- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਵੱਲੋਂ ਬਸਤੀ ਬਾਵਾ ਖੇਲ ਇਲਾਕੇ ਵਿੱਚ 53 ਲੱਖ ਤੋਂ ਵੱਧ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਸੂਬੇ ’ਚ ਜੰਗੀ ਪੱਧਰ ’ਤੇ ਕਰਵਾ ਰਹੀ ਵਿਕਾਸ ਕਾਰਜ : ਮਹਿੰਦਰ ਭਗਤ
ਸ਼ੈਲੀ, ਪੰਜਾਬੀ ਜਾਗਰਣ ਜਲੰਧਰ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਵੀਰਵਾਰ ਨੂੰ ਬਸਤੀ ਬਾਵਾ ਖੇਲ ਇਲਾਕੇ ’ਚ 53.9 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਵਿਕਾਸ ਕਾਰਜਾਂ ’ਚ 23.82 ਲੱਖ ਰੁਪਏ ਦੀ ਲਾਗਤ ਨਾਲ ਕਟਹਿਰਾ ਮੁਹੱਲਾ, ਬਸਤੀ ਬਾਵਾ ਖੇਲ ਦੇ ਸ਼ਮਸ਼ਾਨ ਘਾਟ ਦੇ ਨਵੀਨੀਕਰਨ ਦੇ ਕੰਮ, ਆਰੀਆ ਸਮਾਜ ਵੇਦ ਮੰਦਿਰ/ਧਰਮਸ਼ਾਲਾ, ਬਸਤੀ ਬਾਵਾ ਖੇਲ ਵਿਖੇ 15.10 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਦੀ ਉਸਾਰੀ ਅਤੇ ਰਾਜ ਨਗਰ ਦੇ ਰਾਮ ਲੀਲਾ ਗਰਾਊਂਡ ’ਚ 14.98 ਲੱਖ ਰੁਪਏ ਦੀ ਲਾਗਤ ਨਾਲ ਸਟੇਜ ਦਾ ਨਿਰਮਾਣ ਸ਼ਾਮਲ ਹੈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਦੇਣ ਦੇ ਨਾਲ-ਨਾਲ ਇਲਾਕਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ’ਤੇ ਜ਼ੋਰ ਦੇ ਰਹੀ ਹੈ। ਭਗਤ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਜ਼ ਦੀ ਕੋਈ ਘਾਟ ਨਹੀਂ ਹੈ ਅਤੇ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਪ੍ਰਵਾਨਗੀ ਦੇ ਕੇ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੌਰਾਨ ਗੁਣਵੱਤਾ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਂਦਿਆਂ ਵਿਕਾਸ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵੱਡੀ ਗਿਣਤੀ ਇਲਾਕਾ ਵਾਸੀ ਵੀ ਮੌਜੂਦ ਸਨ।