ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਸ੍ਰੀ ਗੁਰੂ ਰਵਿਦਾਸ ਚੌਕ ਦਾ ਉਦਘਾਟਨ
ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ
Publish Date: Fri, 30 Jan 2026 11:01 PM (IST)
Updated Date: Fri, 30 Jan 2026 11:04 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੈਨਾਨੀ ਮੰਤਰੀ ਮਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸਮਾਗਮ ਤੋਂ ਪਹਿਲਾਂ ਸ਼ਹਿਰ ਦੇ ਮੁੱਖ ਚੌਕ ਸ੍ਰੀ ਗੁਰੂ ਰਵਿਦਾਸ ਚੌਕ ਦਾ ਉਦਘਾਟਨ ਕੀਤਾ। ਮੇਅਰ ਵਨੀਤ ਧੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮ੍ਰਿਤਪਾਲ ਸਿੰਘ ਤੇ ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਦੀ ਹਾਜ਼ਰੀ ’ਚ ਕੈਬਨਿਟ ਮੰਤਰੀ ਨੇ ਨਗਰ ਨਿਗਮ ਜਲੰਧਰ ਦੀ ਸ਼ਲਾਘਾ ਕੀਤੀ ਕਿ ਉਨ੍ਹਾਂ ਨੇ ਰਿਕਾਰਡ ਸਮੇਂ ਵਿਚ ਨਵੀਨੀਕਰਨ ਦਾ ਕੰਮ ਮੁਕੰਮਲ ਕੀਤਾ।
ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸੂਬੇ ਅਤੇ ਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੰਦਿਆਂ ਭਗਤ ਨੇ ਕਿਹਾ ਕਿ ਹਰ ਸਾਲ ਭਾਰਤ ਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੂਟਾਂ ਮੰਡੀ ਵਿਖੇ ਸ੍ਰੀ ਗੁਰੂ ਰਵਿਦਾਸ ਧਾਮ ’ਚ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਦੀਆਂ ਭਾਵਨਾਵਾਂ ਤੇ ਆਸਥਾ ਨੂੰ ਧਿਆਨ ’ਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੰਗਤ ਲਈ ਬਿਹਤਰ ਸੁਵਿਧਾਵਾਂ ਯਕੀਨੀ ਬਣਾਉਣ ਵਾਸਤੇ ਚੌਕ ਦੇ ਸੁੰਦਰੀਕਰਨ ਸਮੇਤ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਨਵੀਨੀਕਰਨ ਕੀਤਾ ਗਿਆ ਇਹ ਚੌਕ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰੇਗਾ, ਸਗੋਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਡੇਰਾ ਬੱਲਾਂ ਨਜ਼ਦੀਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ ਇਹ ਆਪਣੇ-ਆਪ ਵਿਚ ਇਕ ਵਿਸ਼ੇਸ਼ ਉਪਰਾਲਾ ਹੈ, ਜਿਸ ਲਈ ਪੰਜਾਬ ਸਰਕਾਰ ਨੇ ਸਾਢੇ 10 ਕਰੋੜ ਰੁਪਏ ਦੀ ਲਾਗਤ ਨਾਲ 9 ਏਕੜ ਤੋਂ ਵੱਧ ਜ਼ਮੀਨ ਅਧਿਐਨ ਸੈਂਟਰ ਦੇ ਨਾਂ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨੂੰ ਪੂਰੀ ਦੁਨੀਆਂ ਤੱਕ ਪਹੁੰਚਾਉਣ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਗੂਰੁ ਰਵਿਦਾਸ ਬਾਣੀ ਅਧਿਐਨ ਸੈਂਟਰ ਲਈ ਜ਼ਮੀਨ ਦਾ ਕਾਰਜ ਮੁਕੰਮਲ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਪ੍ਰਗਟ ਕੀਤਾ।