ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਨੇ ਉਪਰਾਲੇ : ਭਗਤ
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਦਾਖ਼ਲਾ ਮੁਹਿੰਮ ਦਾ ਆਗਾਜ
Publish Date: Wed, 28 Jan 2026 06:42 PM (IST)
Updated Date: Wed, 28 Jan 2026 06:43 PM (IST)

-ਕੈਬਨਿਟ ਮੰਤਰੀ ਵੱਲੋਂ ਦਾਖ਼ਲਾ ਮੁਹਿੰਮ ਦਾ ਆਗ਼ਾਜ਼, ਸਰਕਾਰੀ ਸਕੂਲਾਂ ’ਚ ਦਾਖ਼ਲੇ ਲਈ ਕੀਤੀ ਅਪੀਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ’ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ 12ਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਬੁੱਧਵਾਰ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਾਬੋਵਾਲ ਤੋਂ ਇਕ ਵਿਸ਼ੇਸ਼ ਦਾਖ਼ਲਾ ਵੈਨ ਰੈਲੀ ਸ਼ੁਰੂ ਕੀਤੀ ਗਈ, ਜਿਸ ਨੂੰ ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਦਾਖ਼ਲਾ ਵੈਨ ਰੈਲੀ ਦਾ ਮੁੱਖ ਮੰਤਵ ਜ਼ਿਲ੍ਹੇ ਦੇ ਸਮੂਹ 17 ਐਜੂਕੇਸ਼ਨ ਬਲਾਕਾਂ ਦੇ ਪਿੰਡਾਂ ਤੇ ਸ਼ਹਿਰਾਂ ’ਚ ਜਾ ਕੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ’ਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ’ਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਤੇ ਰਾਜ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਰੌਸ਼ਨ ਭਵਿੱਖ ਲਈ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਪੱਧਰ ’ਤੇ ਲਿਜਾਣ ਲਈ ਵਚਨਬੱਧ ਹੈ ਤੇ ਇਸ ਤਹਿਤ ਜ਼ਿਲ੍ਹੇ ’ਚ 9 ਸਕੂਲ ਆਫ ਐਮੀਨੈਂਸ ਤੇ 18 ਸਕੂਲ ਆਫ਼ ਹੈਪੀਨੈਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਨ੍ਹਾਂ ਨੂੰ ਸਰਕਾਰੀ ਸਕੂਲਾਂ ’ਚ ਦਾਖਲ ਕਰਵਾਉਣ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਗੁਰਿੰਦਰਜੀਤ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ’ਚ ਉੱਚ ਯੋਗਤਾ ਵਾਲੇ ਅਧਿਆਪਕ ਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿਦਿਆਰਥੀ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਦਾਖ਼ਲੇ ਲਈ ਨੇੜੇ ਦੇ ਸਕੂਲ ਦੇ ਨਾਲ-ਨਾਲ ਹੁਣ ਆਨਲਾਈਨ ਪੋਰਟਲ ’ਤੇ ਵੀ ਰਜਿਸਟਰ ਕਰਵਾਇਆ ਜਾ ਸਕਦਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਹਰਜਿੰਦਰ ਕੌਰ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਅਧਿਆਪਕ ਸਮਾਜ ’ਚ ਰਾਬਤਾ ਕਾਇਮ ਕਰਕੇ ਲੋਕਾਂ ਨੂੰ ਸਰਕਾਰੀ ਸਕੂਲਾਂ ’ਚ ਦਾਖ਼ਲੇ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਅਗਲੀ ਜਮਾਤ ’ਚ ਹੋਣ ਵਾਲੇ ਵਿਦਿਆਰਥੀਆਂ ਦੇ ਮੁੜ ਸਰਕਾਰੀ ਸਕੂਲਾਂ ’ਚ ਦਾਖ਼ਲੇ ਦੇ ਨਾਲ-ਨਾਲ ਸਕੂਲਾਂ ਤੋਂ ਵਾਂਝੇ ਵਿਦਿਆਰਥੀਆਂ ਨੂੰ ਵੀ ਸਕੂਲਾਂ ’ਚ ਦਾਖ਼ਲ ਕੀਤਾ ਜਾਵੇਗਾ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰਾਜੀਵ ਜੋਸ਼ੀ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਸਰਕਾਰੀ ਸਕੂਲਾਂ ’ਚ ਬੱਚਿਆਂ ਨੂੰ ਮਿਲਦੀਆਂ ਸਹੂਲਤਾਂ ਦੀ ਜਾਣਕਾਰੀ ਆਮ ਲੋਕਾਂ ਨੂੰ ਦਿੱਤੀ ਜਾਵੇਗੀ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੁਨੀਸ਼ ਸ਼ਰਮਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਨਜ਼ਰੀਆ ਬਦਲਿਆ ਹੈ ਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਮੁੜ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਵਿਚ ਰੂਚੀ ਲੈ ਰਹੇ ਹਨ। ਇਸ ਮੌਕੇ ਜਾਣਕਾਰੀ ਦਿੰਦਿਆ ਵਰਿੰਦਰਵੀਰ ਸਿੰਘ ਨੇ ਦੱਸਿਆ ਕਿ ਅੱਜ ਦਾਖ਼ਲਾ ਮੁਹਿੰਮ ਦੇ ਪਹਿਲੇ ਦਿਨ ਪੂਰਬੀ-4, ਸ਼ਾਹਕੋਟ-1, 2 ਤੇ ਲੋਹੀਆਂ ਖਾਸ ਦੇ ਸਿੱਖਿਆ ਬਲਾਕਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਪ੍ਰਦੀਪ ਪ੍ਰਿਤਪਾਲ ਸਿੰਘ, ਬੀਪੀਈਓ ਗੁਰਦੀਪ ਸਿੰਘ, ਨਿਰਮਲ ਸਿੰਘ, ਰਮੇਸ਼ਵਰ ਚੰਦਰ, ਪੰਕਜ ਕੁਮਾਰ, ਚਰਨਜੀਤ ਸਿੰਘ, ਸੰਦੀਪ ਸਿੱਧੂ, ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ ਤੇ ਮੀਡੀਆ ਇੰਚਾਰਜ ਹਰਜੀਤ ਸਿੰਘ ਆਦਿ ਹਾਜ਼ਰ ਸਨ।