ਸਮੇਂ ਸਿਰ ਮੁਕੰਮਲ ਕੀਤੇ ਜਾਣ ਵਿਕਾਸ ਪ੍ਰਾਜੈਕਟ : ਮਹਿੰਦਰ ਭਗਤ
ਕੈਬਨਿਟ ਮੰਤਰੀ ਨੇ ਜਲੰਧਰ ’ਚ ਵਿਕਾਸ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ, ਸਮੇਂ ਸਿਰ ਮੁਕੰਮਲ ਕਰਨ ’ਤੇ ਦਿੱਤਾ ਜ਼ੋਰ
Publish Date: Fri, 20 Feb 2026 10:11 PM (IST)
Updated Date: Fri, 20 Feb 2026 10:12 PM (IST)

-ਵਿਕਾਸ ਕਾਰਜਾਂ ਲਈ ਨਿਰਵਿਘਨ ਫੰਡਜ਼ ਦਾ ਦਿੱਤਾ ਭਰੋਸਾ -ਗੁਣਵੱਤਾ ਦੇ ਮਿਆਰ ਨੂੰ ਬਰਕਰਾਰ ਰੱਖਣ ਦੀਆਂ ਹਦਾਇਤਾਂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਜਲੰਧਰ ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ। ਮੇਅਰ ਵਨੀਤ ਧੀਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਨਾਗਰਿਕਾਂ ਸੇਵਾਵਾਂ ’ਚ ਵਾਧਾ ਕਰਨ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸੜਕ ਨਿਰਮਾਣ, ਜਲ ਸਪਲਾਈ ਵਧਾਉਣ ਤੇ ਸੀਵਰੇਜ ਪ੍ਰਣਾਲੀ ਨੂੰ ਅਪਗ੍ਰੇਡ ਕਰਨ ਸਮੇਤ ਵੱਡੇ ਪ੍ਰੋਜੈਕਟਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਵਿਕਾਸ ਕਾਰਜਾਂ ’ਤੇ ਸਖ਼ਤੀ ਨਾਲ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤੇ ਚਿਤਾਵਨੀ ਦਿੱਤੀ ਕਿ ਗੁਣਵੱਤਾ ਨਾਲ ਕੋਈ ਵੀ ਸਮਝੌਤਾ, ਖਾਸ ਕਰਕੇ ਸੜਕ ਨਿਰਮਾਣ ਤੇ ਜਨਤਕ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ’ਚ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ’ਚ ਵਿਕਾਸ ਕਾਰਜਾਂ ਲਈ ਫੰਡਜ਼ ਦੀ ਕੋਈ ਕਮੀ ਨਹੀਂ ਹੈ ਤੇ ਸੂਬਾ ਸਰਕਾਰ ਨਾਗਰਿਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪਹਿਲਾਂ ਹੀ ਕਈ ਅਗਾਂਹਵਧੂ ਪਹਿਲਕਦਮੀਆਂ ਕਰ ਰਹੀ ਹੈ। ਇਸ ਮੌਕੇ ਵਾਰਡ ਕੌਂਸਲਰਾਂ ਵੱਲੋਂ ਆਪੋ-ਆਪਣੇ ਖੇਤਰਾਂ ’ਚ ਨਵੇਂ ਵਿਕਾਸ ਕਾਰਜਾਂ ਲਈ ਤਜਵੀਜ਼ਾਂ ਵੀ ਪੇਸ਼ ਕੀਤੀਆਂ ਗਈਆਂ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਸਬੰਧੀ ਜਲਦ ਤੋਂ ਜਲਦ ਵਿਸਥਾਰਿਤ ਰਿਪੋਰਟ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਤਾਂ ਜੋ ਇਨ੍ਹਾਂ ਕੰਮਾਂ ਨੂੰ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।