ਅਗਸਤ 2026 ਤੱਕ ਲੋਕਾਂ ਨੂੰ ਸਮਰਪਿਤ ਹੋਵੇਗਾ ਸਪੋਰਟਸ ਹੱਬ
ਬਰਲਟਨ ਪਾਰਕ ਸਪੋਰਟਸ ਹੱਬ ਅਗਸਤ 2026 ਤੱਕ ਕੀਤਾ ਜਾਵੇਗਾ ਲੋਕਾਂ ਨੂੰ ਸਮਰਪਿਤ
Publish Date: Wed, 24 Dec 2025 09:07 PM (IST)
Updated Date: Wed, 24 Dec 2025 09:10 PM (IST)
-ਮੇਅਰ, ਡਿਪਟੀ ਕਮਿਸ਼ਨਰ ਤੇ ਕਮਿਸ਼ਨਰ ਨਗਰ ਨਿਗਮ ਨੇ 78 ਕਰੋੜ ਰੁਪਏ ਦੀ ਲਾਗਤ ਵਾਲੇ ਅਹਿਮ ਪ੍ਰੋਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ਼ਹਿਰੀ ਤੇ ਖੇਡਾਂ ਦੇ ਖੇਤਰ ’ਚ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਵਾਲੇ ਅਹਿਮ ਬਰਲਟਨ ਪਾਰਕ ਸਪੋਰਟਸ ਹੱਬ ਨੂੰ 15 ਅਗਸਤ 2026 ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਮੇਅਰ ਵਨੀਤ ਧੀਰ, ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਤੇ ਸੀਨੀਅਰ ਆਪ ਆਗੂ ਨਿਤਿਨ ਕੋਹਲੀ ਵੱਲੋਂ 78 ਕਰੋੜ ਦੀ ਲਾਗਤ ਵਾਲੇ ਮਹੱਤਵਪੂਰਨ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਨਿਰੀਖਣ ਦੌਰਾਨ ਨਿਰਮਾਣ ਕਾਰਜਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰੋਜੈਕਟ ਪੂਰੇ ਜ਼ੋਰਾਂ ਨਾਲ ਪ੍ਰਗਤੀ ਕਰ ਰਿਹਾ ਹੈ ਤੇ ਇਹ ਸਮੇਂ ਸਿਰ ਮੁਕੰਮਲ ਹੋਵੇਗਾ। ਇਕ ਵਾਰ ਮੁਕੰਮਲ ਹੋ ਜਾਣ ਉਪਰੰਤ ਸੂਬੇ ਦਾ ਇਹ ਅਤਿ ਆਧੁਨਿਕ ਬਹੁਮੰਤਵੀ ਸਪੋਰਟਸ ਕੰਪਲੈਕਸ ਜਲੰਧਰ ਵਿਖੇ ਖੇਡਾਂ ਦੇ ਖੇਤਰ ’ਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਏਗਾ ਜੋ ਕਿ ਦੁਨੀਆਂ ਭਰ ’ਚ ਸਪੋਰਟਸ ਹੱਬ ਵਜੋਂ ਜਾਣਿਆ ਜਾਂਦਾ ਹੈ। ਇਸ ਦੇ ਸਮਾਜਿਕ ਪੱਖ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਸਪੋਰਟ ਹੱਬ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ’ਚ ਅਹਿਮ ਭੂਮਿਕਾ ਨਿਭਾਏਗਾ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰੋਜੈਕਟ ਦੇ ਮੁਕੰਮਲ ਹੋਣ ’ਚ ਦੇਰੀ ਨਾ ਹੋਵੇ ਨੂੰ ਯਕੀਨੀ ਬਣਾਉਣ ਲਈ ਪ੍ਰੋਜੈਕਟ ਦੀ ਬਰੀਕੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਵੱਲੋਂ ਕਾਰਜਕਾਰੀ ਏਜੰਸੀ ਨੂੰ ਸਮੇਂ ਸਿਰ ਪ੍ਰੋਜੈਕਟ ਨੂੰ ਮੁਕੰਮਲ ਕਰਨ ਸਬੰਧੀ ਨਿਰਧਾਰਿਤ ਸਮਾਂ ਸੀਮਾਂ ਦੀ ਪਾਲਣਾ ਕਰਨ ਲਈ ਪਹਿਲਾਂ ਹੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਬਰਲਟਨ ਪਾਰਕ ਸਪੋਰਟਸ ਹੱਬ ਦਾ ਮੁਕੰਮਲ ਹੋਣਾ ਮੀਲ ਦਾ ਪੱਥਰ ਸਾਬਿਤ ਹੋਵੇਗਾ ਜੋ ਐਥਲੀਟਾਂ ਤੇ ਸ਼ਹਿਰ ਵਾਸੀਆਂ ਨੂੰ ਵਿਸ਼ਵ ਪੱਧਰੀ ਖੇਡਾਂ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ’ਚ ਮਦਦਗਾਰ ਸਾਬਿਤ ਹੋਵੇਗਾ।