ਬਸਪਾ ਦੇ ਸੰਗਠਨ ਨੂੰ ਸੂਬੇ ’ਚ ਬੂਥ ਪੱਧਰ ਤੱਕ ਕੀਤਾ ਜਾਵੇਗਾ ਮਜ਼ਬੂਤ : ਰਣਧੀਰ ਬੈਣੀਵਾਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਬਹੁਜਨ ਸਮਾਜ ਪਾਰਟੀ ਵੱਲੋਂ ਸੋਮਵਾਰ ਇੱਥੇ ਪਾਰਟੀ ਦੇ ਸੂਬਾ ਦਫਤਰ ’ਚ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ’ਚ ਬਸਪਾ ਦੇ ਕੇਂਦਰੀ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਮੁੱਖ ਮਹਿਮਾਨ ਵਜੋਂ ਪੁੱਜੇ। ਉਨ੍ਹਾਂ ਨੇ ਲੀਡਰਸ਼ਿਪ ਨੂੰ ਬੂਥ ਪੱਧਰ ਤੱਕ ਬਸਪਾ ਨੂੰ ਮਜ਼ਬੂਤ ਕਰਨ ਦੇ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਮੌਕੇ ਬਸਪਾ ਦੇ ਕੇਂਦਰੀ ਇੰਚਾਰਜ ਪ੍ਰਤਾਪ ਸਿੰਘ ਨੇ ਵੀ ਬਸਪਾ ਅਹੁਦੇਦਾਰਾਂ ਨੂੰ ਸੰਗਠਨ ਨੂੰ ਮਜ਼ਬੂਤ ਕਰਨ ਲਈ ਉਤਸ਼ਾਹਤ ਕੀਤਾ। ਮੀਟਿੰਗ ਦੌਰਾਨ ਸ਼ਹੀਦ ਭਗਤ ਸਿੰਘ ਨੂੰ ਵੀ ਯਾਦ ਕੀਤਾ ਗਿਆ। ਇਸ ਮੌਕੇ ’ਤੇ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਹਾੜੇ 'ਤੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ।
ਬਸਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਇਕ ਅਜਿਹੇ ਭਾਰਤ ਦਾ ਸੁਪਨਾ ਦੇਖਿਆ ਸੀ, ਜਿੱਥੇ ਕੋਈ ਕਿਸੇ ਦਾ ਸ਼ੋਸ਼ਣ ਨਾ ਕਰ ਸਕੇ ਤੇ ਹਰ ਨਾਗਰਿਕ ਨੂੰ ਬਰਾਬਰ ਦਾ ਅਧਿਕਾਰ ਮਿਲੇ। ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਦਾ ਪੰਜਾਬ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਨਸ਼ਾਖੋਰੀ, ਬੇਰੁਜ਼ਗਾਰੀ, ਖੇਤੀਬਾੜੀ ਸੰਕਟ ਤੇ ਪ੍ਰਸ਼ਾਸਨਿਕ ਨਾਕਾਮੀਆਂ ਨੇ ਸੂਬੇ ਨੂੰ ਪਿੱਛੇ ਧੱਕ ਦਿੱਤਾ ਹੈ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਸਪਾ ਵੱਲੋਂ ਵਿੱਢੀ ਗਈ 'ਪੰਜਾਬ ਸੰਭਾਲੋ' ਮੁਹਿੰਮ ਦਾ ਮੁੱਖ ਮਕਸਦ ਸੂਬੇ ਨੂੰ ਮੁੜ ਲੀਹ 'ਤੇ ਲਿਆਉਣਾ ਤੇ ਸ਼ਹੀਦਾਂ ਦੇ ਸੁਪਨਿਆਂ ਵਾਲਾ ਪੰਜਾਬ ਸਿਰਜਣਾ ਹੈ। ਬਸਪਾ ਦਾ ਵਿਜ਼ਨ ਪੰਜਾਬ ’ਚ ਚੰਗੀਆਂ ਸਿੱਖਿਆ-ਸਿਹਤ ਸੁਵਿਧਾਵਾਂ ਦੇਣਾ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ ਤਾਂ ਜੋ ਸੂਬੇ ਦੀ ਜਵਾਨੀ ਨੂੰ ਵਿਦੇਸ਼ਾਂ ਵੱਲ ਹਿਜਰਤ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸੱਚਮੁੱਚ ਸ਼ਹੀਦਾਂ ਦਾ ਸਤਿਕਾਰ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਮੌਕਾਪ੍ਰਸਤ ਸਿਆਸਤ ਨੂੰ ਤਿਆਗ ਕੇ ਬਹੁਜਨ ਸਮਾਜ ਪਾਰਟੀ ਨੂੰ ਮਜ਼ਬੂਤ ਕਰਨਾ ਪਵੇਗਾ।
ਲੋਕ ਬਸਪਾ ਦੀ 'ਪੰਜਾਬ ਸੰਭਾਲੋ' ਮੁਹਿੰਮ ਨਾਲ ਜੁੜ ਕੇ ਸੂਬੇ ਦੀ ਖੁਸ਼ਹਾਲੀ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਹਕੀਕਤ ’ਚ ਬਦਲ ਸਕਦੇ ਹਨ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਸਪਾ ਦੇ ਝੰਡੇ ਹੇਠ ਇਕੱਠੇ ਹੋ ਕੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਸੰਘਰਸ਼ ਕਰਨ। ਮੀਟਿੰਗ ਨੂੰ ਬਸਪਾ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਤੇ ਨਵਾਂਸ਼ਹਿਰ ਵਿਧਾਇਕ ਤੇ ਜ਼ੋਨ ਇੰਚਾਰਜ ਡਾ. ਨਛੱਤਰ ਪਾਲ ਨੇ ਵੀ ਸੰਬੋਧਤ ਕੀਤਾ। ਮੀਟਿੰਗ ’ਚ ਸੰਗਠਨ ਦੇ ਪੁਨਰਗਠਨ 'ਤੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਬਸਪਾ ਜ਼ੋਨ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ, ਚੌਧਰੀ ਗੁਰਨਾਮ ਸਿੰਘ ਤੇ ਤੀਰਥ ਰਾਜਪੁਰਾ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।