ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ

-ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜਲੰਧਰ ’ਚ ਲਹਿਰਾਇਆ ਕੌਮੀ ਝੰਡਾ
-ਦੇਸ਼ ਦੇ ਆਜ਼ਾਦੀ ਸੰਗਰਾਮ ’ਚ ਪੰਜਾਬੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਕੀਤਾ ਸਿੱਜਦਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : 77ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਮੇਅਰ ਵਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਸਨ। ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੇਸ਼-ਵਿਦੇਸ਼ ’ਚ ਵਸਦੇ ਸਾਰੇ ਭਾਰਤੀਆਂ ਨੂੰ 77ਵੇਂ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਜਿਥੇ ਦੇਸ਼ ਦੇ ਆਜ਼ਾਦੀ ਸੰਗਰਾਮ ’ਚ ਪੰਜਾਬੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਨਮਨ ਕੀਤਾ ਉਥੇ ਭਾਰਤੀ ਸੰਵਿਧਾਨ ’ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਯੋਗਦਾਨ ਨੂੰ ਵੀ ਸਿੱਜਦਾ ਕੀਤਾ ਹੈ। ਪੰਜਾਬ ਨੂੰ ਵਿਕਾਸ ਦੀਆਂ ਉੱਚ ਲੀਹਾਂ ’ਤੇ ਲਿਜਾਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਕੈਬਨਿਟ ਮੰਤਰੀ ਨੇ ਸੂਬੇ ਦੇ ਵਿਕਾਸ ਤੇ ਪੰਜਾਬ ਦੇ ਲੋਕਾਂ ਦੀ ਭਲਾਈ ਤੇ ਬਿਹਤਰੀ ਲਈ ਰਾਜ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ’ਤੇ ਚਾਨਣਾ ਪਾਇਆ।
ਉਨ੍ਹਾਂ ਸ਼ਹੀਦ ਭਗਤ ਸਿੰਘ ਤੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਸਰਕਾਰੀ ਦਫ਼ਤਰਾਂ ’ਚ ਲਾਉਣ, ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ, ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ ਗ੍ਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਕਰਨ, ਸੂਬੇ ਤੇ ਦੇਸ਼ ਦੀ ਸੁਰੱਖਿਆ ਲਈ ਜਾਨਾਂ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਇਕ ਕਰੋੜ ਦੀ ਵਿੱਤੀ ਸਹਾਇਤਾ ਦੇਣ ਸਮੇਤ ਹੋਰ ਇਤਿਹਾਸਕ ਪਹਿਲਕਦਮੀਆਂ ’ਤੇ ਚਾਨਣਾ ਪਾਇਆ। ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ 3 ਸਾਲਾਂ ’ਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਨਿਲਾਮੀ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲ ਦੀਆਂ ਪ੍ਰਾਪਤੀਆਂ ਦਾ ਵਿਸਥਾਰਪੂਰਵਕ ਜ਼ਿਕਰ ਕੀਤਾ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਆਈਪੀਐੱਸ ਅਸ਼ੋਕ ਮੀਨਾ ਦੀ ਅਗਵਾਈ ਵਾਲੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਵੱਲੋਂ ਭਾਰਤ-ਚੀਨ, ਭਾਰਤ ਪਾਕਿਸਤਾਨ ਤੇ ਹੋਰ ਜੰਗਾਂ ਦੌਰਾਨ ਸ਼ਹੀਦ ਹੋਏ 10 ਸੈਨਿਕਾਂ ਦੇ ਪਰਿਵਾਰਿਕ ਮੈਂਬਰਾਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈਜੀਪੀ ਇੰਟੈਲੀਜੈਂਸ ਪੰਜਾਬ ਬਾਬੂ ਲਾਲ ਮੀਨਾ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨਿਰਭਉ ਸਿੰਘ ਗਿੱਲ, ਚੇਅਰਮੈਨ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮੀਟਿਡ ਮੰਗਲ ਸਿੰਘ ਬੱਸੀ, ਚੇਅਰਮੈਨ ਪੰਜਾਬ ਮੁਸਲਿਮ ਵੈਲਫੇਅਰ ਡਿਵੈਲਪਮੈਂਟ ਬੋਰਡ ਅਬਦੁਲ ਬਾਹਰੀ ਸਲਮਾਨੀ, ਚੇਅਰਮੈਨ ਪੰਜਾਬ ਖਾਦੀ ਤੇ ਗ੍ਰਾਮ ਵਿਕਾਸ ਬੋਰਡ ਗਗਨਦੀਪ ਸਿੰਘ (ਕਾਕੂ ਆਹਲੂਵਾਲੀਆ) ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਜੁਆਇੰਟ ਕਮਿਸ਼ਨਰ ਪੁਲਿਸ ਸੰਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ ਤੇ ਸੁਮਨਦੀਪ ਕੌਰ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।