
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਨਕੋਦਰ ਦੇ ਪਿੰਡਾਂ ਲਈ 5.50 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

-ਹੁਣ 4017 ਏਕੜ ਰਕਬੇ ਨੂੰ ਸਿੰਜਾਈ ਲਈ ਮਿਲੇਗਾ ਪਾਣੀ
-ਕਿਹਾ, ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਰ ਰਹੀ ਕੰਮ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਕੋਦਰ : ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਨਕੋਦਰ ’ਚ 5.50 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਸਿੰਚਾਈ ਸਬੰਧੀ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਤੇ ਸੂਬੇ ਦੇ ਸਿੰਚਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਰਹੀ ਹੈ। ਕੈਬਨਿਟ ਮੰਤਰੀ ਨੇ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਮੌਜੂਦਗੀ ’ਚ ਪਿੰਡ ਮਵਈ ਵਿਖੇ ਇਨ੍ਹਾਂ ਕੰਮਾਂ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਨਕੋਦਰ ’ਚ ਬਿਸਤ-ਦੁਆਬ ਨਹਿਰੀ ਸਿਸਟਮ ਅਧੀਨ 3.76 ਕਰੋੜ ਰੁਪਏ ਦੀ ਲਾਗਤ ਨਾਲ 18.01 ਕਿੱਲੋਮੀਟਰ ਲੰਬਾਈ ਵਾਲੇ ਪੱਕੇ ਖਾਲੇ ਤੇ 1.74 ਕਰੋੜ ਰੁਪਏ ਦੀ ਲਾਗਤ ਨਾਲ 11.45 ਕਿੱਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਦਾ ਕੰਮ ਮੁਕੰਮਲ ਕੀਤਾ ਗਿਆ ਹੈ।
ਗੋਇਲ ਨੇ ਦੱਸਿਆ ਕਿ 5.50 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਖਾਲੇ ਤੇ ਜ਼ਮੀਨਦੋਜ਼ ਪਾਈਪ ਲਾਈਨ ਨਾਲ ਹੁਣ ਕਰੀਬ 4017 ਏਕੜ ਜ਼ਮੀਨ ਨੂੰ ਪਾਣੀ ਮਿਲੇਗਾ, ਜਿਹੜਾ ਪਹਿਲਾਂ 1265 ਏਕੜ ਜ਼ਮੀਨ ਨੂੰ ਮਿਲਦਾ ਸੀ। ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣਾ ਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਸੂਬਾ ਸਰਕਾਰ ਵੱਲੋਂ ਜਿਥੇ ਟੇਲਾਂ ’ਤੇ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ ਉਥੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਦੇ ਉਪਰਾਲਿਆਂ ਤਹਿਤ 2 ਲੱਖ 30 ਹਜ਼ਾਰ ਲੀਟਰ ਪਾਣੀ ਰੀਚਾਰਜ ਕੀਤਾ ਗਿਆ ਹੈ। ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਵਿਚਲੀਆਂ 1117 ਮਾਇਨਰਾਂ ਤੇ ਰਜਬਾਹਿਆਂ ’ਚ ਅੱਜ 39 ਹਜ਼ਾਰ ਕਿਊਸਿਕ ਪਾਣੀ ਵਹਿ ਰਿਹਾ ਹੈ, ਜੋ ਕਿ ਰਿਕਾਰਡ ਵਾਧਾ ਹੈ ਤੇ ਕਿਸਾਨਾਂ ਦੇ ਖੇਤਾਂ ’ਚ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਣਾ ਸੰਭਵ ਹੋਇਆ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਵਰਤੋਂ ਦੇ ਮਾਮਲੇ ’ਚ ਸਵੈ-ਨਿਰਭਰ ਬਣਾਉਣ ਲਈ 7500 ਕਰੋੜ ਰੁਪਏ ਦੀ ਵੱਡੀ ਰਾਸ਼ੀ ਖਰਚ ਕੀਤੀ ਗਈ ਹੈ, ਜਿਸ ਸਦਕਾ ਸੂਬੇ ’ਚ ਧਰਤੀ ਹੇਠਲੇ ਪਾਣੀ, ਬਿਜਲੀ ਤੇ ਹੋਰ ਖੇਤੀਬਾੜੀ ਸਰੋਤਾਂ ਨੂੰ ਬਚਾਉਣ ’ਚ ਮਦਦ ਮਿਲੀ ਹੈ। ਇਸ ਮੌਕੇ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਕੋਦਰ ਨੂੰ ਇਸ ਪ੍ਰਾਜੈਕਟ ਲਈ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਦੁੱਖ ਤਕਲੀਫ਼ਾਂ ਸੁਣਦਿਆਂ ਖੇਤਾਂ ਵਿੱਚ ਟੇਲਾਂ ’ਤੇ ਪਾਣੀ ਪਹੁੰਚਾਉਣ ਦਾ ਕੰਮ ਕੀਤਾ ਹੈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦਰਸ਼ਨ ਸਿੰਘ ਟਾਹਲੀ ਤੋਂ ਇਲਾਵਾ ਹੋਰ ਵੱਖ-ਵੱਖ ਸ਼ਖਸੀਅਤਾਂ ਵੀ ਮੌਜੂਦ ਸਨ।