ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਗੋਇਲ ਲਹਿਰਾਉਣਗੇ ਕੌਮੀ ਝੰਡਾ
ਗਣਤੰਤਰ ਦਿਵਸ ਮੌਕੇ ਜਲੰਧਰ 'ਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਲਹਿਰਾਉਣਗੇ ਕੌਮੀ ਝੰਡਾ
Publish Date: Tue, 20 Jan 2026 07:53 PM (IST)
Updated Date: Tue, 20 Jan 2026 07:54 PM (IST)

-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਲਿਆ ਰਿਹਰਸਲ ਦਾ ਜਾਇਜ਼ਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਪੰਜਾਬ ਦੇ ਮਾਈਨਜ਼ ਤੇ ਜਿਆਲੋਜੀ, ਜਲ ਸਰੋਤ ਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਮੰਗਲਵਾਰ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਹਿੱਸਾ ਲੈਣ ਵਾਲੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਮਹੱਤਵਪੂਰਨ ਦਿਹਾੜਾ ਪੂਰੀ ਸ਼ਰਧਾ, ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ, ਜਿਸ ਦੇ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮਾਰਚ ਪਾਸਟ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀਟੀ ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦੇਸ਼ ਦੇ ਸੁਤੰਤਰਤਾ ਸੰਗਰਾਮ ’ਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਤੇ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਮੁਲਾਜ਼ਮਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ (ਯੂਟੀ) ਮੁਕਿਲਨ ਆਰ, ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਵੀ ਮੌਜੂਦ ਸਨ।