- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੀਤਾ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ

ਸੂਬਾ ਸਰਕਾਰ ਵਿੱਦਿਅਕ ਢਾਂਚੇ ਤੇ ਸਿਹਤ ਸਹੂਲਤਾਂ ’ਚ ਲਿਆ ਰਹੀ ਇਤਿਹਾਸਕ ਬਦਲਾਅ : ਭਗਤ
ਸੈਲੀ, ਪੰਜਾਬੀ ਜਾਗਰਣ, ਜਲੰਧਰ :
ਸਿੱਖਿਆ ਦੇ ਖੇਤਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ 'ਪੰਜਾਬ ਸਿੱਖਿਆ ਕ੍ਰਾਂਤੀ' ਸਕੀਮ ਤਹਿਤ 15 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ, ਆਬਾਦਪੁਰਾ ਵਿੱਚ 10 ਲੱਖ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਆਬਾਦਪੁਰਾ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ।
ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਅਤੇ ਬਿਹਤਰੀਨ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬੇ ਭਰ ਵਿੱਚ ਸਰਕਾਰੀ ਸਕੂਲਾਂ ਦਾ ਮੁਕੰਮਲ ਨਵੀਨੀਕਰਨ ਅਤੇ ਇਮਾਰਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵੀ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿੱਖਿਆ ਲਈ ਅਤਿ-ਆਧੁਨਿਕ ਮਾਹੌਲ ਯਕੀਨੀ ਬਣਾਉਣ ਲਈ ਇੰਟਰਐਕਟਿਵ ਐਲ.ਸੀ.ਡੀ. ਸਕਰੀਨਾਂ ਨਾਲ ਲੈਸ ਸਮਾਰਟ ਕਲਾਸਰੂਮਾਂ ਵਰਗੀਆਂ ਸਹੂਲਤਾਂ ਸ਼ੁਰੂ ਗਈਆਂ ਹਨ। ਸਰਕਾਰੀ ਸਕੂਲਾਂ ਦੇ ਉੱਚ-ਯੋਗਤਾ ਪ੍ਰਾਪਤ ਅਤੇ ਤਜਰਬੇਕਾਰ ਅਧਿਆਪਕਾਂ ਦੀ ਗੱਲ ਕਰਦਿਆਂ ਉਨ੍ਹਾਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਭਵਿੱਖ ਉੱਜਵਲ ਬਣਾਉਣ ਲਈ ਉਨ੍ਹਾਂ ਨੂੰ ਸਰਕਾਰੀ ਸੰਸਥਾਵਾਂ ਵਿੱਚ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ 'ਰੰਗਲਾ ਪੰਜਾਬ' ਮੁਹਿੰਮ ਤਹਿਤ ਸੂਬੇ ਭਰ ਵਿੱਚ ਜਨਤਕ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਅਤੇ ਭਲਾਈ ਪ੍ਰੋਗਰਾਮਾਂ ’ਤੇ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। 'ਪੰਜਾਬ ਸਿੱਖਿਆ ਕ੍ਰਾਂਤੀ' ਦੇ ਕੋਆਰਡੀਨੇਟਰ ਸੰਜੀਵ ਭਗਤ ਨੇ ਸੂਬੇ ਭਰ ਦੇ ਸਕੂਲਾਂ ਵਿੱਚ ਵੱਡੇ ਪੱਧਰ 'ਤੇ ਪਹਿਲਕਦਮੀਆਂ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਠੋਸ ਕਦਮਾਂ ਨਾਲ ਵਿੱਦਿਅਕ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ, ਕਲਾਸਾਂ ਆਧੁਨਿਕ ਤਕਨੀਕ ਨਾਲ ਲੈਸ ਹੋਣਗੀਆਂ ਅਤੇ ਪੂਰੇ ਸੂਬੇ ਵਿੱਚ ਵਿਦਿਆਰਥੀਆਂ ਲਈ ਸਿੱਖਿਆ ਦਾ ਪੱਧਰ ਉੱਚਾ ਹੋਵੇਗਾ। ਇਸ ਮੌਕੇ ਸਕੂਲ ਪ੍ਰਿੰਸੀਪਲ ਸੋਨੀਆ ਧਵਨ, ਹੈੱਡ ਟੀਚਰ ਨਰਿੰਦਰਜੀਤ ਕੌਰ, ਗੁਰਨਾਮ ਸਿੰਘ, ਚੇਅਰਪਰਸਨ ਐਸ.ਐਮ.ਸੀ. ਕਮੇਟੀ ਮੋਨਿਕਾ ਬੱਤਰਾ, ਸੁਸ਼ਮਾ ਭਗਤ, ਰਾਜ ਸੱਭਰਵਾਲ, ਰਾਜ ਕੁਮਾਰ, ਅਸ਼ੋਕ ਕੁਮਾਰ, ਗੁਰਪ੍ਰੀਤ ਸਿੰਘ, ਮਨਮੋਹਨ, ਪ੍ਰਵੀਨ ਬਾਲਾ, ਕਰਨ ਸੇਤੀਆ, ਅਨੁਜ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।