ਕੈਬਨਿਟ ਮੰਤਰੀ ਨੇ ਗਲੀਆਂ ਬਣਾਉਣ ਦਾ ਰੱਖਿਆ ਨੀਂਹ ਪੱਥਰ
ਕੈਬਨਿਟ ਮੰਤਰੀ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
Publish Date: Tue, 03 Mar 2026 09:28 PM (IST)
Updated Date: Tue, 03 Mar 2026 09:29 PM (IST)

-ਪੰਜਾਬ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ : ਮਹਿੰਦਰ ਭਗਤ ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਮੰਗਲਵਾਰ ਨੂੰ ਸ਼ਹਿਰੀ ਬਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰ. 52 ’ਚ ਪੈਂਦੀ ਸਾਈਂ ਕਾਲੋਨੀ ਵਿਖੇ 9.10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਗਲੀਆਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਪ੍ਰਮੁੱਖ ਮੰਗ ਪੂਰੀ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਤੇ ਆਉਣ ਵਾਲੇ ਦਿਨਾਂ ’ਚ ਹੋਰ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਭਗਤ ਨੇ ਅਧਿਕਾਰੀਆਂ ਨੂੰ ਗਲੀਆਂ ਦਾ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਤੇ ਤੈਅ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਗਲੀਆਂ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਕੌਂਸਲਰ ਰਾਜ ਕੁਮਾਰ ਰਾਜੂ, ਬਲਵਿੰਦਰ ਕੁਮਾਰ, ਸਤਨਾਮ ਕਲੇਰ, ਪ੍ਰੀਤਮ ਸਿੰਘ, ਮਾਸਟਰ ਲਾਲ, ਵਿਨੋਦ ਸਾਈਂ, ਸੁਭਾਸ਼ ਗੋਰੀਆ ਆਦਿ ਵੀ ਮੌਜੂਦ ਸਨ।