
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐੱਮਜੀਐੱਨ ਕਾਲਜ ਦਾ ਦੌਰਾ

-ਕਾਲਜ ਸਟਾਫ਼ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਪੜ੍ਹਾਉਣ ਲਈ ਪ੍ਰੇਰਿਆ
-ਸਿੱਖਿਆ ਦੇ ਖੇਤਰ ’ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਅਣਥੱਕ ਯਤਨ ਜਾਰੀ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਸਥਾਨਕ ਐੱਮਜੀਐੱਨ ਕਾਲਜ ਜਲੰਧਰ ਦਾ ਦੌਰਾ ਕੀਤਾ ਗਿਆ ਜਿਥੋਂ ਉਨਾਂ ਨੇ ਸਾਲ 1989-1990 ’ਚ ਬੀਐੱਡ ਕੀਤੀ ਸੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਨੀਲੂ ਝਾਂਗੀ ਤੇ ਸਮੂਹ ਸਟਾਫ਼ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਐੱਮਜੀਐੱਨ ਦੇ ਸਟਾਫ਼ ਨਾਲ ਰੂਬਰੂ ਹੁੰਦਿਆਂ ਉਨਾ ਨੇ ਦੱਸਿਆ ਕਿ ਅੱਜ ਕਾਲਜ ’ਚ ਆ ਕੇ ਉਨਾਂ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਇਨਾਮ ਵਿਜੇਤਾ ਸੂਚੀ ’ਚ ਆਪਣਾ ਨਾਮ ਦੇਖ ਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ।
ਉਨ੍ਹਾਂ ਕਾਲਜ ਸਟਾਫ਼ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐੱਮਜੀਐੱਨ ਕਾਲਜ ਨੂੰ ਸੂਬੇ ’ਚ ਵਿੱਦਿਆ ਦੇ ਮੰਦਰ ਵਜੋਂ ਦੇਖਿਆ ਜਾਂਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਪੂਰੀ ਲਗਨ ਤੇ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇ ਤਾਂ ਕਿ ਉਹ ਖੁਸ਼ਹਾਲ ਤੇ ਵਿਕਸਿਤ ਸੂਬੇ ਦੇ ਨਿਰਮਾਣ ’ਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਦੇ ਖੇਤਰ ’ਚ ਮੋਹਰੀ ਸੂਬਾ ਬਣਾਉਣ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦੇ ਅਣਥੱਕ ਯਤਨਾਂ ਸਦਕਾ ਅੱਜ ਸੂਬਾ ਸਿੱਖਿਆ ਦੇ ਖੇਤਰ ’ਚ ਕੇਰਲਾ ਨੂੰ ਪਿਛਾੜ ਕੇ ਦੇਸ਼ ਦਾ ਮੋਹਰੀ ਸੂਬਾ ਬਣਾ ਗਿਆ ਹੈ। ਸੂਬੇ ’ਚ ਪੰਜਾਬ ਸਕੂਲ ਸਿੱਖਿਆ ਕ੍ਰਾਂਤੀ ਮੁਹਿੰਮ ਚਲਾ ਕੇ ਸਰਕਾਰੀ ਸਕੂਲਾਂ ਦੀ ਨੁਹਾਰ ਹੀ ਬਦਲ ਦਿੱਤੀ ਹੈ। ਸੂਬੇ ਦੇ 118 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ’ਚ ਬਦਲਿਆ ਜਾ ਰਿਹਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਯੋਗ ਬਣਾਉਣ ਲਈ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ’ਚ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸ ਦਾ ਵਿਦਿਆਰਥੀਆਂ ਵੱਲੋਂ ਲਾਭ ਲਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਸੜਕੀ ਸੰਪਰਕ ਮੁਹੱਈਆ ਕਰਵਾਉਣ ਲਈ ਵੀ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਸੂਬੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਨਵੀਆਂ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ, ਜੋ ਸੂਬੇ ਦੇ ਆਰਥਿਕ ਵਿਕਾਸ ’ਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਐੱਮਜੀਐੱਨ ਕਾਲਜ ਦੇ ਪ੍ਰਿੰਸੀਪਲ ਡਾ.ਨੀਲੂ ਝਾਂਗੀ ਵੱਲੋਂ ਕਾਲਜ ਵੱਲੋਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ।