ਬੰਦ ਦੇ ਸੱਦੇ ਨੂੰ ਸ਼ਾਹਕੋਟ ’ਚ ਮਿਲਿਆ ਜ਼ਬਰਦਸਤ ਹੁੰਗਾਰਾ ‘ਪੰਜਾਬ ਬੰਦ’ ਦੇ ਸੱਦੇ ਨੂੰ ਸ਼ਾਹਕੋਟ ’ਚ ਮਿਲਿਆ ਜ਼ਬਰਦਸਤ ਹੁੰਗਾਰਾ, ਬਾਜ਼ਾਰ ਰਹੇ ਮੁਕੰਮਲ ਬੰਦ
Publish Date: Fri, 21 Aug 2026 07:02 PM (IST)
Updated Date: Fri, 21 Aug 2026 07:03 PM (IST)
-ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਭਾਈ ਪਾਲ ਸਿੰਘ ਦੀ ਅਗਵਾਈ ‘ਚ ਕੱਢਿਆ ਰੋਸ ਮਾਰਚ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਵੱਲੋਂ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਤਹਿਤ ਸ਼ਾਹਕੋਟ ਸ਼ਹਿਰ ਤੇ ਆਸ-ਪਾਸ ਦਾ ਸਮੁੱਚਾ ਇਲਾਕਾ 2 ਵਜੇ ਤਕ ਪੂਰਨ ਬੰਦ ਰਿਹਾ। ਸਵੇਰ ਤੋਂ ਹੀ ਸ਼ਹਿਰ ਦੇ ਸਾਰੇ ਮੁੱਖ ਬਾਜ਼ਾਰ, ਵਪਾਰਕ ਕੰਪਲੈਕਸ, ਬੈਂਕ, ਸ਼ੋਅਰੂਮ, ਛੋਟੀਆਂ-ਵੱਡੀਆਂ ਦੁਕਾਨਾਂ ਤੇ ਵਿਦਿਅਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ। ਸਿੱਖ ਸੰਗਤਾਂ ਵੱਲੋਂ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ, ਪੰਥਕ ਆਗੂ ਭਾਈ ਸੁਖਜੀਤ ਸਿੰਘ ਖੋਸੇ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਸਾਬੂਵਾਲ ਦੀ ਅਗਵਾਈ ਹੇਠ ਸ਼ਹਿਰ ’ਚ ਰੋਸ ਮਾਰਚ ਵੀ ਕੱਢਿਆ ਗਿਆ। ਨੌਜਵਾਨਾਂ ਨੇ ਹੱਥਾਂ ’ਚ ਤਖਤੀਆਂ ਤੇ ਬੈਨਰ ਫੜ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਭਾਰਤੀ ਲੋਕਤੰਤਰ ਅਤੇ ਸੰਵਿਧਾਨ ਤਹਿਤ ਕਾਨੂੰਨ ਦੀ ਨਜ਼ਰ ਵਿਚ ਦੇਸ਼ ਦਾ ਹਰ ਨਾਗਰਿਕ ਬਰਾਬਰ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਜਦੋਂ ਗੱਲ ਸਿੱਖ ਕੈਦੀਆਂ ਦੀ ਆਉਂਦੀ ਹੈ ਤਾਂ ਸੰਵਿਧਾਨਕ ਅਧਿਕਾਰਾਂ ਅਤੇ ਮਨੁੱਖੀ ਹੱਕਾਂ ਨੂੰ ਦਰਕਿਨਾਰ ਕਰ ਦਿੱਤਾ ਜਾਂਦਾ ਹੈ। ਸਰਕਾਰਾਂ ਸਿੱਖ ਮਸਲਿਆਂ ‘ਤੇ ਪੂਰੀ ਤਰ੍ਹਾਂ ਪੱਖਪਾਤੀ ਤੇ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ। ਦੇਸ਼ ਦੇ ਹੋਰਨਾਂ ਸੂਬਿਆਂ ’ਚ ਗੰਭੀਰ ਅਪਰਾਧਾਂ ਦੇ ਦੋਸ਼ੀਆਂ ਨੂੰ ਵਿਸ਼ੇਸ਼ ਰਿਆਇਤਾਂ, ਪੈਰੋਲਾਂ ਤੇ ਸਮੇਂ ਤੋਂ ਪਹਿਲਾਂ ਰਿਹਾਈਆਂ ਦਿੱਤੀਆਂ ਜਾ ਰਹੀਆਂ ਹਨ ਪ੍ਰੰਤੂ ਆਪਣੀ ਪੂਰੀ ਜ਼ਿੰਦਗੀ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਵਿੱਚ ਕੱਟ ਚੁੱਕੇ ਸਿੱਖ ਕੈਦੀਆਂ ਪ੍ਰਤੀ ਨਫ਼ਰਤ ਭਰਿਆ ਰਵੱਈਆ ਅਪਣਾਇਆ ਜਾ ਰਿਹਾ ਹੈ। ਇੱਥੋਂ ਤਕ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨੂੰ ਮਿਲਣ ਲਈ ਪੈਰੋਲ ਤਕ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਕੁਝ ਪਰਿਵਾਰਾਂ ਦੀ ਨਹੀਂ ਸਗੋਂ ਸਮੁੱਚੀ ਕੌਮ ਦੇ ਸਵੈਮਾਣ ਅਤੇ ਮਨੁੱਖੀ ਅਧਿਕਾਰਾਂ ਦੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦਾ ਫ਼ੈਸਲਾ ਨਾ ਲਿਆ ਗਿਆ ਤਾਂ ਇਹ ਸੰਘਰਸ਼ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਤਿੱਖਾ ਤੇ ਵਿਆਪਕ ਰੂਪ ਧਾਰਨ ਕਰੇਗਾ। ਇਸ ਮੌਕੇ ਤੇਰਾ-ਤੇਰਾ ਵੈੱਲਫੇਅਰ ਗਰੁੱਪ ਦੇ ਪ੍ਰਧਾਨ ਗੁਰਦੇਵ ਸਿੰਘ ਕੰਨੀਆਂ, ਬਲਾਕ ਸੰਮਤੀ ਸ਼ਾਹਕੋਟ ਦੇ ਵਾਈਸ ਚੇਅਰਮੈਨ ਸੁਖਦੇਵ ਸਿੰਘ ਸੁੱਖਾ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਕਰਨੈਲ ਸਿੰਘ ਜੋਧਪੁਰੀ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਪੋਪਲੀ, ਨੌਜਵਾਨ ਸੇਵਕ ਸਭਾ ਵੱਲੋਂ ਗੁਰਮੁਖ ਸਿੰਘ ਬਾਟੂ, ਅਕੱਤਰ ਸਿੰਘ, ਤਜਿੰਦਰ ਸਿੰਘ ਖਾਲਸਾ, ਭਾਈ ਸੁਖਨਾਮ ਸਿੰਘ, ਕਿਸਾਨ ਆਗੂ ਕੁਲਜੀਤ ਸਿੰਘ ਹੁੰਦਲ, ਮੇਜਰ ਸਿੰਘ ਬਾਜਵਾ, ਜਗਜੀਤ ਸਿੰਘ ਕਾਕੜਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਜਗਦੀਸ਼ਪਾਲ ਸਿੰਘ, ਨਿਰਮਲ ਸਿੰਘ ਢੰਡੋਵਾਲ, ਜਸਵੰਤ ਸਿੰਘ ਜੱਸਾ, ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਰਣਚੇਤ ਸਿੰਘ ਕੋਟਲੀ, ਜਿੰਦਰ ਸਿੰਘ, ਅਵਤਾਰ ਸਿੰਘ, ਦਲਬੀਰ ਸਿੰਘ ਕੋਟਲੀ, ਸ਼ਰਨਜੀਤ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।