- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋਹਰੀ ਨਾਕਾਮੀ ਨੇ ਨੌਜਵਾਨਾਂ ਦਾ ਭਵਿੱਖ ਦਾਅ 'ਤੇ ਲਾਇਆ, ਪੇਪਰ ਲੀਕ ਮਾਮਲੇ 'ਚ ਦੋਵੇਂ ਸਰਕਾਰਾਂ ਬੇਨਕਾਬ-ਪਰਗਟ ਸਿੰਘ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ :
ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਚਾਹੇ ਕੇਂਦਰ ਵਿੱਚ ਭਾਜਪਾ ਹੋਵੇ ਜਾਂ ਪੰਜਾਬ ਵਿੱਚ 'ਆਪ', ਦੋਵੇਂ ਸਰਕਾਰਾਂ ਪੇਪਰ ਲੀਕ ਅਤੇ ਭਰਤੀ ਘੁਟਾਲਿਆਂ ਵਿੱਚ ਜਵਾਬਦੇਹੀ ਤੈਅ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ। ਸਰਕਾਰਾਂ ਨੇ ਨੌਜਵਾਨਾਂ ਨੂੰ ਪਾਰਦਰਸ਼ੀ ਭਰਤੀ ਪ੍ਰਣਾਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਅੱਜ ਦੇਸ਼ ਅਤੇ ਪੰਜਾਬ ਦੇ ਲੱਖਾਂ ਨੌਜਵਾਨਾਂ ਦਾ ਭਵਿੱਖ ਪੇਪਰ ਮਾਫੀਆ ਅਤੇ ਭ੍ਰਿਸ਼ਟ ਤੰਤਰ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 454 ਫਾਰਮਾਸਿਸਟ ਅਸਾਮੀਆਂ ਲਈ ਹੋਈ ਭਰਤੀ ਪ੍ਰੀਖਿਆ ਵਿੱਚ ਸਾਹਮਣੇ ਆਇਆ ਕਥਿਤ ਪੇਪਰ ਲੀਕ ਅਤੇ ਨਕਲ ਘੁਟਾਲਾ ਬਹੁਤ ਹੀ ਗੰਭੀਰ ਹੈ। ਇੰਨੀ ਵੱਡੀ ਸਾਜ਼ਿਸ਼ ਸਰਕਾਰ ਦੀ ਜਾਣਕਾਰੀ ਜਾਂ ਸੁਰੱਖਿਆ ਤੋਂ ਬਿਨਾਂ ਸੰਭਵ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੱਡੇ-ਵੱਡੇ ਦਾਅਵੇ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਕਹਿੰਦੇ ਸਨ ਕਿ ਜੇ ਪੰਜਾਬ ਵਿੱਚ ਪੇਪਰ ਲੀਕ ਹੋਇਆ ਤਾਂ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਜਾਵੇਗਾ। ਹੁਣ ਜਦੋਂ ਪੰਜਾਬ ਵਿੱਚ ਇਹ ਭਰਤੀ ਘੁਟਾਲਾ ਸਾਹਮਣੇ ਆਇਆ ਹੈ ਤਾਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਚੁੱਪ ਕਿਉਂ ਹਨ? ਹੁਣ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਇਸ ਘੁਟਾਲੇ ਦੇ ਅਸਲੀ ਮਾਸਟਰਮਾਈਂਡ ਕੌਣ ਹਨ ਅਤੇ ਉਨ੍ਹਾਂ ਖ਼ਿਲਾਫ਼ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ।
ਸਾਬਕਾ ਸਿੱਖਿਆ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਰਾਜਨੀਤੀ ਭਾਵੇਂ ਵੱਖ-ਵੱਖ ਸੂਬਿਆਂ ਵਿੱਚ ਹੋ ਸਕਦੀ ਹੈ ਪਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਮਾਮਲੇ ਵਿੱਚ ਦੋਵਾਂ ਦਾ ਰਵੱਈਆ ਇੱਕੋ ਜਿਹਾ ਹੈ। ਕੇਂਦਰ ਵਿੱਚ ਨੀਟ ਘੁਟਾਲੇ 'ਤੇ ਜਵਾਬਦੇਹੀ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਪੰਜਾਬ ਵਿੱਚ ਭਰਤੀ ਘੁਟਾਲੇ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਨੀਟ ਪੇਪਰ ਲੀਕ ਅਤੇ ਪੰਜਾਬ ਫਾਰਮਾਸਿਸਟ ਭਰਤੀ ਪ੍ਰੀਖਿਆ ਘੁਟਾਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਕਾਂਗਰਸ ਪਾਰਟੀ ਦੇਸ਼ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣ ਦੇਵੇਗੀ।