ਕੈਬਨਿਟ ਮੰਤਰੀ ਨੇ ਲਿਆ ਵਿਕਾਸ ਕਾਰਜਾਂ ਦਾ ਜਾਇਜ਼ਾ
ਕੈਬਿਨੇਟ ਮੰਤਰੀ ਨੇ ਲਿਆ ਵਿਕਾਸ ਕਾਰਜਾਂ ਦਾ ਜਾਇਜ਼ਾ, ਜਲਦੀ ਪੂਰਾ ਕਰਨ ਦੇ ਦਿੱਤੇ ਸਖ਼ਤ ਹੁਕਮ
Publish Date: Mon, 04 May 2026 08:38 PM (IST)
Updated Date: Tue, 05 May 2026 04:17 AM (IST)

ਜਲਦੀ ਪੂਰਾ ਕਰਨ ਦੇ ਦਿੱਤੇ ਸਖ਼ਤ ਹੁਕਮ ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸੋਮਵਾਰ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਐੱਸਈ ਰਜਨੀਸ਼ ਕੁਮਾਰ, ਐੱਸਡੀਓ ਹਰਪ੍ਰੀਤ ਸਿੰਘ ਤੇ ਜੇਈ ਗਿਤੇਸ਼ ਨਾਲ ਜਲੰਧਰ ਵੈਸਟ ਇਲਾਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੰਤਰੀ ਭਗਤ ਨੇ ਖਾਸ ਤੌਰ ਤੇ ਭਾਰਗੋ ਨਗਰ ਸਥਿਤ ਵਿੱਚ ਬਣ ਰਹੇ ਮੁਹੱਲਾ ਕਲੀਨਿਕ ਤੇ ਬੁੱਢਾ ਮੱਲ ਗਰਾਊਂਡ ਦਾ ਦੌਰਾ ਕੀਤਾ। ਉਨ੍ਹਾਂ ਨੇ ਇੱਥੇ ਚੱਲ ਰਹੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਤੇ ਗਤੀ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਸ ਪ੍ਰੋਜੈਕਟ ਨੂੰ ਤਰਜੀਹ ਦੇ ਅਧਾਰ ਤੇ ਜਲਦੀ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ 120 ਫੁੱਟੀ ਰੋਡ ’ਤੇ ਬਣ ਰਹੇ ਸਤਿਗੁਰੂ ਕਬੀਰ ਭਵਨ ਦਾ ਵੀ ਮੁਆਇਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਭਵਨ ਇਲਾਕੇ ਦੀਆਂ ਸਮਾਜਿਕ ਤੇ ਧਾਰਮਿਕ ਗਤੀਵਿਧੀਆਂ ਲਈ ਮਹੱਤਵਪੂਰਨ ਕੇਂਦਰ ਸਾਬਤ ਹੋਵੇਗਾ, ਇਸ ਲਈ ਇਸ ਦੇ ਨਿਰਮਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੰਤਰੀ ਨੇ ਇਲਾਕੇ ਦੇ ਵੱਖ-ਵੱਖ ਪਾਰਕਾਂ ਵਿੱਚ ਚੱਲ ਰਹੇ ਸੁੰਦਰੀਕਰਨ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਪਾਰਕਾਂ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇ, ਤਾਂ ਜੋ ਸਥਾਨਕ ਲੋਕਾਂ ਨੂੰ ਵਧੀਆ ਵਾਤਾਵਰਣ ਮਿਲ ਸਕੇ। ਮੁਆਇਨੇ ਦੌਰਾਨ ਮਹਿੰਦਰ ਭਗਤ ਨੇ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ’ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਪੂਰੇ ਕਰਨ ਦੇ ਸਖ਼ਤ ਹੁਕਮ ਦਿੱਤੇ, ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਨ੍ਹਾਂ ਸਹੂਲਤਾਂ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਸਮੂਹਿਕ ਵਿਕਾਸ ਲਈ ਵਚਨਬੱਧ ਹੈ ਅਤੇ ਜਲੰਧਰ ਵੈਸਟ ਨੂੰ ਇਕ ਮਾਡਲ ਇਲਾਕਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।