
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰੱਖੜੀ ਦੇ ਤਿਉਹਾਰ ਮੌਕੇ ਸਮਾਗਮ ਦੋਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੀਤਾ 1300 ਸਤਿਕਾਰ ਸਖੀਆਂ ਦਾ ਸਨਮਾਨ

-ਮਾਵਾਂ-ਧੀਆਂ ਸਤਿਕਾਰ ਯੋਜਨਾ ’ਚ ਨਿਭਾਈ ਭੂਮਿਕਾ ਦੀ ਕੀਤੀ ਸ਼ਲਾਘਾ
-ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਵਚਨਬੱਧ : ਮਹਿੰਦਰ ਭਗਤ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਜਲੰਧਰ ਦੇ ਬਸਤੀ ਪੀਰ ਦਾਦ ਰੋਡ ਸਥਿਤ ਇਕ ਪੈਲੇਸ ’ਚ ਸਤਿਕਾਰ ਸਖੀਆਂ ਲਈ ਰੱਖੜੀ ਦਾ ਤਿਉਹਾਨ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਰੱਖੜੀ ਦੇ ਤਿਉਹਾਰ ਦੇ ਮੌਕੇ ’ਤੇ ਅੱਜ ਕਰੀਬ 1300 ਸਤਿਕਾਰ ਸਖੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਨੀਤ ਧੀਰ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਤਿਕਾਰ ਸਖੀਆਂ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਔਰਤਾਂ ਤੱਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਈ ਹੈ। ਇਨ੍ਹਾਂ ਦੀ ਬਦੌਲਤ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀਆਂ 52 ਹਜ਼ਾਰ ਔਰਤਾਂ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟਰ ਕੀਤਾ ਗਿਆ, ਜੋ ਅੱਜ ਸਨਮਾਨ ਰਾਸ਼ੀ ਪ੍ਰਾਪਤ ਕਰ ਰਹੀਆਂ ਹਨ। ਉਨ੍ਹਾਂ ਇਸ ਵਿਆਪਕ ਸਰਕਾਰੀ ਯੋਜਨਾ ਨੂੰ ਘਰ-ਘਰ ਪਹੁੰਚਾਉਣ ਲਈ ਸਾਰੀਆਂ ਸਤਿਕਾਰ ਸਖੀਆਂ ਦੀ ਮਿਹਨਤ ਤੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ, ਸਤਿਕਾਰ ਤੇ ਭਲਾਈ ਲਈ ਦ੍ਰਿੜ ਵਚਨਬੱਧ ਹੈ ਤੇ ਔਰਤਾਂ ਦੀ ਬਿਹਤਰੀ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਆਉਣ ਵਾਲੇ ਸਮੇਂ ’ਚ ਵੀ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਦੀ ਬਿਹਤਰੀ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਇਸ ਮੌਕੇ ਔਰਤਾਂ ਨੂੰ ਰੱਖੜੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਤੋਂ ਰੱਖੜੀ ਬੰਨ੍ਹਵਾਈ ਤੇ ਤੋਹਫੇ ਵੀ ਭੇਟ ਕੀਤੇ। ਉਨ੍ਹਾਂ ਕਿਹਾ ਕਿ ਰੱਖੜੀ ਸਿਰਫ਼ ਇਕ ਤਿਉਹਾਰ ਨਹੀਂ ਸਗੋਂ ਭੈਣ-ਭਰਾ ਦੇ ਪਿਆਰ, ਵਿਸ਼ਵਾਸ, ਸਨੇਹ ਤੇ ਆਪਸੀ ਸਤਿਕਾਰ ਦਾ ਪ੍ਰਤੀਕ ਹੈ। ਇਹ ਪਵਿੱਤਰ ਤਿਉਹਾਰ ਸਾਨੂੰ ਰਿਸ਼ਤਿਆਂ ਦੀ ਕਦਰ ਕਰਨ ਦੇ ਨਾਲ-ਨਾਲ ਸਮਾਜ ’ਚ ਔਰਤਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਪ੍ਰੇਰਨਾ ਵੀ ਦਿੰਦਾ ਹੈ। ਇਸ ਮੌਕੇ ਵੱਡੀ ਗਿਣਤੀ ਔਰਤਾਂ ਤੋਂ ਇਲਾਵਾ ਹੋਰ ਵੱਖ-ਵੱਖ ਸ਼ਖਸੀਅਤਾਂ ਵੀ ਮੌਜੂਦ ਸਨ।