਲਈ ਵਿਭਾਗ ਦੇ ਪੋਰਟਲ ’ਤੇ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਖੇਡਾਂ ਦੌਰਾਨ ਮੌਕੇ ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਖੇਡ ਸੰਸਥਾਵਾਂ ਅਤੇ ਕੋਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਲਈ ਉਤਸ਼ਾਹਿਤ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ ਅਤੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਵੀ ਮੌਜੂਦ ਸਨ।