21 ਅਗਸਤ ਨੂੰ 'ਪੰਜਾਬ ਬੰਦ' ਦਾ ਸੱਦਾ : ਬੰਦੀ ਸਿੰਘਾਂ ਦੀ ਰਿਹਾਈ ਤੇ ਪੁਲਿਸ ਕਾਰਵਾਈ ਦੇ ਵਿਰੋਧ 'ਚ ਕੌਮੀ ਇਨਸਾਫ਼ ਮੋਰਚੇ ਦਾ ਐਲਾਨ
ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਅਤੇ ਸਹਿਯੋਗੀ ਪੰਥਕ, ਕਿਸਾਨੀ ਤੇ ਦਲਿਤ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ’ਤੇ ਜਨਵਰੀ 2023 ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਢੰਗ ਨਾਲ ਮੋਰਚਾ ਚੱਲ ਰਿਹਾ ਹੈ
Publish Date: Thu, 20 Aug 2026 04:22 PM (IST)
Updated Date: Thu, 20 Aug 2026 04:27 PM (IST)
ਜਲੰਧਰ, ਸੈਲੀ : ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ 15 ਅਗਸਤ ਨੂੰ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਸੰਗਤ ’ਤੇ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਦੇ ਆਗੂਆਂ ਨੇ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।
ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਅਤੇ ਸਹਿਯੋਗੀ ਪੰਥਕ, ਕਿਸਾਨੀ ਤੇ ਦਲਿਤ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ’ਤੇ ਜਨਵਰੀ 2023 ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਢੰਗ ਨਾਲ ਮੋਰਚਾ ਚੱਲ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਅਤੇ ਕਾਨੂੰਨੀ ਹੱਕਾਂ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਗੰਭੀਰਤਾ ਨਹੀਂ ਦਿਖਾਈ ਜਾ ਰਹੀ।
ਆਗੂਆਂ ਨੇ ਕਿਹਾ ਕਿ ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਦੇ ਲੰਮੇ ਸਮੇਂ ਤੋਂ ਪੂਰੀਆਂ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਨਹੀਂ ਹੋ ਰਹੀ। ਉਨ੍ਹਾਂ ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਦੀ ਗੰਭੀਰ ਹਾਲਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਰਿਵਾਰ ਨੂੰ ਆਪਣੇ ਪੁੱਤਰ ਨਾਲ ਮਿਲਣ ਦਾ ਮੌਕਾ ਮਿਲਣਾ ਚਾਹੀਦਾ ਹੈ।
15 ਅਗਸਤ ਦੀ ਪੁਲਿਸ ਕਾਰਵਾਈ ਦਾ ਵਿਰੋਧ ਪ੍ਰੈੱਸ ਕਾਨਫਰੰਸ ਦੌਰਾਨ ਆਗੂਆਂ ਨੇ 15 ਅਗਸਤ ਨੂੰ ਰਾਜਪਾਲ ਭਵਨ ਵੱਲ ਕੀਤੇ ਗਏ ਰੋਸ ਮਾਰਚ ਦੌਰਾਨ ਪੁਲਿਸ ਵੱਲੋਂ ਕੀਤੀ ਕਾਰਵਾਈ ਨੂੰ ਅਣਮਨੁੱਖੀ ਅਤੇ ਨਿੰਦਣਯੋਗ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਦੇ ਜ਼ਖ਼ਮੀ ਹੋਣ ਦਾ ਵੀ ਦਾਅਵਾ ਕੀਤਾ ਗਿਆ ਹੈ।
ਆਗੂਆਂ ਨੇ ਕਿਹਾ ਕਿ ਇਸ ਕਾਰਵਾਈ ਦੇ ਵਿਰੋਧ ਵਿੱਚ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਰੱਖਿਆ ਜਾਵੇਗਾ। ਇਸ ਦੌਰਾਨ ਸਕੂਲ, ਕਾਲਜ, ਯੂਨੀਵਰਸਿਟੀਆਂ, ਵਪਾਰਕ ਅਦਾਰੇ, ਬਾਜ਼ਾਰ ਅਤੇ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਮੋਰਚੇ ਵੱਲੋਂ ਆਮ ਆਵਾਜਾਈ ਵੀ ਬੰਦ ਰੱਖਣ ਦੀ ਗੱਲ ਕਹੀ ਗਈ ਹੈ। ਇਸੇ ਤਰ੍ਹਾਂ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਵੀ ਦੁਪਹਿਰ 2 ਵਜੇ ਤੱਕ ਕਾਰੋਬਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ।
ਹਾਲਾਂਕਿ, ਮੋਰਚੇ ਨੇ ਹਸਪਤਾਲਾਂ, ਮੈਡੀਕਲ ਸਟੋਰਾਂ, ਫਾਇਰ ਬ੍ਰਿਗੇਡ ਅਤੇ ਹੋਰ ਐਮਰਜੈਂਸੀ ਸੇਵਾਵਾਂ ਨੂੰ ਬੰਦ ਤੋਂ ਛੋਟ ਦੇਣ ਦੀ ਗੱਲ ਕਹੀ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਬੰਦ ਦਾ ਮਕਸਦ ਆਮ ਨਾਗਰਿਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਥਿਤ ਸਰਕਾਰੀ ਬੇਇਨਸਾਫ਼ੀ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਉਣਾ ਹੈ।
ਉਨ੍ਹਾਂ ਦਲਿਤ ਸੰਗਠਨਾਂ, ਮੁਲਾਜ਼ਮ ਫੈਡਰੇਸ਼ਨਾਂ, ਕਿਸਾਨ ਜਥੇਬੰਦੀਆਂ ਅਤੇ ਇਨਸਾਫ਼ਪਸੰਦ ਨਾਗਰਿਕਾਂ ਨੂੰ ਧਰਮ, ਜਾਤ-ਪਾਤ ਅਤੇ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਬੰਦ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ