- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੀਤੀ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

--ਪੰਜਾਬ ਸਰਕਾਰ ਨੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ 1800 ਕਰੋੜ ਰੁਪਏ ਦਾ ਬਜਟ ਰੱਖਿਆ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਆਰਟਸ ਤੇ ਸਪੋਰਟ ਕਾਲਜ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਉਦਘਾਟਨ ਕੀਤਾ ਗਿਆ। ਖੇਡ ਪ੍ਰੇਮੀਆਂ, ਅਧਿਕਾਰੀਆਂ ਤੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਖੇਡਾਂ ’ਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਸੂਬੇ ਭਰ ’ਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ’ਤੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪ ਖੁਦ ਬਹੁਤ ਵੱਡੇ ਖੇਡ ਪ੍ਰੇਮੀ ਹਨ ਤੇ ਉਨ੍ਹਾਂ ਨੇ ਸੂਬੇ ’ਚ ਖੇਡਾਂ ਨੂੰ ਉਤਸ਼ਾਹਤ ਕਰਨ ਨੂੰ ਪਹਿਲੀ ਤਰਜੀਹ ਦਿੱਤੀ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਤੇ ਇਕ ਖਿਡਾਰੀ ਕਦੇ ਵੀ ਨਸ਼ਿਆਂ ’ਚ ਨਹੀਂ ਪੈਂਦਾ। ਪੰਜਾਬ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੋਇਆ ਹੈ ਕਿ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਵੱਲੋਂ 1800 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਇਹ ਬਜਟ ਸੂਬੇ ਭਰ ’ਚ ਪੇਂਡੂ ਤੇ ਸ਼ਹਿਰੀ ਖੇਤਰਾਂ ’ਚ ਅਤਿ ਆਧੁਨਿਕ ਖੇਡ ਮੈਦਾਨ ਬਣਾਉਣ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰੀ ਕਰ ਰਹੇ ਖਿਡਾਰੀਆਂ ਨੂੰ ਖੁਰਾਕ ਤੇ ਸਿਖ਼ਲਾਈ ਵਾਸਤੇ ਅਗਾਊਂ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਾਲੀਆਂ ਸਰਕਾਰ ਦੀਆਂ ਪਹਿਲਕਦਮੀਆਂ 'ਤੇ ਵੀ ਚਾਨਣਾ ਪਾਇਆ। ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ ਵੱਲੋਂ ਸੁਸਾਇਟੀ ਵੱਲੋਂ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੀ ਸੌਂਪੀਆਂ ਗਈਆਂ। ਇਸ ਮੌਕੇ ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ, ਪ੍ਰਿੰਸੀਪਲ ਡਾ.ਰਣਦੀਪ ਸਿੰਘ, ਵਾਈਸ ਚੇਅਰਮੈਨ ਸਪੋਰਟਸ ਵੈਲਫੇਅਰ ਬੋਰਡ ਇੰਦਰਪ੍ਰਤੀ ਸਿੰਘ, ਧਿਆਨ ਚੰਦ ਐਵਾਰਡੀ ਸੁਸ਼ੀਲ ਕੋਹਲੀ, ਸੇਵਾ ਮੁਕਤ ਜ਼ਿਲ੍ਹਾ ਖੇਡ ਅਫ਼ਸਰ ਗੁਰਭਗਤ ਸਿੰਘ ਸੰਧੂ, ਤੈਰਾਕੀ ਕੋਚ ਉਮੇਸ਼ ਸ਼ਰਮਾ, ਐਥਲੈਟਿਕ ਕੋਚ ਵਿਕਰਮਜੀਤ ਸਿੰਘ, ਤੈਰਾਕੀ ਕੋਚ ਮੰਗਤ ਸਿੰਘ ਤੇ ਰੈਸਲਿੰਗ ਕੋਚ ਰਣਜੀਤ ਸਿੰਘ ਵੀ ਮੌਜੂਦ ਸਨ।