ਕੈਬਨਿਟ ਮੰਤਰੀ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
ਕੈਬਨਿਟ ਮੰਤਰੀ ਵੱਲੋਂ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
Publish Date: Tue, 16 Jun 2026 08:18 PM (IST)
Updated Date: Tue, 16 Jun 2026 08:21 PM (IST)

-ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ -ਸੀਨੀਅਰ ਅਧਿਕਾਰੀਆਂ ਨੂੰ ਪ੍ਰਬੰਧਾਂ ਦੀ ਨਿਯਮਿਤ ਸਮੀਖਿਆ ਕਰਨ ਲਈ ਕਿਹਾ ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਮੰਗਲਵਾਰ ਨੂੰ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ 29 ਜੂਨ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 27 ਜੂਨ ਨੂੰ ਸਤਿਗੁਰੂ ਕਬੀਰ ਮੁੱਖ ਮੰਦਿਰ ਭਾਰਗੋ ਨਗਰ ਤੋਂ ਵੱਡੇ ਪੱਧਰ ਪੱਧਰ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪੁਖ਼ਤਾ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਵਿਸਥਾਰਪੂਰਵਕ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਪ੍ਰਕਾਸ਼ ਉਤਸਵ ਸਮਾਗਮਾਂ ਨੂੰ ਪੂਰੀ ਸ਼ਰਧਾ ਤੇ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਉਣ ਦੇ ਨਾਲ-ਨਾਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਨੂੰ ਪੂਰੀ ਸ਼ਰਧਾ ਤੇ ਉੱਚ ਮਿਆਰਾਂ ਨਾਲ ਮਨਾਉਣ ਲਈ ਵਚਨਬੱਧ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਪ੍ਰਕਾਸ਼ ਉਤਸਵ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ। ਭਗਤ ਨੇ ਸੁਰੱਖਿਆ ਤੇ ਸੁਚਾਰੂ ਟ੍ਰੈਫਿਕ ਵਿਵਸਥਾ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਮਾਗਮਾਂ ’ਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਲਈ ਮਹਿਲਾ ਪੁਲਿਸ ਸਮੇਤ ਲੋੜੀਂਦੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣ। ਇਸ ਦੇ ਨਾਲ ਹੀ ਲੋਕਾਂ ਦੀ ਸਹੂਲਤ ਲਈ ਸ਼ੋਭਾ ਯਾਤਰਾ ਵਾਲੇ ਦਿਨ ਸ਼ਹਿਰ ’ਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਪੁਖ਼ਤਾ ਪ੍ਰਬੰਧ ਕਰਨ ਤੋਂ ਇਲਾਵਾ ਰੂਟ ਪਲਾਨ ਵੀ ਤਿਆਰ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਸਮਾਗਮ ਵਾਲੇ ਸਥਾਨ ਅਤੇ ਸ਼ੋਭਾ ਯਾਤਰਾ ਦੇ ਰੂਟ ’ਤੇ ਦਵਾਈਆਂ ਤੇ ਐਂਬੂਲੈਂਸਾਂ ਸਮੇਤ ਲੋੜੀਂਦੀਆਂ ਮੈਡੀਕਲ ਟੀਮਾਂ ਦੀ ਤਾਇਨਾਤੀ, ਸਜਾਵਟ, ਚੌਕਾਂ ਦੇ ਸੁੰਦਰੀਕਰਨ, ਪੀਣ ਵਾਲਾ ਸਾਫ਼ ਪਾਣੀ, ਆਰਜੀ ਪਖ਼ਾਨੇ, ਪਾਰਕਿੰਗ, ਫਾਇਰ ਬ੍ਰਿਗੇਡ ਸਮੇਤ ਸਮੁੱਚੇ ਲੋੜੀਂਦੇ ਬੰਦੋਬਸਤ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਵਾਲੇ ਰਸਤਿਆਂ ਅਤੇ ਮੁੱਖ ਸਮਾਗਮ ਵਾਲੇ ਸਥਾਨ ’ਤੇ ਸਾਫ਼-ਸਫ਼ਾਈ ਅਤੇ ਲਾਈਟਾਂ ਆਦਿ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ। ਭਗਤ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸ਼ੋਭਾ ਯਾਤਰਾ ਵਾਲੇ ਰੂਟ ’ਤੇ ਜੇ ਕਿਧਰੇ ਕੋਈ ਬਿਜਲੀ ਦੀਆਂ ਤਾਰਾਂ ਲਟਕਦੀਆਂ ਹਨ ਤਾਂ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਲਗਨ ਤੇ ਆਪਸੀ ਬਿਹਤਰ ਤਾਲਮੇਲ ਨਾਲ ਨਿਭਾਉਣ ਦੀ ਹਦਾਇਤ ਕੀਤੀ। ਇਸ ਕੰਮ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਕੀਤੇ ਜਾ ਰਹੇ ਪ੍ਰਬੰਧਾਂ ਦੀ ਨਿਯਮਿਤ ਸਮੀਖਿਆ ਕਰਨ ਦੇ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਏ ਜਾਣਗੇ, ਜਿਸ ਦੇ ਲਈ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀ ਸੌਂਪਦਿਆਂ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਵੱਖ-ਵੱਖ ਮੰਦਰਾਂ ਤੋਂ ਆਏ ਪ੍ਰਧਾਨਾਂ ਨੇ ਸ਼ੋਭਾ ਯਾਤਰਾ ਵਾਲੇ ਦਿਨ ਸ਼ੋਭਾ ਯਾਤਰਾ ਮਾਰਗ ਤੇ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਸਖਤੀ ਨਾਲ ਬੰਦ ਕਰਨ ਦੇ ਹੁਕਮ ਜਾਰੀ ਕਰਨ ਲਈ ਵੀ ਬੇਨਤੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਸਤਿਗੁਰੂ ਕਬੀਰ ਮੁੱਖ ਮੰਦਰ ਦੇ ਚੇਅਰਮੈਨ ਸਤੀਸ਼ ਬਿੱਲਾ, ਪ੍ਰਧਾਨ ਰਾਕੇਸ਼ ਭਗਤ, ਕੈਸ਼ੀਅਰ ਦਿਸ਼ਾਂਤ ਭਗਤ, ਪੰਥ ਪ੍ਰਚਾਰਕ ਮਾਸਟਰ ਤਜਿੰਦਰ ਪਾਲ ਸਿੰਘ ਕੈਲੇ, ਸਤਿਗੁਰੂ ਕਬੀਰ ਭਵਨ 120 ਫ਼ੁੱਟੀ ਰੋਡ ਦੇ ਚੇਅਰਮੈਨ ਕੁਲਦੀਪ ਦੀਪੂ, ਸਾਬਕਾ ਡਿਪਟੀ ਮੇਅਰ ਬਚਨ ਲਾਲ, ਸਾਬਕਾ ਕੌਂਸਲਰ ਓਂਕਾਰ ਰਾਜੀਵ ਟਿੱਕਾ, ਕੌਸਲਰ ਅਜੇ ਬੱਬਲ, ਰਜਿੰਦਰ ਜਿੰਦਾ, ਵਰਿੰਦਰ ਕਾਲੀ, ਰਸ਼ਪਾਲ ਜੱਖੂ, ਕੌਂਸਲਰ ਪਤੀ ਸੁਦੇਸ਼ ਭਗਤ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।